ਪੰਜਾਬ, 12 ਜੁਲਾਈ 2025: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਧਾਨ ਸਭਾ ਸ਼ੈਸ਼ਨ ਦੌਰਾਨ ਕਾਂਗਰਸ ਅਤੇ ਭਾਜਪਾ ਦੋਵਾਂ ‘ਤੇ ਪਿਛਲੇ ਕੁਝ ਦਹਾਕਿਆਂ ਤੋਂ ਉਨ੍ਹਾਂ ਦੀਆਂ ਫੁੱਟ ਪਾਊ ਨੀਤੀਆਂ ਲਈ ਤਿੱਖਾ ਹਮਲਾ ਬੋਲਿਆ | ਮੁੱਖ ਮੰਤਰੀ ਕਿਹਾ ਕਿ ਜੇਕਰ ਇਹ ਪਾਰਟੀਆਂ ਦੇਸ਼ ਲਈ ਇਮਾਨਦਾਰੀ ਨਾਲ ਕੰਮ ਕਰਨ ਤਾਂ ਸਾਡਾ ਦੇਸ਼ ਹਰ ਖੇਤਰ ‘ਚ ਬੇਮਿਸਾਲ ਤਰੱਕੀ ਦੇਖ ਸਕਦਾ ਹੈ।
ਇਸ ਦੌਰਾਨ ਡੈਮਾਂ ‘ਤੇ ਸੀਆਈਐਸਐਫ ਦੀ ਤਾਇਨਾਤੀ ਵਿਰੁੱਧ ਪੰਜਾਬ ਵਿਧਾਨ ਸਭਾ ‘ਚ ਪੇਸ਼ ਕੀਤੇ ਮਤੇ ‘ਤੇ ਬਹਿਸ ਵਿੱਚ ਹਿੱਸਾ ਲੈਂਦੇ ਹੋਏ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਨ੍ਹਾਂ ਰਾਜਨੀਤਿਕ ਪਾਰਟੀਆਂ ਨੇ ਲੋਕਾਂ ਨੂੰ ਤੰਗ, ਖੇਤਰੀ, ਭਾਸ਼ਾਈ, ਸੰਪਰਦਾਇਕ ਅਤੇ ਹੋਰ ਆਧਾਰਾਂ ‘ਤੇ ਵੰਡਿਆ ਹੈ, ਜਿਸ ਕਾਰਨ ਸੂਬੇ ਇੱਕ ਦੂਜੇ ਨਾਲ ਟਕਰਾਅ ਦੀ ਸਥਿਤੀ ‘ਚ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਦਾ ਇੱਕੋ ਇੱਕ ਉਦੇਸ਼ ਅਜਿਹੇ ਗਲਤ ਕੰਮਾਂ ਰਾਹੀਂ ਰਾਜਨੀਤਿਕ ਸੱਤਾ ਹਾਸਲ ਕਰਨਾ ਹੈ, ਜਿਸ ਨਾਲ ਦੇਸ਼ ਅਤੇ ਸੂਬਿਆਂ ਨੂੰ ਨਾ ਪੂਰਾ ਹੋਣ ਵਾਲਾ ਨੁਕਸਾਨ ਹੋਇਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਮੋਦੀ ਯੂਕਰੇਨ ਅਤੇ ਰੂਸ ਵਿਚਕਾਰ ਜੰਗ ਨੂੰ ਖਤਮ ਕਰ ਸਕਦੇ ਹਨ, ਜਿਵੇਂ ਕਿ ਉਨ੍ਹਾਂ ਦੇ ਮੀਡੀਆ ਦੁਆਰਾ ਪ੍ਰਚਾਰਿਆ ਜਾ ਰਿਹਾ ਹੈ, ਤਾਂ ਫਿਰ ਉਨ੍ਹਾਂ ਨੂੰ ਪੰਜਾਬ ਅਤੇ ਹਰਿਆਣਾ ਵਿਚਕਾਰ ਸੁਹਾਵਣਾ ਮਾਹੌਲ ਯਕੀਨੀ ਬਣਾਉਣ ਤੋਂ ਕੌਣ ਰੋਕ ਰਿਹਾ ਹੈ? ਉਨ੍ਹਾਂ ਕਿਹਾ ਕਿ ਦੋਵਾਂ ਸੂਬਿਆਂ ਦੇ ਰਿਸ਼ਤੇ ਭਰਾਵਾਂ ਵਰਗੇ ਹਨ ਅਤੇ ਉਹ ਕੇਂਦਰੀ ਅਨਾਜ ਪੂਲ ‘ਚ 70 ਪ੍ਰਤੀਸ਼ਤ ਤੋਂ ਵੱਧ ਯੋਗਦਾਨ ਪਾਉਂਦੇ ਹਨ, ਪਰ ਇਹ ਦੋਵੇਂ ਪਾਰਟੀਆਂ ਜੋ ਪਿਛਲੇ ਕੁਝ ਸਾਲਾਂ ਤੋਂ ਪੰਜਾਬ ਅਤੇ ਹਰਿਆਣਾ ‘ਚ ਸੱਤਾ ‘ਚ ਹਨ, ਨੇ ਦੋਵਾਂ ਸੂਬਿਆਂ ‘ਚ ਮਤਭੇਦ ਪੈਦਾ ਕਰਨ ‘ਚ ਕੋਈ ਕਸਰ ਨਹੀਂ ਛੱਡੀ ਜਿਸ ਦੀ ਆੜ’ਚ ਉਹ ਸੱਤਾ ਦਾ ਆਨੰਦ ਮਾਣ ਰਹੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਵਿਸ਼ਵ ਗੁਰੂ ਬਣਨ ਦੇ ਚਾਹਵਾਨ ਹਨ ਪਰ ਉਨ੍ਹਾਂ ਨੂੰ ਸੂਬੇ ਦੇ ਮਾਮਲਿਆਂ ਦੀ ਕੋਈ ਚਿੰਤਾ ਨਹੀਂ ਹੈ ਅਤੇ ਇਸ ਰਵੱਈਏ ਕਾਰਨ ਨਾਗਰਿਕਾਂ ਦੇ ਬੁਨਿਆਦੀ ਮੁੱਦੇ ਪੂਰੀ ਤਰ੍ਹਾਂ ਪਾਸੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਹਿਲਗਾਮ ਹਮਲੇ ਤੋਂ ਪਹਿਲਾਂ ਬਣੀ ਇੱਕ ਫਿਲਮ ਨੂੰ ਭਾਰਤ ‘ਚ ਰਿਲੀਜ਼ ਨਹੀਂ ਹੋਣ ਦਿੱਤਾ ਜਾ ਰਿਹਾ ਸੀ ਪਰ ਪ੍ਰਧਾਨ ਮੰਤਰੀ ਕਿਸੇ ਵੀ ਸਮੇਂ ਪਾਕਿਸਤਾਨ ਜਾ ਸਕਦੇ ਹਨ ਅਤੇ ‘ਬਿਰਯਾਨੀ’ ਖਾ ਸਕਦੇ ਹਨ। ਭਗਵੰਤ ਮਾਨ ਨੇ ਕਿਹਾ ਕਿ ਇੱਕ ਪਾਸੇ ਪ੍ਰਧਾਨ ਮੰਤਰੀ ਵਿਦੇਸ਼ੀ ਦੌਰਿਆਂ ‘ਤੇ ਸਨ, ਪਰ ਉਹ ਹਮੇਸ਼ਾ ਆਪਣੇ ਦੇਸ਼ ਦੇ 140 ਕਰੋੜ ਭਾਰਤੀਆਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ‘ਚ ਅਸਫਲ ਰਹੇ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਕੋਲ 10,000 ਤੋਂ ਘੱਟ ਆਬਾਦੀ ਵਾਲੇ ਦੇਸ਼ਾਂ ਤੋਂ ਵਿਦੇਸ਼ੀ ਸਨਮਾਨ ਪ੍ਰਾਪਤ ਕਰਨ ਦਾ ਸਮਾਂ ਹੈ ਪਰ ਦੇਸ਼ ਦੇ ਮਹੱਤਵਪੂਰਨ ਮੁੱਦਿਆਂ ‘ਤੇ ਧਿਆਨ ਦੇਣ ਦਾ ਸਮਾਂ ਨਹੀਂ ਸੀ।
ਮੁੱਖ ਮੰਤਰੀ ਨੇ ਕਿਹਾ ਕਿ ਪਾਣੀ ਦਾ ਮੁੱਦਾ ਸੂਬੇ ਅਤੇ ਇਸ ਦੇ ਲੋਕਾਂ ਲਈ ਇੱਕ ਭਾਵਨਾਤਮਕ ਮੁੱਦਾ ਹੈ ਅਤੇ ਪੰਜਾਬ ਸਰਕਾਰ ਪਾਣੀ ਦੀ ਹਰ ਕੀਮਤੀ ਬੂੰਦ ਨੂੰ ਬਚਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬੇ ‘ਚ ਪਾਣੀ ਦੀ ਗਾਥਾ 1955 ‘ਚ ਸ਼ੁਰੂ ਹੋਈ ਸੀ ਪਰ ਬਦਕਿਸਮਤੀ ਨਾਲ ਪਾਣੀ ਦਾ ਕੋਈ ਮੁਲਾਂਕਣ ਨਹੀਂ ਹੋਇਆ ਜੋ ਹਰ 25 ਸਾਲਾਂ ਬਾਅਦ ਕੀਤਾ ਜਾਣਾ ਚਾਹੀਦਾ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਰਤ ਸਰਕਾਰ ਦੇ ਸਿੰਧੂ ਜਲ ਸੰਧੀ ਨੂੰ ਮੁਅੱਤਲ ਕਰਨ ਦੇ ਹਾਲੀਆ ਫੈਸਲੇ ਨੇ ਪੱਛਮੀ ਦਰਿਆਵਾਂ (ਸਿੰਧੂ, ਜੇਹਲਮ, ਚਨਾਬ, ਉੱਜ, ਕਸ਼ਮੀਰ ਦਰਿਆ) ਦੇ ਹੋਰ ਪਾਣੀ ਦੀ ਵਰਤੋਂ ਕਰਨ ਦਾ ਅਧਿਕਾਰ ਦੂਜੇ ਸੂਬਿਆਂ ਨੂੰ ਦੇ ਦਿੱਤਾ ਹੈ, ਬਿਨਾਂ ਪੰਜਾਬ ਨੂੰ ਵਾਧੂ ਪਾਣੀ ਦੀ ਵੰਡ ‘ਤੇ ਵਿਚਾਰ ਕੀਤੇ, ਜੋ ਕਿ ਸੂਬੇ ਦਾ ਅਧਿਕਾਰ ਹੈ।
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਸ ਨਾਲ ਪੰਜਾਬ ਲਈ 23 ਐਮਏਐਫ ਵਾਧੂ ਪਾਣੀ ਯਕੀਨੀ ਬਣਾਇਆ ਜਾ ਸਕਦਾ ਹੈ, ਜੋ ਸੂਬੇ ਅਤੇ ਇਸਦੇ ਕਿਸਾਨਾਂ ਦੀਆਂ ਪਾਣੀ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ‘ਚ ਮੱਦਦ ਕਰੇਗਾ। ਉਨ੍ਹਾਂ ਕਿਹਾ ਕਿ ਪੱਛਮੀ ਦਰਿਆਵਾਂ ਦਾ ਪਾਣੀ ਪਹਿਲ ਦੇ ਆਧਾਰ ‘ਤੇ ਪੰਜਾਬ ਨੂੰ ਅਲਾਟ ਕੀਤਾ ਜਾਣਾ ਚਾਹੀਦਾ ਹੈ ਅਤੇ ਹਿਮਾਚਲ ਪ੍ਰਦੇਸ਼ ‘ਚ ਮੌਜੂਦਾ ਭਾਖੜਾ ਅਤੇ ਪੌਂਗ ਡੈਮਾਂ ਤੋਂ ਉੱਪਰ ਨਵੇਂ ਸਟੋਰੇਜ ਡੈਮ ਬਣਾਏ ਜਾਣੇ ਚਾਹੀਦੇ ਹਨ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਪੱਛਮੀ ਦਰਿਆ ਦੇ ਪਾਣੀ ਦੇ ਭੰਡਾਰਨ ਅਤੇ ਨਿਯੰਤਰਣ ‘ਚ ਕਾਫ਼ੀ ਵਾਧਾ ਹੋਵੇਗਾ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਨੂੰ ਢੁਕਵਾਂ ਮੁਆਵਜ਼ਾ ਦੇਣਾ ਸਮੇਂ ਦੀ ਲੋੜ ਹੈ, ਜਿਸਨੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਸਵੈ-ਨਿਰਭਰ ਬਣਾਉਣ ਲਈ ਪਾਣੀ ਅਤੇ ਉਪਜਾਊ ਜ਼ਮੀਨ ਵਰਗੇ ਕੀਮਤੀ ਕੁਦਰਤੀ ਸਰੋਤਾਂ ਦੀ ਕੁਰਬਾਨੀ ਦਿੱਤੀ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਭਾਖੜਾ ਬਿਆਸ ਪ੍ਰਬੰਧਨ ਬੋਰਡ (BBMB) ਸੂਬੇ ਲਈ ਚਿੱਟਾ ਹਾਥੀ ਬਣ ਗਿਆ ਹੈ ਅਤੇ ਇਸ ਨੂੰ ਮੁੜ ਗਠਿਤ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਬੀਬੀਐਮਬੀ ਵਿੱਚ 60 ਪ੍ਰਤੀਸ਼ਤ ਹਿੱਸਾ ਹੈ ਪਰ ਇਹ ਹਮੇਸ਼ਾ ਸੂਬੇ ਦੇ ਹਿੱਤਾਂ ਦੇ ਵਿਰੁੱਧ ਕੰਮ ਕਰਦਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਬੋਰਡ ਪੰਜਾਬ ਸਰਕਾਰ ਤੋਂ ਫੰਡ ਲੈਂਦਾ ਰਹਿੰਦਾ ਹੈ ਅਤੇ ਇਸ ਵਿਰੁੱਧ ਕੇਸ ਦਰਜ ਕਰਦਾ ਰਹਿੰਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪੂਰੀ ਤਰ੍ਹਾਂ ਬੇਇਨਸਾਫ਼ੀ ਅਤੇ ਅਸਵੀਕਾਰਨਯੋਗ ਹੈ |
ਕੇਂਦਰ ਸਰਕਾਰ ਵੱਲੋਂ ਸੂਬੇ ਦੇ ਡੈਮਾਂ ‘ਤੇ ਸੀ.ਆਈ.ਐਸ.ਐਫ. ਤਾਇਨਾਤ ਕਰਨ ਦੇ ਕਦਮ ਦਾ ਸਖ਼ਤ ਵਿਰੋਧ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਫੈਸਲੇ ਮੁਤਾਬਕ ਭਾਖੜਾ ਡੈਮ ‘ਤੇ ਸੀ.ਆਈ.ਐਸ.ਐਫ. ਜਵਾਨ ਤਾਇਨਾਤ ਕੀਤੇ ਜਾਣਗੇ, ਜਿਸ ਲਈ ਪੰਜਾਬ ਨੂੰ ਲਗਭਗ 9 ਕਰੋੜ ਰੁਪਏ ਖਰਚ ਦੇਣਾ ਪਵੇਗਾ । ਭਗਵੰਤ ਮਾਨ ਨੇ ਕਿਹਾ ਕਿ ਜਦੋਂ ਪੰਜਾਬ ਪੁਲਿਸ ਪਹਿਲਾਂ ਹੀ ਡੈਮ ਦੀ ਸੁਰੱਖਿਆ ਮੁਫ਼ਤ ‘ਚ ਯਕੀਨੀ ਬਣਾ ਰਹੀ ਹੈ, ਤਾਂ ਅਸੀਂ ਇਹ ਪੈਸਾ ਬੀਬੀਐਮਬੀ ਨੂੰ ਕਿਉਂ ਦੇਈਏ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਸਰਹੱਦਾਂ ਦੀ ਰੱਖਿਆ ਕਰ ਸਕਦੇ ਹਾਂ ਤਾਂ ਅਸੀਂ ਡੈਮਾਂ ਦੀ ਵੀ ਰੱਖਿਆ ਕਰ ਸਕਦੇ ਹਾਂ।
