drug smuggling

ਪੰਜਾਬ-ਹਿਮਾਚਲ ਪ੍ਰਦੇਸ਼ ਪੁਲਿਸ ਦੀ ਕਾਰਵਾਈ, ਨਸ਼ਾ ਤਸਕਰੀ ‘ਚ 346 ਜਣੇ ਗ੍ਰਿਫਤਾਰ

ਰੂਪਨਗਰ, 20 ਜੂਨ 2025: ਪੰਜਾਬ ‘ਚ ਨਸ਼ਿਆਂ ਵਿਰੁੱਧ ਚੱਲ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਰੂਪਨਗਰ ਪੁਲਿਸ ਨੂੰ ਅਹਿਮ ਸਫਲਤਾ ਮਿਲੀ ਹੈ। ਪੁਲਿਸ ਨੇ ਹੁਣ ਤੱਕ ਕੀਤੀ ਸਖ਼ਤ ਕਾਰਵਾਈ ਤਹਿਤ ਨਸ਼ਾ ਤਸਕਰੀ (Drug Smuggling) ‘ਚ 346 ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਵੱਡੀ ਮਾਤਰਾ ‘ਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ। ਮਿਲੀ ਜਾਣਕਾਰੀ ਮੁਤਾਬਕ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੀ ਪੁਲਿਸ ਇਹ ਕਾਰਵਾਈ ‘ਚ ਮਿਲ ਕੇ ਕੰਮ ਕਰ ਰਹੀ ਹੈ।

ਇਸ ਸੰਬੰਧੀ ਐਸਐਸਪੀ ਗੁਲਨੀਤ ਸਿੰਘ ਖੁਰਾਨਾ ਨੇ ਕਿਹਾ ਕਿ ‘ਆਪ੍ਰੇਸ਼ਨ ਸੀਲ’ ਤਹਿਤ ਦੋਵਾਂ ਸੂਬਿਆਂ ਦੀ ਪੁਲਿਸ ਅੰਤਰ-ਰਾਜੀ ਸਰਹੱਦਾਂ ‘ਤੇ ਸਾਂਝੀ ਚੈਕਿੰਗ ਕਰ ਰਹੀ ਹੈ। ਇਸਦਾ ਉਦੇਸ਼ ਸੂਬੇ ਦੀਆਂ ਸਰਹੱਦਾਂ ਤੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥਾਂ ਦੇ ਵਪਾਰ ਨੂੰ ਜੜ੍ਹੋਂ ਪੁੱਟਣਾ ਹੈ।

ਉਨ੍ਹਾਂ ਕਿਹਾ ਕਿ ਨਸ਼ਾ ਤਸਕਰ ਅਕਸਰ ਇੱਕ ਸੂਬੇ ਤੋਂ ਦੂਜੇ ਸੂਬੇ ‘ਚ ਨਸ਼ਿਆਂ ਨੂੰ ਆਸਾਨੀ ਨਾਲ ਪਹੁੰਚਾਉਣ ਲਈ ਸਰਹੱਦਾਂ ਦਾ ਫਾਇਦਾ ਉਠਾਉਂਦੇ ਹਨ। ਇਸ ਨੂੰ ਰੋਕਣ ਲਈ ਪੁਲਿਸ ਨੇ ਸਖ਼ਤ ਨਿਗਰਾਨੀ ਅਤੇ ਚੈਕਿੰਗ ਤੇਜ਼ ਕਰ ਦਿੱਤੀ ਹੈ।

ਐਸਐਸਪੀ ਗੁਲਨੀਤ ਸਿੰਘ ਖੁਰਾਨਾ ਨੇ ਕਿਹਾ ਕਿ 1 ਮਾਰਚ ਤੋਂ ਲੈ ਕੇ ਹੁਣ ਤੱਕ ਰੂਪਨਗਰ ਜ਼ਿਲ੍ਹੇ ‘ਚ ਐਨਡੀਪੀਐਸ ਐਕਟ ਤਹਿਤ 220 ਐਫ.ਆਈ.ਆਰ ਦਰਜ ਕੀਤੀਆਂ ਹਨ ਅਤੇ 346 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਤੋਂ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ।

ਪੁਲਿਸ ਨੇ ਕਾਰਵਾਈ ਕਰਦਿਆਂ 285 ਕਿਲੋਗ੍ਰਾਮ ਭੁੱਕੀ, 877 ਗ੍ਰਾਮ ਅਫੀਮ, 566 ਗ੍ਰਾਮ ਚਰਸ, 15,275 ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲ, 352 ਨਸ਼ੀਲੇ ਟੀਕੇ, 862 ਗ੍ਰਾਮ ਹੈਰੋਇਨ, 3 ਕਿਲੋ 228 ਗ੍ਰਾਮ ਨਸ਼ੀਲਾ ਪਾਊਡਰ, 430 ਗ੍ਰਾਮ ਗਾਂਜਾ ਅਤੇ 2,56,835 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ | ਪੁਲਿਸ ਨੇ ਕੁੱਲ 118 ਨਸ਼ੇੜੀਆਂ ਨੂੰ ਨਸ਼ਾ ਛੁਡਾਊ ਕੇਂਦਰਾਂ ‘ਚ ਦਾਖਲ ਕਰਵਾਇਆ ਹੈ |

Read More: ਪੰਜਾਬ ਪੁਲਿਸ ਦੀ ਨਸ਼ਿਆਂ ਖ਼ਿਲਾਫ ਕਾਰਵਾਈ, 132 ਜਣੇ ਨਸ਼ਾ ਤਸਕਰੀ ‘ਚ ਗ੍ਰਿਫਤਾਰ

Scroll to Top