ਹਰਭਜਨ ਸਿੰਘ ਈਟੀਓ

ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਪਟਿਆਲਾ ਵਿਖੇ ਲਹਿਰਾਇਆ ਤਿਰੰਗਾ ਝੰਡਾ

ਪਟਿਆਲਾ, 15 ਅਗਸਤ 2025: ਅੱਜ 79ਵੇਂ ਆਜ਼ਾਦੀ ਦਿਵਸ ਮੌਕੇ ਪੰਜਾਬ ਦੇ ਬਿਜਲੀ ਤੇ ਲੋਕ ਨਿਰਮਾਣ ਵਿਭਾਗਾਂ ਦੇ ਮੰਤਰੀ ਹਰਭਜਨ ਸਿੰਘ ਈਟੀਓ ਨੇ ਪਟਿਆਲਾ ਦੇ ਰਾਜਾ ਭਲਿੰਦਰ ਸਿੰਘ ਖੇਡ ਕੰਪਲੈਕਸ ਪੋਲੋ ਗਰਾਊਂਡ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਤਿਰੰਗਾ ਲਹਿਰਾਉਣ ਮਗਰੋਂ ਕਿਹਾ ਹੈ ਕਿ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਪੰਜਾਬ ਮੁੜ ਤੋਂ ‘ਰੰਗਲਾ ਪੰਜਾਬ, ਹੱਸਦਾ-ਖੇਡਦਾ ਤੇ ਖੁਸ਼ਹਾਲ’ ਸੂਬਾ ਬਣਨ ਦੀ ਰਾਹ ‘ਤੇ ਤੇਜੀ ਨਾਲ ਅੱਗੇ ਵੱਧ ਰਿਹਾ ਹੈ।

ਇਸ ਮੌਕੇ ਹਰਭਜਨ ਸਿੰਘ ਈਟੀਓ ਨੇ ਦੇਸ਼ ਦੀ ਆਜ਼ਾਦੀ ਲਈ ਸੰਘਰਸ਼ ਕਰਨ ਵਾਲੇ ਆਜ਼ਾਦੀ ਘੁਲਾਟੀਏ ਮੋਹਕਮ ਸਿੰਘ ਚੌਹਾਨ ਸਮੇਤ ਸੁਤੰਤਰਤਾ ਸੰਗਰਾਮੀਆਂ ਦੇ ਉਤਰਾਧਿਕਾਰੀਆਂ ਨੂੰ ਮਿਲਕੇ ਆਜ਼ਾਦੀ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ ਤੇ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ।

ਇਸ ਦੌਰਾਨ ਲੋਕ ਸਭਾ ਮੈਂਬਰ ਡਾ. ਧਰਮਵੀਰਾ ਗਾਂਧੀ, ‘ਆਪ’ ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਵਿਧਾਇਕ ਚੇਤਨ ਸਿੰਘ ਜੌੜਾਮਾਜਰਾ, ਗੁਰਲਾਲ ਘਨੌਰ ਤੇ ਕੁਲਵੰਤ ਸਿੰਘ ਬਾਜ਼ੀਗਰ, ਪੀਆਰਟੀਸੀ ਚੇਅਰਮੈਨ ਰਣਜੋਧ ਸਿੰਘ ਹਡਾਣਾ, ਨਗਰ ਨਿਗਮ ਮੇਅਰ ਕੁੰਦਨ ਗੋਗੀਆ, ਆਪ ਦੇ ਯੁੱਧ ਨਸ਼ਿਆਂ ਵਿਰੁੱਧ ਦੇ ਸੂਬਾ ਬੁਲਾਰੇ ਬਲਤੇਜ ਪੰਨੂ, ਸਪੈਸ਼ਲ ਡੀ.ਜੀ.ਪੀ. ਅਰਪਿਤ ਸ਼ੁਕਲਾ, ਡੀਆਈਜੀ ਕੁਲਦੀਪ ਚਾਹਲ, ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਤੇ ਐਸ.ਐਸ.ਪੀ. ਵਰੁਣ ਸ਼ਰਮਾ ਵੀ ਮੌਜੂਦ ਸਨ।

ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਦੇਸ਼ ਦੀ ਆਜ਼ਾਦੀ ਲਈ ਲੜਾਈ ਲੜਨ ਵਾਲੇ ਯੋਧਿਆਂ ਆਏ ਮਹਾਨ ਸ਼ਹੀਦਾਂ ਤੇ ਅਨੇਕਾਂ ਆਜ਼ਾਦੀ ਘੁਲਾਟੀਆਂ ਵੱਲੋਂ ਸੰਘਰਸ਼ਾਂ ‘ਚ ਪਾਏ ਯੋਗਦਾਨ ਨੂੰ ਸ਼ਰਧਾਂਜਲੀ ਅਰਪਿਤ ਕੀਤੀ | ਇਸਦੇ ਨਾਲ ਹੀ ਸਮੂਹ ਪੰਜਾਬ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀ ਵਧਾਈ ਦਿੱਤੀ।

