ਬਿਕਰਮ ਮਜੀਠੀਆ

ਬਿਕਰਮ ਮਜੀਠੀਆ ਦੀ ਨਿਆਂਇਕ ਹਿਰਾਸਤ ਖਤਮ ਹੋਣ ਉਪਰੰਤ ਅੱਜ ਮੋਹਾਲੀ ਅਦਾਲਤ ‘ਚ ਪੇਸ਼ੀ

ਮੋਹਾਲੀ, 19 ਜੁਲਾਈ 2025: ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਘਿਰੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੱਜ 14 ਦਿਨਾਂ ਦੀ ਨਿਆਂਇਕ ਹਿਰਾਸਤ ਖਤਮ ਹੋਣ ਉਪਰੰਤ ਮੋਹਾਲੀ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ। ਮਜੀਠੀਆ ਇਸ ਸਮੇਂ ਨਾਭਾ ਜੇਲ੍ਹ ‘ਚ ਬੰਦ ਹਨ।

ਜਿਕਰਯੋਗ ਹੈ ਕਿ ਪੰਜਾਬ ਵਿਜੀਲੈਂਸ ਬਿਊਰੋ ਨੇ ਦੋਸ਼ਾਂ ਦੀ ਪੂਰੀ ਜਾਂਚ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਮਜੀਠੀਆ ‘ਤੇ ਸਰਕਾਰੀ ਅਹੁਦਾ ਸੰਭਾਲਦੇ ਹੋਏ ਅਣ-ਐਲਾਨੀ ਜਾਇਦਾਦ ਹਾਸਲ ਕਰਨ ਅਤੇ ਉਸ ਨੂੰ ਛੁਪਾਉਣ ਦਾ ਦੋਸ਼ ਹੈ।

ਅੱਜ ਦੀ ਸੁਣਵਾਈ ‘ਚ ਅਦਾਲਤ ਫੈਸਲਾ ਕਰੇਗੀ ਕਿ ਬਿਕਰਮ ਮਜੀਠੀਆ ਦੀ ਨਿਆਂਇਕ ਹਿਰਾਸਤ ਵਧਾਈ ਜਾਵੇ ਜਾਂ ਉਨ੍ਹਾਂ ਨੂੰ ਜ਼ਮਾਨਤ ਦਿੱਤੀ ਜਾਵੇ। ਜਾਣਕਾਰੀ ਮੁਤਾਬਕ ਵਿਜੀਲੈਂਸ ਬਿਊਰੋ ਉਨ੍ਹਾਂ ਦੀ ਹਿਰਾਸਤ ਵਧਾਉਣ ਦੀ ਮੰਗ ਕਰ ਸਕਦੀ ਹੈ, ਤਾਂ ਜੋ ਪੁੱਛਗਿੱਛ ਨੂੰ ਅੱਗੇ ਵਧਾਇਆ ਜਾ ਸਕੇ।

ਬਿਕਰਮ ਮਜੀਠੀਆ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਪੰਜਾਬ ਦੀ ਰਾਜਨੀਤੀ ‘ਚ ਭਖੀ ਹੋਈ ਹੈ । ਅਕਾਲੀ ਦਲ ਇਸਨੂੰ ਰਾਜਨੀਤਿਕ ਬਦਲਾਖੋਰੀ ਦੱਸ ਰਿਹਾ ਹੈ, ਜਦੋਂ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਕਹਿੰਦੀ ਹੈ ਕਿ ਕਾਨੂੰਨ ਸਾਰਿਆਂ ਲਈ ਬਰਾਬਰ ਹੈ ਅਤੇ ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ ਬਿਨਾਂ ਕਿਸੇ ਦਬਾਅ ਦੇ ਕੀਤੀ ਜਾ ਰਹੀ ਹੈ।

ਬਿਕਰਮ ਸਿੰਘ ਮਜੀਠੀਆ ਪਹਿਲਾਂ ਵੀ ਡਰੱਗਜ਼ ਮਾਮਲੇ ‘ਚ ਲੰਬੇ ਸਮੇਂ ਤੋਂ ਜਾਂਚ ਅਧੀਨ ਹਨ। ਹੁਣ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਉਨ੍ਹਾਂ ਦੀ ਗ੍ਰਿਫ਼ਤਾਰੀ ਨੇ ਉਨ੍ਹਾਂ ਨੂੰ ਫਿਰ ਰਾਜਨੀਤਿਕ ਅਤੇ ਕਾਨੂੰਨੀ ਜਾਂਚ ਦੇ ਘੇਰੇ ‘ਚ ਲਿਆ ਦਿੱਤਾ ਹੈ।

Read More: Punjab News: ਬਿਕਰਮ ਸਿੰਘ ਮਜੀਠੀਆ ਦੇ ਘਰ ਮੁੜ ਜਾਂਚ ਲਈ ਪਹੁੰਚੀ ਵਿਜੀਲੈਂਸ ਟੀਮ

Scroll to Top