ਸ਼ਹੀਦ ਊਧਮ ਸਿੰਘ ਵਾਲਾ (ਸੁਨਾਮ), 31 ਜੁਲਾਈ 2025: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਸਮਾਜ ਦੇ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾ ਕੇ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਦੇ ਆਪਣੇ ਸੰਕਲਪ ਨੂੰ ਦੁਹਰਾਇਆ।
ਇਸ ਮੌਕੇ ਸ਼ਹੀਦ ਊਧਮ ਸਿੰਘ ਵਾਲਾ ਨਗਰ ਦੇ ਵਿਕਾਸ ਲਈ 85 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ, ‘ਆਪ’ ਦੇ ਰਾਸ਼ਟਰੀ ਕਨਵੀਨਰ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਨੇ ਆਪਣੇ ਦੇਸ਼ ਨੂੰ ਗੁਲਾਮੀ ਦੀ ਦਲਦਲ ‘ਚੋਂ ਕੱਢਣ ਲਈ ਕੁਰਬਾਨੀ ਦਿੱਤੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮਹਾਨ ਸ਼ਹੀਦ ਨੂੰ ਸ਼ਰਧਾਂਜਲੀ ਦੇਣ ਲਈ ਕਰਵਾਏ ਸਮਾਗਮ ‘ਚ ਸ਼ਾਮਲ ਹੋਣਾ ਉਨ੍ਹਾਂ ਲਈ ਬਹੁਤ ਮਾਣ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਆਜ਼ਾਦੀ ਸੰਗਰਾਮ ਦੌਰਾਨ ਵੱਡੀ ਗਿਣਤੀ ‘ਚ ਲੋਕਾਂ ਨੇ ਕੁਰਬਾਨੀਆਂ ਦਿੱਤੀਆਂ ਤਾਂ ਜੋ ਇੱਕ ਬਰਾਬਰੀ ਵਾਲਾ ਸਮਾਜ ਸਿਰਜਿਆ ਜਾ ਸਕੇ, ਜਿਸ ਨਾਲ ਕਮਜ਼ੋਰ ਅਤੇ ਦੱਬੇ-ਕੁਚਲੇ ਵਰਗਾਂ ਦੀ ਭਲਾਈ ਯਕੀਨੀ ਬਣਾਈ ਜਾ ਸਕੇ।
‘ਆਪ’ ਦੇ ਰਾਸ਼ਟਰੀ ਕਨਵੀਨਰ ਨੇ ਕਿਹਾ ਕਿ ਇਹ ਬਹੁਤ ਮੰਦਭਾਗਾ ਹੈ ਕਿ ਆਜ਼ਾਦੀ ਦੇ 75 ਸਾਲਾਂ ਬਾਅਦ ਵੀ ਸ਼ਹੀਦਾਂ ਦੇ ਸੁਪਨੇ ਅਧੂਰੇ ਰਹਿ ਗਏ ਕਿਉਂਕਿ ਸੱਤਾ ‘ਚ ਬੈਠੇ ਲੋਕਾਂ ਨੇ ਸਰਕਾਰੀ ਖਜ਼ਾਨੇ ਨੂੰ ਲੁੱਟ ਲਿਆ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਨਸ਼ਿਆਂ ਦੀ ਲਾਹਨਤ ਅਤੇ ਭ੍ਰਿਸ਼ਟਾਚਾਰ ਨਾਲ ਪੰਜਾਬ ਨੂੰ ਬਰਬਾਦ ਕਰ ਦਿੱਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਸਿਆਸਤਦਾਨਾਂ ਨੇ ਆਪਣੇ ਨਿੱਜੀ ਹਿੱਤਾਂ ਲਈ ਲੋਕਾਂ ਦੇ ਪੈਸੇ ਨੂੰ ਲੁੱਟਿਆ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸਕੂਲਾਂ ਅਤੇ ਹਸਪਤਾਲਾਂ ਦੀ ਹਾਲਤ ਬਦ ਤੋਂ ਬਦਤਰ ਹੋ ਗਈ ਹੈ ਕਿਉਂਕਿ ਪਿਛਲੀਆਂ ਸਰਕਾਰਾਂ ਨੇ ਆਮ ਲੋਕਾਂ ਨੂੰ ਮਿਆਰੀ ਸਿਹਤ ਅਤੇ ਸਿੱਖਿਆ ਪ੍ਰਦਾਨ ਕਰਨ ਦੀ ਕਦੇ ਵੀ ਪਰਵਾਹ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਸਿਆਸਤਦਾਨਾਂ ਨੇ ਸੂਬੇ ‘ਚ ਨਸ਼ਿਆਂ ਦਾ ਕਹਿਰ ਫੈਲਾਇਆ, ਜਿਸ ਨੇ ਸਾਡੀਆਂ ਪੀੜ੍ਹੀਆਂ ਨੂੰ ਬਰਬਾਦ ਕਰ ਦਿੱਤਾ।
ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਜਾਣ ਕੇ ਖੁਸ਼ੀ ਹੋਈ ਕਿ ਹੁਣ ਪੰਜਾਬ ‘ਚ ਨਸ਼ਿਆਂ ਦੀ ਰੀੜ੍ਹ ਦੀ ਹੱਡੀ ਟੁੱਟ ਗਈ ਹੈ, ਜਿਸ ਲਈ ਸੂਬਾ ਸਰਕਾਰ ਦੀ ਸ਼ਲਾਘਾ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਸੂਬੇ ‘ਚ ਨਸ਼ਾ ਵਿਰੋਧੀ ਮੁਹਿੰਮ ਚਲਾਈ ਗਈ, ਉਹ ਦੇਸ਼ ਦੇ ਇਤਿਹਾਸ ‘ਚ ਬੇਮਿਸਾਲ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਵਿਰੁੱਧ ਮਿਸਾਲੀ ਕੰਮ ਕੀਤਾ ਅਤੇ ਨਸ਼ਿਆਂ ਦੇ ਕਾਰੋਬਾਰ ਦੀਆਂ ਵੱਡੀਆਂ ਮੱਛੀਆਂ ਨੂੰ ਜੇਲ੍ਹ ਭੇਜ ਦਿੱਤਾ। ਉਨ੍ਹਾਂ ਕਿਹਾ ਕਿ ਸਾਡੇ ਨੌਜਵਾਨਾਂ ਦਾ ਭਵਿੱਖ ਬਰਬਾਦ ਕਰਨ ਵਾਲੇ ਹੋਰਨਾਂ ਵਿਰੁੱਧ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਸਕੂਲਾਂ ਨੂੰ ਅਪਗ੍ਰੇਡ ਕੀਤਾ ਜਾ ਰਿਹਾ ਹੈ, ਹਸਪਤਾਲਾਂ ਨੂੰ ਮੁੜ ਸੁਰਜੀਤ ਕੀਤਾ ਜਾ ਰਿਹਾ ਹੈ, ਨਹਿਰੀ ਪਾਣੀ ਕਿਸਾਨਾਂ ਤੱਕ ਪਹੁੰਚ ਰਿਹਾ ਹੈ, 20,000 ਕਿਲੋਮੀਟਰ ਪੇਂਡੂ ਸੜਕਾਂ ਅਤੇ ਹੋਰ ਨਿਰਮਾਣ ਕਾਰਜ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਮਾਨਦਾਰ ਸਰਕਾਰ ਸਰਕਾਰੀ ਖਜ਼ਾਨੇ ਦੇ ਇੱਕ-ਇੱਕ ਪੈਸੇ ਦੀ ਸਮਝਦਾਰੀ ਨਾਲ ਵਰਤੋਂ ਕਰਕੇ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰਨ ‘ਚ ਕੋਈ ਕਸਰ ਨਹੀਂ ਛੱਡ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕ ਭਲਾਈ ਦੇ ਇਨ੍ਹਾਂ ਮਹਾਨ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ।
ਆਪਣੇ ਸੰਬੋਧਨ ‘ਚ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਲਈ ਆਪਣੀਆਂ ਜਾਨਾਂ ਵਾਰਨ ਵਾਲੇ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਦੇਣਾ ਸੂਬਾ ਸਰਕਾਰ ਦਾ ਫਰਜ਼ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਮਹਾਨ ਸ਼ਹੀਦਾਂ ਦੀ ਸ਼ਾਨਦਾਰ ਵਿਰਾਸਤ ਨੂੰ ਸੰਭਾਲਣ ਲਈ ਹਵਾਈ ਅੱਡਿਆਂ, ਯੂਨੀਵਰਸਿਟੀਆਂ ਅਤੇ ਹੋਰ ਸੰਸਥਾਵਾਂ ਦਾ ਨਾਮਕਰਨ ਇੱਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਊਧਮ ਸਿੰਘ ਵਰਗੇ ਮਹਾਨ ਨਾਇਕਾਂ ਦੀਆਂ ਕੁਰਬਾਨੀਆਂ ਕਾਰਨ ਹੀ ਅੱਜ ਦੇਸ਼ ਵਾਸੀ ਆਜ਼ਾਦੀ ਦਾ ਆਨੰਦ ਮਾਣ ਰਹੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਜਲ੍ਹਿਆਂਵਾਲਾ ਬਾਗ ਕਤਲੇਆਮ ਦਾ ਬਦਲਾ ਲੈਣ ਲਈ ਲੰਡਨ ਦੇ ਕੈਕਸਟਨ ਹਾਲ ਗਏ ਸਨ ਅਤੇ ਸਰ ਮਾਈਕਲ ਓ’ਡਵਾਇਰ ਨੂੰ ਮਾਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਅੰਗਰੇਜ਼ ਉਨ੍ਹਾਂ ਲੋਕਾਂ ਨੂੰ ‘ਸਰ’ ਦਾ ਖਿਤਾਬ ਦਿੰਦੇ ਸਨ ਜੋ ਕਠਪੁਤਲੀਆਂ ਵਜੋਂ ਕੰਮ ਕਰਦੇ ਸਨ ਅਤੇ ਅਪ੍ਰੈਲ 1919 ਵਿੱਚ ਜਲ੍ਹਿਆਂਵਾਲਾ ਬਾਗ ਕਤਲੇਆਮ ਦੀ ਰਾਤ ਨੂੰ ਜਨਰਲ ਡਾਇਰ ਲਈ ਦਾਅਵਤ ਦੀ ਮੇਜ਼ਬਾਨੀ ਕਰਨ ਵਾਲੇ ਪਰਿਵਾਰ ਨੂੰ ਵੀ ਅਜਿਹਾ ਹੀ ਖਿਤਾਬ ਦਿੱਤਾ ਗਿਆ ਸੀ।
Read More: ਸ਼ਹੀਦ ਊਧਮ ਸਿੰਘ ਨੇ ਜਲ੍ਹਿਆਂਵਾਲਾ ਬਾਗ ਦੇ ਹਰ ਹੰਝੂ ਦਾ ਇਸ ਤਰ੍ਹਾਂ ਲਿਆ ਹਿਸਾਬ