ਸੁਲਤਾਨਪੁਰ ਲੋਧੀ (ਕਪੂਰਥਲਾ), 16 ਜੁਲਾਈ 2025: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਅਤੇ ਵਾਤਾਵਰਣ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਪ੍ਰਣ ਲੈਣ ਦਾ ਸੱਦਾ ਦਿੱਤਾ।
ਪਵਿੱਤਰ ਕਾਲੀ ਵੇਈਂ ਦੀ ਸਫਾਈ ਦੀ 25ਵੀਂ ਵਰ੍ਹੇਗੰਢ ਮੌਕੇ ਕਰਵਾਏ ਸਮਾਗਮ ‘ਚ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਪੰਜਾਬ ਨੂੰ ਦਰਿਆਵਾਂ ਦੀ ਧਰਤੀ ਵਜੋਂ ਜਾਣਿਆ ਜਾਂਦਾ ਹੈ, ਪਰ ਇਸ ਵੇਲੇ ਸੂਬਾ ਪਾਣੀ ਦੇ ਗੰਭੀਰ ਸੰਕਟ ਦਾ ਸਾਹਮਣਾ ਕਰ ਰਿਹਾ ਹੈ, ਜਿਸ ਲਈ ਪਾਣੀ ਦੀ ਸੰਭਾਲ ਇੱਕ ਵੱਡੀ ਚੁਣੌਤੀ ਬਣ ਗਈ ਹੈ।
ਉਨ੍ਹਾਂ ਕਿਹਾ ਕਿ ਸੱਤਾ ਸੰਭਾਲਣ ਤੋਂ ਬਾਅਦ ਸਾਡੀ ਸਰਕਾਰ ਨੇ ਸੂਬੇ ਭਰ ‘ਚ 15,947 ਖਾਲਾਂ ਅਤੇ ਕੱਸੀਆਂ ਦਾ ਨਵੀਨੀਕਰਨ ਕੀਤਾ ਹੈ, ਜਿਸ ਕਾਰਨ ਪਾਣੀ ਦੂਰ-ਦੁਰਾਡੇ ਦੇ ਪਿੰਡਾਂ ਤੱਕ ਪਹੁੰਚ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਜਦੋਂ ਉਨ੍ਹਾਂ ਨੇ ਅਹੁਦਾ ਸੰਭਾਲਿਆ ਸੀ, ਤਾਂ ਪੰਜਾਬ ‘ਚ ਸਿੰਚਾਈ ਲਈ ਸਿਰਫ਼ 21 ਪ੍ਰਤੀਸ਼ਤ ਨਹਿਰੀ ਪਾਣੀ ਦੀ ਵਰਤੋਂ ਕੀਤੀ ਜਾ ਰਹੀ ਸੀ।
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਅੱਜ ਮੈਨੂੰ ਮਾਣ ਹੈ ਕਿ ਹੁਣ 63 ਪ੍ਰਤੀਸ਼ਤ ਨਹਿਰੀ ਪਾਣੀ ਸਿੰਚਾਈ ਲਈ ਵਰਤਿਆ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਪਾਣੀ ਅਤੇ ਵਾਤਾਵਰਣ ਸੰਭਾਲ ਨੂੰ ਇੱਕ ਜਨ ਲਹਿਰ ‘ਚ ਬਦਲਣ ਲਈ ਸੂਬਾ ਸਰਕਾਰ ਨਾਲ ਮੋਢੇ ਨਾਲ ਮੋਢਾ ਜੋੜ ਕੇ ਚੱਲਣ ਦੀ ਅਪੀਲ ਕੀਤੀ। ਭਗਵੰਤ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਮਹੱਤਵਪੂਰਨ ਕਾਰਜ ਲਈ ਲੋਕਾਂ ਦੇ ਸਰਗਰਮ ਅਤੇ ਪੂਰੇ ਸਹਿਯੋਗ ਦੀ ਲੋੜ ਹੈ।
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਉਹ ਭਾਗਸ਼ਾਲੀ ਹਨ ਕਿ ਉਨ੍ਹਾਂ ਨੂੰ ਇਸ ਪਵਿੱਤਰ ਧਰਤੀ ‘ਤੇ ਸ਼ਰਧਾ ਭੇਟ ਕਰਨ ਦਾ ਮੌਕਾ ਮਿਲਿਆ ਜਿਸ ਨੂੰ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨਾਂ ਦੀ ਬਖਸ਼ਿਸ਼ ਪ੍ਰਾਪਤ ਹੋਈ ਸੀ। ਉਨ੍ਹਾਂ ਇਕੱਠ ਨੂੰ ਯਾਦ ਦਿਵਾਇਆ ਕਿ ਪਹਿਲੀ ਪਾਤਸ਼ਾਹੀ ਨੇ ਇੱਥੇ ਸਾਰੀ ਮਨੁੱਖਤਾ ਲਈ ਮੂਲ ਮੰਤਰ ਦਾ ਉਚਾਰਨ ਕੀਤਾ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਗੁਰੂ ਸਾਹਿਬ ਨੇ ਇਸ ਪਵਿੱਤਰ ਸ਼ਹਿਰ ‘ਚ ਲਗਭਗ 14 ਸਾਲ ਬਿਤਾਏ ਅਤੇ ਇਹ ਮੇਰੇ ਲਈ ਮਾਣ ਵਾਲੀ ਗੱਲ ਹੈ ਕਿ ਮੈਨੂੰ ਪਵਿੱਤਰ ਕਾਲੀ ਵੇਈਂ ਦੀ ਕਾਰ ਸੇਵਾ ਦੀ 25ਵੀਂ ਵਰ੍ਹੇਗੰਢ ਵਿੱਚ ਹਿੱਸਾ ਲੈਣ ਦਾ ਮੌਕਾ ਮਿਲਿਆ।
ਮੁੱਖ ਮੰਤਰੀ ਨੇ ਕਿਹਾ ਕਿ 165 ਕਿਲੋਮੀਟਰ ਲੰਬੀ ਕਾਲੀ ਵੇਈਂ ਦੀ ਸਫਾਈ ਦਾ ਵਿਸ਼ਾਲ ਯਤਨ ਇਤਿਹਾਸ ‘ਚ ਸੁਨਹਿਰੀ ਅੱਖਰਾਂ ‘ਚ ਦਰਜ ਹੈ। ਉਨ੍ਹਾਂ ਕਿਹਾ ਕਿ ਇਸ ਮਿਸਾਲੀ ਪਹਿਲਕਦਮੀ ਨੇ ਦੁਨੀਆ ਨੂੰ ਹਵਾ ਅਤੇ ਪਾਣੀ ਬਚਾਉਣ ਦੀ ਮਹੱਤਤਾ ਬਾਰੇ ਇੱਕ ਮਜ਼ਬੂਤ ਸੰਦੇਸ਼ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਸੰਤ ਬਲਵੀਰ ਸਿੰਘ ਸੀਚੇਵਾਲ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਉਨ੍ਹਾਂ ਨੇ 16 ਜੁਲਾਈ, 2000 ਨੂੰ ਗੁਰਦੁਆਰਾ ਸ਼੍ਰੀ ਬੇਰ ਸਾਹਿਬ ਤੋਂ ਅਰਦਾਸ ਨਾਲ ਕਾਰ ਸੇਵਾ ਸ਼ੁਰੂ ਕੀਤੀ ਸੀ।
Read More: ਨਸ਼ੇ ਦੇ ਅਪਰਾਧਾਂ ‘ਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਨਹੀਂ ਬਖਸ਼ੇਗੀ ਪੰਜਾਬ ਸਰਕਾਰ: CM ਮਾਨ