ਬਿਕਰਮ ਸਿੰਘ ਮਜੀਠੀਆ

ਆਮਦਨ ਤੋਂ ਵੱਧ ਜਾਇਦਾਦ ਮਾਮਲਾ: ਮੋਹਾਲੀ ਅਦਾਲਤ ਨੇ ਬਿਕਰਮ ਸਿੰਘ ਮਜੀਠੀਆ ਨੂੰ 7 ਦਿਨਾਂ ਦੇ ਵਿਜੀਲੈਂਸ ਰਿਮਾਂਡ ‘ਤੇ ਭੇਜਿਆ

ਮੋਹਾਲੀ, 26 ਜੂਨ 2025: ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਗ੍ਰਿਫ਼ਤਾਰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਵਿਜੀਲੈਂਸ ਬਿਊਰੋ ਨੇ ਵੀਰਵਾਰ ਨੂੰ ਮੋਹਾਲੀ ਅਦਾਲਤ ‘ਚ ਪੇਸ਼ ਕੀਤਾ। ਇਸ ਦੌਰਾਨ ਮੋਹਾਲੀ ਅਦਾਲਤ ਨੇ ਬਿਕਰਮ ਸਿੰਘ ਮਜੀਠੀਆ ਨੂੰ ਸੱਤ ਦਿਨਾਂ ਦੇ ਵਿਜੀਲੈਂਸ ਰਿਮਾਂਡ ‘ਤੇ ਭੇਜ ਦਿੱਤਾ ਹੈ।

ਵਿਜੀਲੈਂਸ ਨੇ ਅੱਜ ਮਜੀਠੀਆ ਨੂੰ ਅਦਾਲਤ ‘ਚ ਪੇਸ਼ ਕਰਕੇ 12 ਦਿਨ ਦੀ ਰਿਮਾਂਡ ਦੀ ਮੰਗ ਕੀਤੀ ਸੀ, ਪਰ ਅਦਾਲਤ ਨੇ ਸੱਤ ਦਿਨਾਂ ਦੇ ਰਿਮਾਂਡ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਦੇ ਨਾਲ ਹੀ ਪ੍ਰਾਪਤ ਜਾਣਕਾਰੀ ਮੁਤਾਬਕ ਮਜੀਠੀਆ ਨੂੰ 2 ਜੁਲਾਈ ਨੂੰ ਦੁਬਾਰਾ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ।

ਜਿਕਰਯੋਗ ਹੈ ਕਿ ਮਜੀਠੀਆ ਦੀ ਅਦਾਲਤ ‘ਚ ਪੇਸ਼ੀ ਦੇ ਮੱਦੇਨਜ਼ਰ, ਜ਼ਿਲ੍ਹਾ ਅਦਾਲਤ ਕੰਪਲੈਕਸ ਨੂੰ ਪੁਲਿਸ ਛਾਉਣੀ ‘ਚ ਤਬਦੀਲ ਕਰ ਦਿੱਤਾ ਗਿਆ ਸੀ। ਬੁੱਧਵਾਰ ਨੂੰ ਹਿਰਾਸਤ ‘ਚ ਲੈਣ ਤੋਂ ਬਾਅਦ, ਉਨ੍ਹਾਂ ਨੂੰ ਫੇਜ਼-8 ਸਥਿਤ ਵਿਜੀਲੈਂਸ ਬਿਊਰੋ ਦੇ ਮੁੱਖ ਦਫਤਰ ਲਿਆਂਦਾ ਗਿਆ ਸੀ। ਪੁੱਛਗਿੱਛ ਤੋਂ ਬਾਅਦ, ਮਜੀਠੀਆ ਨੂੰ ਮੋਹਾਲੀ ਅਦਾਲਤ ‘ਚ ਪੇਸ਼ ਕੀਤਾ ਗਿਆ। ਮੋਹਾਲੀ ਅਦਾਲਤ ਦੇ ਦੋਵੇਂ ਗੇਟਾਂ ‘ਤੇ ਬੈਰੀਕੇਡਿੰਗ ਕੀਤੀ ਗਈ ਸੀ।

ਕੀ ਹੈ ਪੂਰਾ ਮਾਮਲਾ ?

