ਉੱਤਰ ਪ੍ਰਦੇਸ਼, 12 ਅਗਸਤ 2025: ਮੰਗਲਵਾਰ ਨੂੰ ਉੱਤਰ ਪ੍ਰਦੇਸ਼ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਦੂਜੇ ਦਿਨ ਫਤਿਹਪੁਰ ‘ਚ ਹਾਲ ਹੀ ‘ਚ ਵਾਪਰੀ ਘਟਨਾ ‘ਤੇ ਵਿਰੋਧੀ ਧਿਰ ਦੇ ਸਵਾਲਾਂ ਦੇ ਵਿਚਕਾਰ, ਵਿੱਤ ਅਤੇ ਸੰਸਦੀ ਮਾਮਲਿਆਂ ਦੇ ਮੰਤਰੀ ਸੁਰੇਸ਼ ਖੰਨਾ ਨੇ ਸਪੱਸ਼ਟ ਕੀਤਾ ਕਿ ਯੂਪੀ ਸਰਕਾਰ ਅਤੇ ਇਸਦੀ ਕੋਈ ਵੀ ਮਸ਼ੀਨਰੀ ਇਸ ਘਟਨਾ ‘ਚ ਕਿਸੇ ਵੀ ਤਰ੍ਹਾਂ ਸ਼ਾਮਲ ਨਹੀਂ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਵੱਲੋਂ ਲਗਾਏ ਜਾ ਰਹੇ ਦੋਸ਼ ਪੂਰੀ ਤਰ੍ਹਾਂ ਬੇਬੁਨਿਆਦ ਹਨ ਅਤੇ ਸਰਕਾਰ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਸਾਡੀ ਸਰਕਾਰ ਕਾਨੂੰਨ ਨੂੰ ਆਪਣੇ ਹੱਥਾਂ ‘ਚ ਲੈਣ ਵਾਲੇ ਕਿਸੇ ਵੀ ਵਿਅਕਤੀ ਨੂੰ ਸਖ਼ਤ ਸਜ਼ਾ ਦੇਵੇਗੀ।
ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਮਾਤਾ ਪ੍ਰਸਾਦ ਪਾਂਡੇ ਦੇ ਸਵਾਲ ਦਾ ਜਵਾਬ ਦਿੰਦੇ ਹੋਏ ਸੁਰੇਸ਼ ਖੰਨਾ ਨੇ ਕਿਹਾ ਕਿ ਇਸ ਘਟਨਾ ‘ਚ ਸਰਕਾਰ ਅਤੇ ਸਰਕਾਰੀ ਮਸ਼ੀਨਰੀ ਦੀ ਕੋਈ ਸ਼ਮੂਲੀਅਤ ਨਹੀਂ ਹੈ, ਅਸੀਂ ਇਸਨੂੰ ਪੂਰੀ ਤਰ੍ਹਾਂ ਨਕਾਰਦੇ ਹਾਂ। ਉਨ੍ਹਾਂ ਕਿਹਾ ਕਿ ਘਟਨਾ ਤੋਂ ਤੁਰੰਤ ਬਾਅਦ 11 ਅਗਸਤ ਨੂੰ ਪੁਲਿਸ ਸਟੇਸ਼ਨ ‘ਚ ਇੱਕ ਰਿਪੋਰਟ ਦਰਜ ਕੀਤੀ ਗਈ ਸੀ। ਇਸ ਐਫਆਈਆਰ ਵਿੱਚ 10 ਨਾਮਜ਼ਦ ਮੁਲਜ਼ਮਾਂ ਤੋਂ ਇਲਾਵਾ 150 ਅਣਪਛਾਤੇ ਲੋਕਾਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ।
ਇਨ੍ਹਾਂ ਸਾਰਿਆਂ ਵਿਰੁੱਧ ਭਾਰਤੀ ਦੰਡ ਵਿਧਾਨ ਦੀਆਂ ਗੰਭੀਰ ਧਾਰਾਵਾਂ, ਧਾਰਾਵਾਂ 190, 191(2), 191(3), 301, 196 ਦੇ ਨਾਲ-ਨਾਲ ਅਪਰਾਧਿਕ ਕਾਨੂੰਨ ਸੋਧ ਐਕਟ-7 ਅਤੇ ਜਨਤਕ ਜਾਇਦਾਦ ਨੂੰ ਨੁਕਸਾਨ ਰੋਕਣ ਵਾਲੇ ਐਕਟ ਦੀਆਂ ਧਾਰਾਵਾਂ 2,3 ਤਹਿਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਧਾਰਾਵਾਂ ਇਸ ਗੱਲ ਦਾ ਸੰਕੇਤ ਹਨ ਕਿ ਸਰਕਾਰ ਇਸ ਘਟਨਾ ਨੂੰ ਬਹੁਤ ਗੰਭੀਰਤਾ ਨਾਲ ਲੈ ਰਹੀ ਹੈ ਅਤੇ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ।
ਸੁਰੇਸ਼ ਖੰਨਾ ਨੇ ਕਿਹਾ ਕਿ ਘਟਨਾ ਦੇ ਸਬੰਧ ‘ਚ ਦਾਇਰ ਰਿਪੋਰਟ ਤੋਂ ਇਹ ਸਪੱਸ਼ਟ ਹੈ ਕਿ ਸਰਕਾਰ ਆਪਣਾ ਕੰਮ ਕਰ ਰਹੀ ਹੈ। ਇਸ ‘ਚ ਕਾਨੂੰਨ ਆਪਣਾ ਕੰਮ ਕਰ ਰਿਹਾ ਹੈ ਅਤੇ ਜੋ ਵੀ ਕਾਨੂੰਨ ਨੂੰ ਆਪਣੇ ਹੱਥ ‘ਚ ਲੈਣ ਦੀ ਕੋਸ਼ਿਸ਼ ਕਰੇਗਾ ਉਸਨੂੰ ਨਿਆਂਇਕ ਪ੍ਰਕਿਰਿਆ ਦੇ ਤਹਿਤ ਜ਼ਰੂਰ ਸਜ਼ਾ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਦੀ ਤਰਜੀਹ ਹਰ ਕੀਮਤ ‘ਤੇ ਕਾਨੂੰਨ ਵਿਵਸਥਾ ਬਣਾਈ ਰੱਖਣਾ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਅਰਾਜਕਤਾ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਸੰਕੇਤ ਦਿੱਤਾ ਕਿ ਵਿਰੋਧੀ ਧਿਰ ਅਜਿਹੀਆਂ ਘਟਨਾਵਾਂ ਨੂੰ ਰਾਜਨੀਤਿਕ ਰੰਗ ਦੇਣ ਦੀ ਕੋਸ਼ਿਸ਼ ਕਰ ਰਹੀ ਹੈ, ਜਦੋਂ ਕਿ ਅਸਲੀਅਤ ਇਹ ਹੈ ਕਿ ਪੁਲਿਸ ਨੇ ਤੁਰੰਤ ਕਾਰਵਾਈ ਕੀਤੀ ਅਤੇ ਬਿਨਾਂ ਦੇਰੀ ਕੀਤੇ ਕਾਨੂੰਨੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ।
Read More: ਸੰਭਲ ਵਰਗੀ ਸੱਚਾਈ ਛੁਪਾਉਣ ਦੀ ਕੋਸ਼ਿਸ਼ ਕਰਨ ਵਾਲਿਆਂ ਨੂੰ ਸਿਖਾਵਾਂਗੇ ਸਬਕ: CM ਯੋਗੀ