ਮੁੱਖ ਮੰਤਰੀ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਅੰਤਰਰਾਸ਼ਟਰੀ ਸਰਹੱਦ ਦੇ ਨਾਲ ਲੱਗਦੇ ਹੋਣ ਕਰਕੇ, ਪੰਜਾਬ ਦੇਸ਼ ਲਈ ਅੱਤਵਾਦ ਅਤੇ ਨਸ਼ਿਆਂ ਵਿਰੁੱਧ ਲੜਨ ‘ਚ ਹਮੇਸ਼ਾ ਮੋਹਰੀ ਰਿਹਾ ਹੈ, ਪਰ ਇਹ ਬਹੁਤ ਮੰਦਭਾਗਾ ਹੈ ਕਿ ਸੂਬੇ ਨੂੰ ਨੀਮ ਫੌਜੀ ਬਲਾਂ ਦੀ ਤਾਇਨਾਤੀ ਕਰਕੇ ਭਾਰੀ ਖਰਚਾ ਚੁੱਕਣ ਲਈ ਮਜਬੂਰ ਕੀਤਾ ਜਾਂਦਾ ਹੈ। ਇੱਕ ਉਦਾਹਰਣ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਦੀਨਾਨਗਰ (ਪਠਾਨਕੋਟ) ‘ਚ ਹੋਏ ਅੱ.ਤ.ਵਾ.ਦੀ ਹਮਲੇ ਤੋਂ ਬਾਅਦ ਭਾਰਤ ਸਰਕਾਰ ਨੇ ਹਮਲੇ ਦੌਰਾਨ ਨੀਮ ਫੌਜੀ ਬਲ ਭੇਜਣ ਲਈ ਪੰਜਾਬ ਤੋਂ 7.5 ਕਰੋੜ ਰੁਪਏ ਮੰਗੇ ਸਨ। ਸੀਐੱਮ ਭਗਵੰਤ ਮਾਨ ਨੇ ਕਿਹਾ ਕਿ ਇਹ ਮੰਦਭਾਗਾ ਅਤੇ ਤਰਕਹੀਣ ਹੈ |
ਮੁੱਖ ਮੰਤਰੀ ਨੇ ਕੇਂਦਰ ਸਰਕਾਰ ਦੀ ਸਖ਼ਤ ਆਲੋਚਨਾ ਕਰਦਿਆਂ ਕਿਹਾ ਕਿ ਪੰਜਾਬ ਨੇ ਸਰਹੱਦਾਂ ਦੀ ਰਾਖੀ ਕਰਨ ਅਤੇ ਦੇਸ਼ ਨੂੰ ਅਨਾਜ ਉਤਪਾਦਨ ‘ਚ ਆਤਮ ਨਿਰਭਰ ਬਣਾਉਣ ‘ਚ ਮੋਹਰੀ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਜਾਂ ਤਾਂ ਸਾਨੂੰ ‘ਗੱਦਾਰ’ ਕਿਹਾ ਜਾਂਦਾ ਹੈ ਜੋ ਕਿ ਬਹੁਤ ਹੀ ਅਪਮਾਨਜਨਕ ਅਤੇ ਅਸਹਿਣਯੋਗ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਅਧਿਕਾਰਾਂ ਨੂੰ ਸ਼ਰੇਆਮ ਅਣਦੇਖਿਆ ਕੀਤਾ ਜਾ ਰਿਹਾ ਹੈ ਅਤੇ ਵਿਰੋਧੀ ਪਾਰਟੀਆਂ ਵੱਲੋਂ ਸੱਤਾਧਾਰੀ ਸੂਬਿਆਂ, ਖਾਸ ਕਰਕੇ ਪੰਜਾਬ ਦੀ ਸ਼ਾਂਤੀ ਭੰਗ ਕਰਨ ਲਈ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਲੋਕਾਂ ਨੇ ਪਿਛਲੇ ਛੇ ਦਹਾਕਿਆਂ ਤੋਂ ਵੱਧ ਸਮੇਂ ਤੋਂ ਇਸ ਗੰਭੀਰ ਅਤੇ ਭਾਵਨਾਤਮਕ ਮੁੱਦੇ ‘ਤੇ ਲੋਕਾਂ ਨੂੰ ਗੁੰਮਰਾਹ ਕੀਤਾ ਹੈ ਅਤੇ ਪੰਜਾਬ ਵਿਰੋਧੀ ਤਾਕਤਾਂ ਨਾਲ ਮਿਲ ਕੇ ਸੂਬੇ ਦੇ ਪਾਣੀ ਨੂੰ ਲੁੱਟਿਆ ਹੈ। ਉਨ੍ਹਾਂ ਕਿਹਾ ਕਿ ਲੋਕ ਚੰਗੀ ਤਰ੍ਹਾਂ ਜਾਣਦੇ ਹਨ ਕਿ ਐਸਵਾਈਐਲ ਸਰਵੇਖਣ ਕਿਸਨੇ ਕਰਵਾਇਆ ਸੀ ਜਾਂ ਚਾਂਦੀ ਦੀ ਕਹੀ ਨਾਲ ਨਹਿਰ ਦਾ ਨੀਂਹ ਪੱਥਰ ਕਿਸਨੇ ਰੱਖਿਆ ਸੀ।