ਵਿਜੀਲੈਂਸ ਮੁਤਾਬਕ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਸ ਮਾਮਲੇ ‘ਚ 540 ਕਰੋੜ ਰੁਪਏ ਤੋਂ ਵੱਧ ਦੀ ਡਰੱਗ ਮਨੀ ਦਾ ਕਈ ਗੈਰ-ਕਾਨੂੰਨੀ ਤਰੀਕਿਆਂ ਨਾਲ ਲੈਣ-ਦੇਣ ਕੀਤਾ ਗਿਆ | ਜਿਨ੍ਹਾਂ ਸੰਬੰਧੀ ਵੇਰਵੇ ਹੇਠ ਲਿਖੇ ਅਨੁਸਾਰ ਹੈ |

1. ਬਿਕਰਮ ਮਜੀਠੀਆ ਦੇ ਕੰਟਰੋਲ ਵਾਲੀਆਂ ਕੰਪਨੀਆਂ ਦੇ ਬੈਂਕ ਖਾਤਿਆਂ ‘ਚ ਜਮ੍ਹਾਂ 161 ਕਰੋੜ ਰੁਪਏ ਦੀ ਵੱਡੀ ਬੇਹਿਸਾਬੀ ਨਕਦੀ |
2. 141 ਕਰੋੜ ਰੁਪਏ ਦਾ ਸ਼ੱਕੀ ਵਿਦੇਸ਼ੀ ਸੰਸਥਾਵਾਂ ਰਾਹੀਂ ਲੈਣ-ਦੇਣ
3. ਕੰਪਨੀ ਦੇ ਵਿੱਤੀ ਵੇਰਵਿਆਂ (ਸਟੇਟਮੈਂਟਾਂ) ‘ਚ ਬਿਨਾਂ ਕਿਸੇ ਜਾਣਕਾਰੀ/ਸਪੱਸ਼ਟੀਕਰਨ ਦੇ 236 ਕਰੋੜ ਰੁਪਏ ਦੀ ਵਾਧੂ ਜਮ੍ਹਾਂ ਰਾਸ਼ੀ |
4. ਬਿਕਰਮ ਸਿੰਘ ਮਜੀਠੀਆ ਵੱਲੋਂ ਆਮਦਨ ਦੇ ਕਿਸੇ ਜਾਇਜ਼ ਸਰੋਤ ਤੋਂ ਬਿਨਾਂ ਚੱਲ/ਅਚੱਲ ਜਾਇਦਾਦ ਦੀ ਪ੍ਰਾਪਤੀ ਸ਼ਾਮਲ ਹੈ |

ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਮੁਤਾਬਕ ਵਿਜੀਲੈਂਸ ਬਿਊਰੋ ਨੇ ਪੁਲਿਸ ਥਾਣਾ ਪੰਜਾਬ ਸਟੇਟ ਕ੍ਰਾਈਮ ਐਸਏਐਸ ਨਗਰ ਵਿਖੇ ਐਨ.ਡੀ.ਪੀ.ਐਸ ਐਕਟ 1985 ਦੀ ਧਾਰਾ 25, 27-ਏ ਅਤੇ 29 ਤਹਿਤ ਦਰਜ ਐਫ.ਆਈ.ਆਰ ਨੰਬਰ-2 ਮਿਤੀ 20ਦਸੰਬਰ 2021 ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ (SIT) ਦੀ ਰਿਪੋਰਟ ਦੇ ਆਧਾਰ ‘ਤੇ ਮਾਮਲਾ ਦਰਜ ਕੀਤਾ ਗਿਆ ਹੈ |

Read More: Breaking: ਬਿਕਰਮ ਸਿੰਘ ਮਜੀਠੀਆ ਦੀ ਪੇਸ਼ੀ ! ਅਦਾਲਤ ‘ਚ ਕੀਤਾ ਜਾਵੇਗਾ ਪੇਸ਼

Scroll to Top