ਅੰਮ੍ਰਿਤਸਰ 9 ਅਗਸਤ 2025: ਮੁੱਖ ਮੰਤਰੀ ਭਗਵੰਤ ਸਿੰਘ ਮਾਨ (bhagwant singh maan) ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੀ ਮੁਹਿੰਮ ਵਿੱਚ ਇੱਕ ਹੋਰ ਵੱਡੀ ਸਫਲਤਾ ਹਾਸਲ ਕਰਦੇ ਹੋਏ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ 24 ਘੰਟਿਆਂ ਦੇ ਅੰਦਰ ਖਾਲਿਸਤਾਨ ਪੱਖੀ ਨਾਅਰੇ ਲਿਖਣ ਦੇ ਮਾਮਲੇ ਨੂੰ ਸੁਲਝਾਇਆ ਹੈ ਅਤੇ ਇੱਕ ਨਾਬਾਲਗ ਸਮੇਤ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਪ੍ਰਾਪਤ ਜਾਣਕਾਰੀ ਅਨੁਸਾਰ ਬੁੱਧਵਾਰ ਅਤੇ ਵੀਰਵਾਰ ਦੀ ਦਰਮਿਆਨੀ ਰਾਤ ਨੂੰ ਸ਼ਹਿਰ ਵਿੱਚ ਤਿੰਨ ਥਾਵਾਂ ‘ਤੇ ਖਾਲਿਸਤਾਨ ਪੱਖੀ ਨਾਅਰੇ ਲਿਖੇ ਗਏ ਸਨ। ਜ਼ਿਕਰਯੋਗ ਹੈ ਕਿ ਅਮਰੀਕਾ ਸਥਿਤ ਪਾਬੰਦੀਸ਼ੁਦਾ ਸੰਗਠਨ ‘ਸਿੱਖਸ ਫਾਰ ਜਸਟਿਸ’ (ਐਸਐਫਜੇ) ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਨੇ ਵੀ ਇਸ ਘਟਨਾ ਦੀ ਜ਼ਿੰਮੇਵਾਰੀ ਲੈਂਦੇ ਹੋਏ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਜਾਰੀ ਕੀਤੀ ਸੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿੱਚ ਜਸ਼ਨਪ੍ਰੀਤ ਸਿੰਘ (22 ਸਾਲ), ਬਟਾਲਾ ਦੇ ਦਰਗਾਬਾਦ ਪਿੰਡ ਦਾ ਰਹਿਣ ਵਾਲਾ ਅਤੇ ਇੱਕ 17 ਸਾਲਾ ਨਾਬਾਲਗ ਸ਼ਾਮਲ ਹੈ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਵੇਂ ਮੁਲਜ਼ਮ ਵਿਦੇਸ਼ ਵਿੱਚ ਰਹਿੰਦੇ ਸ਼ਮਸ਼ੇਰ ਸਿੰਘ ਉਰਫ਼ ਸ਼ੇਰਾ ਮਾਨ ਦੇ ਸੰਪਰਕ ਵਿੱਚ ਸਨ, ਜਿਸਨੇ ਉਨ੍ਹਾਂ ਨੂੰ ਗੁਰਪਤਵੰਤ ਪੰਨੂ ਦੇ ਨਿਰਦੇਸ਼ਾਂ ‘ਤੇ ਇਹ ਕਾਰਵਾਈ ਕਰਨ ਲਈ ਕਿਹਾ ਸੀ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਸਨੈਪਚੈਟ ਰਾਹੀਂ ਭੇਜੇ ਗਏ ਡਿਜ਼ਾਈਨ ਦੇਖ ਕੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਲਈ ਕਿਹਾ ਗਿਆ ਸੀ, ਪਰ ਉਨ੍ਹਾਂ ਨੂੰ ਵਾਅਦੇ ਅਨੁਸਾਰ ਕੋਈ ਭੁਗਤਾਨ ਨਹੀਂ ਮਿਲਿਆ।
ਡੀਜੀਪੀ ਨੇ ਕਿਹਾ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕਰਦਿਆਂ ਅੰਮ੍ਰਿਤਸਰ ਪੁਲਿਸ ਕਮਿਸ਼ਨਰ (ਸੀਪੀ) ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਡੀਸੀਪੀ ਰਵਿੰਦਰਪਾਲ ਸਿੰਘ ਦੀ ਅਗਵਾਈ ਹੇਠ ਬਣਾਈ ਗਈ ਟੀਮ – ਜਿਸ ਵਿੱਚ ਏਡੀਸੀਪੀ ਜਗਬਿੰਦਰ ਸਿੰਘ, ਏਡੀਸੀਪੀ ਹਰਪਾਲ ਸਿੰਘ, ਏਸੀਪੀ ਹਰਮਿੰਦਰ ਸਿੰਘ, ਏਸੀਪੀ ਸ਼ਿਵਦਰਸ਼ਨ ਸਿੰਘ ਅਤੇ ਇੰਸਪੈਕਟਰ ਅਮੋਲਕ ਸਿੰਘ (ਸੀਆਈਏ ਇੰਚਾਰਜ), ਇੰਸਪੈਕਟਰ ਮੋਹਿਤ ਕੁਮਾਰ (ਐਸਐਚਓ ਛਾਉਣੀ), ਇੰਸਪੈਕਟਰ ਗੁਰਪ੍ਰੀਤ ਸਿੰਘ (ਐਸਐਚਓ ਸਿਵਲ ਲਾਈਨਜ਼), ਅਤੇ ਇੰਸਪੈਕਟਰ ਅਮਨਦੀਪ ਕੌਰ (ਐਸਐਚਓ ਏ ਡਿਵੀਜ਼ਨ) ਸ਼ਾਮਲ ਸਨ – ਨੇ ਤੁਰੰਤ ਮੁਲਜ਼ਮਾਂ ਦੀ ਪਛਾਣ ਕਰਨ ਅਤੇ ਗ੍ਰਿਫ਼ਤਾਰ ਕਰਨ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਸੀ।
Read More: ਅੰਮ੍ਰਿਤਸਰ ਪੁਲਿਸ ਨੇ ISI ਨਾਲ ਜੁੜੀਆਂ ਜਾਸੂਸੀ ਗਤੀਵਿਧੀਆਂ ‘ਚ ਸ਼ਾਮਲ ਦੋ ਸ਼ੱਕੀਆਂ ਨੂੰ ਕੀਤਾ ਗ੍ਰਿਫ਼ਤਾਰ