ਚੰਡੀਗੜ੍ਹ, 4 ਜੂਨ 2025: ਨਸ਼ਾ ਛੁਡਾਊ ਕੇਂਦਰਾਂ ‘ਚ ਇਲਾਜ ਲਈ ਆਉਣ ਵਾਲੇ ਲੋਕਾਂ ਦੀ ਗਿਣਤੀ ਨੂੰ ਧਿਆਨ ‘ਚ ਰੱਖਦੇ ਹੋਏ, ਪੰਜਾਬ ਸਰਕਾਰ ਇੱਕ ਵਿਸ਼ੇਸ਼ ਹੁਨਰ ਵਿਕਾਸ ਪ੍ਰੋਗਰਾਮ ਸ਼ੁਰੂ ਕਰਨ ‘ਤੇ ਵਿਚਾਰ ਕਰ ਰਹੀ ਹੈ ਤਾਂ ਜੋ ਨਸ਼ੇ ਛੱਡਣ ਵਾਲੇ ਲੋਕਾਂ (drug addicts) ਨੂੰ ਸਮਾਜ ਦੀ ਮੁੱਖ ਧਾਰਾ ‘ਚ ਵਾਪਸ ਲਿਆਂਦਾ ਜਾ ਸਕੇ।
ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਅਤੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਦੀ ਪ੍ਰਧਾਨਗੀ ਹੇਠ ਹੋਈ ਬੈਠਕ ‘ਚ ਜਿਸ ‘ਚ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੀ ਮੌਜੂਦ ਸਨ, ਇਹ ਫੈਸਲਾ ਲਿਆ ਗਿਆ ਕਿ ਨਸ਼ਿਆਂ ਦੀ ਦਲਦਲ ‘ਚੋਂ ਬਾਹਰ ਨਿਕਲੇ ਲੋਕਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਲਈ ਲੋੜੀਂਦੇ ਹੁਨਰਾਂ ਨਾਲ ਲੈਸ ਕੀਤਾ ਜਾਵੇਗਾ।
ਮੰਤਰੀ ਅਮਨ ਅਰੋੜਾ ਨੇ ਅਧਿਕਾਰੀਆਂ ਨੂੰ ਇੱਕ ਪ੍ਰੋਜੈਕਟ ਮੈਨੇਜਮੈਂਟ ਯੂਨਿਟ (ਪੀਐਮਯੂ) ਸਥਾਪਤ ਕਰਨ ਦੇ ਵੀ ਨਿਰਦੇਸ਼ ਦਿੱਤੇ ਜੋ ਨਸ਼ਾ ਛੁਡਾਊ ਇਲਾਜ ਕਰਵਾਉਣ ਵਾਲੇ ਲੋਕਾਂ ਲਈ ਹੁਨਰ ਵਿਕਾਸ ਪ੍ਰੋਗਰਾਮ ਦੀ ਨਿਗਰਾਨੀ ਕਰੇ ਤਾਂ ਜੋ ਇਨ੍ਹਾਂ ਲੋਕਾਂ ਨੂੰ ਸਮਾਜ ਦੀ ਮੁੱਖ ਧਾਰਾ ‘ਚ ਸ਼ਾਮਲ ਕੀਤਾ ਜਾ ਸਕੇ ਅਤੇ ਉਨ੍ਹਾਂ ਨੂੰ ਨਸ਼ਿਆਂ ‘ਚ ਵਾਪਸ ਜਾਣ ਤੋਂ ਰੋਕਿਆ ਜਾ ਸਕੇ।
ਅਮਨ ਅਰੋੜਾ ਨੇ ਪੰਜਾਬ ਹੁਨਰ ਵਿਕਾਸ ਮਿਸ਼ਨ (PSDM), ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਮੇਂ ਦੀ ਲੋੜ ਅਨੁਸਾਰ ਇਲਾਜ ਕੀਤੇ ਵਿਅਕਤੀਆਂ ਨੂੰ ਹੁਨਰ ਪ੍ਰਦਾਨ ਕਰਨ ਲਈ ਉਦਯੋਗਾਂ ਨਾਲ ਤਾਲਮੇਲ ਕਰਨ, ਇਸ ਤੋਂ ਇਲਾਵਾ ਅਧਿਕਾਰੀਆਂ ਨੂੰ ਡਿਪਟੀ ਕਮਿਸ਼ਨਰਾਂ, ਜ਼ਿਲ੍ਹਾ ਰੁਜ਼ਗਾਰ ਅਤੇ ਉੱਦਮ ਬਿਊਰੋ (DBEE) ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਤਾਲਮੇਲ ਕਰਨ ਲਈ ਕਿਹਾ ਤਾਂ ਜੋ ਨਸ਼ੇ ਦੇ ਆਦੀ ਵਿਅਕਤੀਆਂ ਨੂੰ ਹੁਨਰ ਪ੍ਰਦਾਨ ਕਰਨ ਦੀ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਇਆ ਜਾ ਸਕੇ।
ਅਮਨ ਅਰੋੜਾ ਨੇ ਸਬੰਧਤ ਅਧਿਕਾਰੀਆਂ ਨੂੰ ਹੁਨਰ ਵਿਕਾਸ ‘ਚ ਦਿਲਚਸਪੀ ਰੱਖਣ ਵਾਲੇ ਨਸ਼ੇ ਦੇ ਇਲਾਜ (drug addicts) ਕੀਤੇ ਵਿਅਕਤੀਆਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਢੁਕਵੇਂ ਪੇਸ਼ਿਆਂ ‘ਚ ਸਿਖਲਾਈ ਦੇਣ ਲਈ ਕਿਹਾ। ਉਨ੍ਹਾਂ ਨੇ ਮਿਸ਼ਨ ਡਾਇਰੈਕਟਰ PSDM ਨੂੰ ਹੁਨਰ ਸਿਖਲਾਈ ਪ੍ਰਾਪਤ ਕਰਨ ਵਾਲੇ ਵਿਅਕਤੀਆਂ ਦੀ ਨਿਯੁਕਤੀ ਲਈ ਯਤਨ ਕਰਨ ਦੇ ਵੀ ਨਿਰਦੇਸ਼ ਦਿੱਤੇ ਤਾਂ ਜੋ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ‘ਚ ਸ਼ਾਮਲ ਕੀਤਾ ਜਾ ਸਕੇ।
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਰਾਜ ਸਰਕਾਰ ਦਾ ਉਦੇਸ਼ ਨਸ਼ੇ ਦੇ ਆਦੀ ਵਿਅਕਤੀਆਂ ‘ਚ ਚੰਗੀਆਂ ਆਦਤਾਂ ਅਤੇ ਹੁਨਰ ਪੈਦਾ ਕਰਨਾ ਹੈ ਤਾਂ ਜੋ ਉਨ੍ਹਾਂ ਨੂੰ ਸਸ਼ਕਤ ਬਣਾਇਆ ਜਾ ਸਕੇ ਅਤੇ ਉਨ੍ਹਾਂ ਦੇ ਨਸ਼ਿਆਂ ਵੱਲ ਵਾਪਸ ਜਾਣ ਦੀ ਸੰਭਾਵਨਾ ਤੋਂ ਬਚਿਆ ਜਾ ਸਕੇ। ਉਨ੍ਹਾਂ ਕਿਹਾ ਕਿ ਮੇਰਾ ਦ੍ਰਿਸ਼ਟੀਕੋਣ ਇਲਾਜ ਅਤੇ ਨਿਸ਼ਾਨਾਬੱਧ ਹੁਨਰ ਵਿਕਾਸ ਰਾਹੀਂ ਨਸ਼ੇ ਦੇ ਆਦੀ ਲੋਕਾਂ ਨੂੰ ਉੱਦਮੀ ਬਣਾਉਣਾ ਹੈ।
Read More: ਪੰਜਾਬ ਪੁਲਿਸ ਨੇ ਪੰਜਾਬ ‘ਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਤਿਆਰ ਕੀਤਾ ਰੋਡਮੈਪ