ਖਪਤਕਾਰ ਅਦਾਲਤ ਦੇ ਰੀਡਰ ਨੂੰ 50,000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ

ਚੰਡੀਗੜ੍ਹ, 24 ਜੁਲਾਈ, 2025: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ ਜ਼ਿਲ੍ਹਾ ਖਪਤਕਾਰ ਸ਼ਿਕਾਇਤ ਨਿਵਾਰਨ ਫੋਰਮ, ਤਰਨਤਾਰਨ ਦੇ ਰੀਡਰ ਵਰਿੰਦਰ ਗੋਇਲ (VARINDER GOYAL) ਨੂੰ 50,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।

ਅੱਜ ਇੱਥੇ ਇਹ ਖੁਲਾਸਾ ਕਰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਜ਼ਿਲ੍ਹਾ ਤਰਨਤਾਰਨ ਦੇ ਪਿੰਡ ਦੀਓ ਦੇ ਵਸਨੀਕ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਬੁਲਾਰੇ ਨੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ (Vigilance Bureau) ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਗਾਇਆ ਸੀ ਕਿ ਉਸਦਾ ਪਤੀ ਇੱਕ ਸਹਾਇਕ ਸਬ-ਇੰਸਪੈਕਟਰ ਸੀ ਜਿਸਦੀ ਸਾਲ 2022 ਵਿੱਚ ਇੱਕ ਹਾਦਸੇ ਵਿੱਚ ਮੌਤ ਹੋ ਗਈ ਸੀ। ਇਸ ਸਬੰਧ ਵਿੱਚ, ਪੰਜਾਬ ਪੁਲਿਸ ਵਿਭਾਗ ਦੁਆਰਾ 30,00,000 ਰੁਪਏ ਦੀ ਮੁਆਵਜ਼ਾ ਰਾਸ਼ੀ ਮਨਜ਼ੂਰ ਕੀਤੀ ਗਈ ਸੀ ਅਤੇ ਭੁਗਤਾਨ ਲਈ HDFC ਬੈਂਕ ਨੂੰ ਭੇਜ ਦਿੱਤੀ ਗਈ ਸੀ। ਪਰ ਮਾਮੂਲੀ ਕਾਰਨਾਂ ਕਰਕੇ, ਬੈਂਕ ਨੇ ਮੁਆਵਜ਼ਾ ਦੇਣ ਤੋਂ ਇਨਕਾਰ ਕਰ ਦਿੱਤਾ। ਇਸ ਵਿਰੁੱਧ ਸ਼ਿਕਾਇਤਕਰਤਾ ਨੇ ਜ਼ਿਲ੍ਹਾ ਖਪਤਕਾਰ ਝਗੜਾ ਨਿਵਾਰਣ ਫੋਰਮ, ਤਰਨਤਾਰਨ ਵਿੱਚ ਕੇਸ ਦਾਇਰ ਕੀਤਾ।

ਬੁਲਾਰੇ ਨੇ ਅੱਗੇ ਕਿਹਾ ਕਿ ਮੁਲਜ਼ਮ ਨੇ ਸ਼ਿਕਾਇਤਕਰਤਾ ਦੇ ਹੱਕ ਵਿੱਚ ਫੈਸਲਾ ਕਰਵਾਉਣ ਦੇ ਬਦਲੇ ਮੁਆਵਜ਼ੇ ਦੀ ਰਕਮ ਦੇ 10% ਵਜੋਂ 3,00,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਸੀ। ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 50,000 ਰੁਪਏ ਦੀ ਪਹਿਲੀ ਕਿਸ਼ਤ ਸਵੀਕਾਰ ਕਰਦੇ ਹੋਏ ਮੁਲਜ਼ਮ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ।

Read More:  ਵਿਜੀਲੈਂਸ ਬਿਊਰੋ ਦੇ ਫਲਾਇੰਗ ਸਕੁਐਡ ਨੇ ਚੌਕੀ ਇੰਚਾਰਜ SI ਨੂੰ ਰਿਸ਼ਵਤ ਲੈਂਦੇ ਕੀਤਾ ਰੰਗੇ ਹੱਥੀਂ ਕਾਬੂ 

Scroll to Top