ਚੰਡੀਗੜ੍ਹ, 25 ਜੂਨ 2025: ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 2025 ਦੇ ਸਾਉਣੀ ਸੀਜ਼ਨ ਤੋਂ ਪਹਿਲਾਂ ਹੀ ਝੋਨੇ ਦੀ ਖਰੀਦ ਪ੍ਰਕਿਰਿਆ ਸੰਬੰਧੀ ਇੱਕ ਅਹਿਮ ਕਦਮ ਚੁੱਕਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਮੰਤਰੀਆਂ ਦਾ ਇੱਕ ਸਮੂਹ (GoM) ਬਣਾਇਆ ਗਿਆ ਹੈ, ਜੋ ਇਸ ਪ੍ਰਕਿਰਿਆ ਦੀ ਨਿਗਰਾਨੀ ਕਰੇਗਾ ਅਤੇ ਕਿਸਾਨਾਂ ਨੂੰ ਸਮੇਂ ਸਿਰ ਲਾਭ ਯਕੀਨੀ ਬਣਾਏਗਾ।
ਇਸ ਨਵੀਂ ਬਣੀ ਸਬ-ਕਮੇਟੀ ਦੀ ਪਹਿਲੀ ਬੈਠਕ ਮੰਗਲਵਾਰ ਨੂੰ ਚੰਡੀਗੜ੍ਹ ‘ਚ ਹੋਈ। ਇਸ ਕਮੇਟੀ ਦੀ ਅਗਵਾਈ ਸੂਬੇ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਕਰ ਰਹੇ ਹਨ। ਉਨ੍ਹਾਂ ਦੇ ਨਾਲ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ, ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਕਮੇਟੀ ‘ਚ ਸ਼ਾਮਲ ਹਨ।
ਬੈਠਕ ਤੋਂ ਬਾਅਦ ਮੀਡੀਆ ਨਾਲ ਗੱਲ ਕਰਦਿਆਂ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ, “ਸਾਡੀ ਤਰਜੀਹ ਇਹ ਯਕੀਨੀ ਬਣਾਉਣਾ ਹੈ ਕਿ ਕਿਸਾਨਾਂ ਨੂੰ ਝੋਨੇ ਦੀ ਖਰੀਦ ਪ੍ਰਕਿਰਿਆ ‘ਚ ਕੋਈ ਅਸੁਵਿਧਾ ਨਾ ਹੋਵੇ। ਇਹ ਸਬ-ਕਮੇਟੀ ਇਸ ਦਿਸ਼ਾ ‘ਚ ਇੱਕ ਠੋਸ ਯਤਨ ਹੈ। ਇਹ ਪੰਜਾਬ ਦੀ ਖੇਤੀਬਾੜੀ ਆਰਥਿਕਤਾ ਨੂੰ ਮਜ਼ਬੂਤ ਕਰਨ ਲਈ ਇੱਕ ਜ਼ਰੂਰੀ ਕਦਮ ਹੈ।
ਭਾਰਤ ਦਾ ‘ਅਨਾਜ ਭੰਡਾਰ’ ਕਹੇ ਜਾਣ ਵਾਲਾ ਪੰਜਾਬ, ਦੇਸ਼ ਦੇ ਕੇਂਦਰੀ ਅਨਾਜ ਭੰਡਾਰਾਂ ‘ਚ ਮਹੱਤਵਪੂਰਨ ਯੋਗਦਾਨ ਪਾਉਂਦਾ ਹੈ। ਜੂਨ ਤੋਂ ਅਕਤੂਬਰ ਤੱਕ ਚੱਲਣ ਵਾਲੇ ਸਾਉਣੀ ਦੇ ਸੀਜ਼ਨ ‘ਚ ਝੋਨਾ ਇੱਥੇ ਮੁੱਖ ਫਸਲ ਹੈ। ਇਹ ਪੰਜਾਬ ਦੇਸ਼ ਦੇ ਕੁੱਲ ਚੌਲਾਂ ਦੇ ਉਤਪਾਦਨ ਦਾ ਲਗਭਗ 10 ਤੋਂ 12 ਫੀਸਦੀ ਯੋਗਦਾਨ ਪਾਉਂਦਾ ਹੈ |
Read More: ਝੋਨੇ ਦੀ ਖਰੀਦ ਨੂੰ ਲੈ ਕੇ ਪੰਜਾਬ ਤੇ ਕੇਂਦਰ ਦੀ ਹੋਵੇਗੀ ਬੈਠਕ