ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਹੱਲ ਕੱਢਣ ਲਈ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਬੈਠਕਾਂ

ਚੰਡੀਗੜ੍ਹ, 29 ਜੁਲਾਈ 2025: ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਅਤੇ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ (Harpal Singh Cheema) ਨੇ ਅੱਜ ਤਿੰਨ ਪ੍ਰਮੁੱਖ ਮੁਲਾਜ਼ਮ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਉਨ੍ਹਾਂ ਦੀਆਂ ਮੰਗਾਂ ‘ਤੇ ਵਿਸਥਾਰ ਨਾਲ ਚਰਚਾ ਕਰਨ ਅਤੇ ਹੱਲ ਲੱਭਣ ਲਈ ਬੈਠਕਾਂ ਕੀਤੀਆਂ।

ਇਹ ਬੈਠਕਾਂ ਪੰਜਾਬ ਸਿਵਲ ਸਕੱਤਰੇਤ ਦੇ ਵਿੱਤ ਮੰਤਰੀ (Harpal Singh Cheema) ਦੇ ਦਫ਼ਤਰ ਵਿਖੇ ਹੋਈਆਂ, ਇਸ ਦੌਰਾਨ ਬੇਰੁਜ਼ਗਾਰ ਪੀਐਸਟੀਈਟੀ ਪਾਸ ਆਰਟ ਐਂਡ ਕਰਾਫਟ ਸੰਘਰਸ਼ ਯੂਨੀਅਨ ਪੰਜਾਬ, ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਕਰਮਚਾਰੀ ਕੰਟਰੈਕਟ ਵਰਕਰਜ਼ ਐਂਡ ਲੇਬਰ ਯੂਨੀਅਨ, ਅਤੇ ਪੀਡਬਲਯੂਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ ਦੇ ਨੁਮਾਇੰਦਿਆਂ ਨੇ ਹਿੱਸਾ ਲਿਆ।

ਬੇਰੁਜ਼ਗਾਰ ਪੀਐਸਟੀਈਟੀ ਪਾਸ ਆਰਟ ਐਂਡ ਕਰਾਫਟ ਸੰਘਰਸ਼ ਯੂਨੀਅਨ ਨਾਲ ਬੈਠਕ ਦੌਰਾਨ, ਵਿੱਤ ਮੰਤਰੀ ਨੇ ਸਿੱਖਿਆ ਵਿਭਾਗ ਨੂੰ ਇਸ ਯੂਨੀਅਨ ਅਤੇ ਹੋਰ ਸਬੰਧਤ ਸੰਗਠਨਾਂ ਦੀ ਸਾਂਝੀ ਬੈਠਕ ਬੁਲਾਉਣ ਅਤੇ ਇੱਕ ਸਾਂਝੇ ਘੱਟੋ-ਘੱਟ ਪ੍ਰੋਗਰਾਮ ਤਹਿਤ ਇੱਕ ਪ੍ਰਸਤਾਵ ਤਿਆਰ ਕਰਨ ਦੇ ਨਿਰਦੇਸ਼ ਦਿੱਤੇ, ਜਿਸਨੂੰ ਠੋਸ ਹੱਲ ਲਈ ਅਗਲੀ ਕੈਬਨਿਟ ਸਬ-ਕਮੇਟੀ ਬੈਠਕ ‘ਚ ਪੇਸ਼ ਕੀਤਾ ਜਾ ਸਕਦਾ ਹੈ।

ਇਸ ਤੋਂ ਇਲਾਵਾ, ਵਿੱਤ ਮੰਤਰੀ ਨੇ ਜਲ ਸਪਲਾਈ ਅਤੇ ਇੰਪਲਾਈਜ਼ ਕੰਟਰੈਕਟ ਵਰਕਰਜ਼ ਐਂਡ ਲੇਬਰ ਯੂਨੀਅਨ, ਅਤੇ ਪੀ.ਡਬਲਯੂ.ਡੀ. ਫੀਲਡ ਅਤੇ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ ਦੀਆਂ ਮੰਗਾਂ ਅਤੇ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਹਮਦਰਦੀ ਨਾਲ ਵਿਚਾਰ ਕੀਤਾ। ਉਨ੍ਹਾਂ ਯੂਨੀਅਨਾਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਹੱਲ ਕਰਨ ਲਈ ਵਚਨਬੱਧ ਹੈ ਅਤੇ ਛੇਤੀ ਤੋਂ ਛੇਤੀ ਜ਼ਰੂਰੀ ਕਦਮ ਚੁੱਕੇ ਜਾਣਗੇ।

Read More: ਪੰਜਾਬ ਦੀਆਂ ਜੇਲ੍ਹਾਂ ਲਈ 60 ਮਨੋਵਿਗਿਆਨੀ ਸਲਾਹਕਾਰ ਕੀਤੇ ਜਾਣਗੇ ਭਰਤੀ: ਹਰਪਾਲ ਸਿੰਘ ਚੀਮਾ

Scroll to Top