ਫਿਰੋਜ਼ਪੁਰ, 20 ਜੂਨ 2025: ਫਿਰੋਜ਼ਪੁਰ ਦਿਹਾਤੀ ਹਲਕੇ ਦੇ ਕਸਬਾ ਮੁੱਦਕੀ ਦੀ ਨਗਰ ਕੌਂਸਲ ਸੀਮਾ ਅਧੀਨ ਆਉਂਦੇ ਹਰ ਘਰ ਨੂੰ ਪੀਣ ਵਾਲਾ ਸਾਫ਼ ਨਹਿਰੀ ਪਾਣੀ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਸਥਾਨਕ ਸਰਕਾਰਾਂ ਅਤੇ ਸੰਸਦੀ ਮਾਮਲਿਆਂ ਬਾਰੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ 14.27 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਣ ਵਾਲੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ। ਇਸ ਦੌਰਾਨ ਫਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਐਡਵੋਕੇਟ ਰਜਨੀਸ਼ ਕੁਮਾਰ ਦਹੀਆ ਅਤੇ ਜ਼ੀਰਾ ਤੋਂ ਵਿਧਾਇਕ ਨਰੇਸ਼ ਕਟਾਰੀਆ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ।
ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਤਿਆਰ ਕੀਤਾ ਜਾ ਰਿਹਾ ਇਹ ਮੈਗਾ ਪ੍ਰੋਜੈਕਟ ਮੁੱਦਕੀ ਵਾਸੀਆਂ ਲਈ ਕੁਦਰਤ ਨਾਲ ਭਰਪੂਰ ਨਹਿਰੀ ਪਾਣੀ ਦੇ ਰੂਪ ‘ਚ ਇੱਕ ਵੱਡਾ ਤੋਹਫ਼ਾ ਹੋਵੇਗਾ ਜੋ ਉਨ੍ਹਾਂ ਨੂੰ ਸਿਹਤਮੰਦ ਜੀਵਨ ਪ੍ਰਦਾਨ ਕਰੇਗਾ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ 15 ਮਹੀਨਿਆਂ ‘ਚ ਪੂਰਾ ਹੋ ਜਾਵੇਗਾ ਅਤੇ ਇਸ ਤਹਿਤ ਮੁੱਦਕੀ ਦੇ 2400 ਘਰਾਂ ਨੂੰ ਸਾਫ਼ ਪੀਣ ਵਾਲਾ ਪਾਣੀ ਮੁਹੱਈਆ ਕਰਵਾਇਆ ਜਾਵੇਗਾ।
ਉਨ੍ਹਾਂ ਕਿਹਾ ਕਿ ਅੰਮ੍ਰਿਤ ਯੋਜਨਾ ਤਹਿਤ ਬਣਾਏ ਜਾ ਰਹੇ ਇਸ ਪ੍ਰੋਜੈਕਟ ਤਹਿਤ ਹਰ ਘਰ ਨੂੰ ਪਾਣੀ ਪਹੁੰਚਾਉਣ ਲਈ ਲਗਭਗ 33.69 ਕਿਲੋਮੀਟਰ ਦੀ ਲੰਬਾਈ ‘ਚ ਪੀਣ ਵਾਲੇ ਪਾਣੀ ਦੀਆਂ ਨਵੀਆਂ ਪਾਈਪਾਂ ਵਿਛਾਈਆਂ ਜਾਣਗੀਆਂ, ਹਰ ਘਰ ਨੂੰ ਕੁਨੈਕਸ਼ਨ ਦਿੱਤੇ ਜਾਣਗੇ ਅਤੇ ਇੱਕ ਉੱਚੀ ਪਾਣੀ ਦੀ ਟੈਂਕੀ ਵੀ ਬਣਾਈ ਜਾਵੇਗੀ।
ਵਿਧਾਇਕ ਰਜਨੀਸ਼ ਕੁਮਾਰ ਦਹੀਆ ਨੇ ਕਿਹਾ ਕਿ ਉਹ ਹਮੇਸ਼ਾ ਇਲਾਕੇ ਦੀ ਤਰੱਕੀ ਅਤੇ ਲੋਕਾਂ ਦੀ ਸੇਵਾ ਲਈ ਯਤਨਸ਼ੀਲ ਰਹਿੰਦੇ ਹਨ। ਇਹ ਮੈਗਾ ਪ੍ਰੋਜੈਕਟ ਮੁੱਦਕੀ ਦੇ ਵਸਨੀਕਾਂ ਨੂੰ ਕੁਦਰਤ ਨਾਲ ਭਰਪੂਰ ਸਾਫ਼ ਨਹਿਰੀ ਪਾਣੀ ਦੇ ਰੂਪ ‘ਚ ਇੱਕ ਸਿਹਤਮੰਦ ਜੀਵਨ ਪ੍ਰਦਾਨ ਕਰੇਗਾ। ਇਸ ਤੋਂ ਪਹਿਲਾਂ ਵੀ ਮੁੱਦਕੀ ਵਿੱਚ ਲਗਭਗ 22 ਕਰੋੜ ਰੁਪਏ ਦਾ ਸੀਵਰੇਜ ਪ੍ਰੋਜੈਕਟ ਚੱਲ ਰਿਹਾ ਹੈ, ਜੋ ਕਿ ਲਗਭਗ 75% ਪੂਰਾ ਹੋ ਚੁੱਕਾ ਹੈ। ਇਸ ਦੇ ਪੂਰਾ ਹੋਣ ਤੋਂ ਬਾਅਦ ਲੋਕਾਂ ਨੂੰ ਗੰਦੇ ਪਾਣੀ ਅਤੇ ਗਲੀਆਂ ਨਾਲੀਆਂ ਦੀ ਸਮੱਸਿਆ ਤੋਂ ਰਾਹਤ ਮਿਲੇਗੀ।
Read More: ਸਾਫ਼ ਪੀਣ ਵਾਲੇ ਪਾਣੀ ਲਈ ਪੰਜਾਬ ਸਰਕਾਰ ਸ਼ੁਰੂ ਕਰੇਗੀ 315 ਕਰੋੜ ਰੁਪਏ ਦੀਆਂ ਦੋ ਯੋਜਨਾਵਾਂ