ਕੈਬਨਿਟ ਮੰਤਰੀ ਨੇ ਕਿਹਾ ਕਿ ਇਤਿਹਾਸ ਇਸ ਗੱਲ ਦਾ ਗਵਾਹ ਹੈ ਕਿ ਦੇਸ਼ ਦੀ ਆਜ਼ਾਦੀ ਦੀ ਲੜਾਈ ‘ਚ ਪੰਜਾਬੀਆਂ ਨੇ ਸਭ ਤੋਂ ਵੱਧ ਯੋਗਦਾਨ ਪਾਇਆ। ਉਨ੍ਹਾਂ ਕਿਹਾ ਕਿ ਇਹ ਸੰਤੁਸ਼ਟੀ ਵਾਲੀ ਗੱਲ ਹੈ ਕਿ ਪੰਜਾਬ ਦੀ ਧਰਤੀ ਉਤੇ ਸ਼ਹੀਦਾਂ ਦੇ ਸੁਪਨੇ ਸਾਕਾਰ ਕਰਨ ਲਈ ਪੰਜਾਬ ਸਰਕਾਰ ਇਮਾਨਦਾਰ ਸੋਚ ਤੇ ਨੇਕ ਨੀਅਤ ਨਾਲ ਲਗਾਤਾਰ ਉਪਰਾਲੇ ਕਰ ਰਹੀ ਹੈ।

ਹਰਭਜਨ ਸਿੰਘ ਈਟੀਓ ਨੇ ਫ਼ੌਜੀ ਜਵਾਨਾਂ, ਸ਼ਹੀਦਾਂ ਦੇ ਪਰਿਵਾਰਾਂ ਅਤੇ ਸਾਬਕਾ ਫ਼ੌਜੀਆਂ ਦੀ ਭਲਾਈ ਲਈ ਪੰਜਾਬ ਸਰਕਾਰ ਦੇ ਦ੍ਰਿੜ੍ਹ ਸੰਕਲਪ ਬਾਰੇ ਦੱਸਦਿਆਂ ਕਿਹਾ ਕਿ ਸਰਕਾਰ ਨੇ ਸ਼ਹੀਦ ਜਵਾਨਾਂ ਦੇ ਵਾਰਿਸਾਂ ਲਈ ਸਨਮਾਨ ਰਾਸ਼ੀ 50 ਲੱਖ ਰੁਪਏ ਤੋਂ ਵਧਾ ਕੇ 1 ਕਰੋੜ ਰੁਪਏ ਕੀਤੀ ਹੈ ਤੇ ਇਸ ਵਿੱਤੀ ਸਹਾਇਤਾ ਸਕੀਮ ਅਧੀਨ ਅਗਨੀਵੀਰ ਵੀ ਸ਼ਾਮਲ ਕੀਤੇ ਗਏ ਹਨ। ਇਸੇ ਤਰ੍ਹਾਂ ਉਨ੍ਹਾਂ ਨੇ ਪੁਲਿਸ, ਸਾਬਕਾ ਫੌਜੀਆਂ, ਧਰਮੀ ਫੌਜੀਆਂ ਅਤੇ ਆਜ਼ਾਦੀ ਘੁਲਾਟੀਆਂ ਜਾਂ ਉਨ੍ਹਾਂ ਦੇ ਵਾਰਸਾਂ ਦੀ ਭਲਾਈ ਲਈ ਵੀ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਈ।

ਬਿਜਲੀ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਆਪਣਾ ਕੀਤਾ ਹਰੇਕ ਵਾਅਦਾ ਪੂਰਾ ਕਰ ਰਹੀ ਹੈ, ਇਸ ਤਹਿਤ ਹੀ 55 ਹਜ਼ਾਰ ਤੋਂ ਵਧੇਰੇ ਨੌਜਵਾਨਾਂ ਨੂੰ ਰਿਕਾਰਡ ਤੋੜ ਨੌਕਰੀਆਂ ਦਿੱਤੀਆਂ ਗਈਆਂ ਹਨ ਅਤੇ ਕਿਰਤ ਕਾਨੂੰਨ ਸੌਖੇ ਕੀਤੇ ਗਏ ਤੇ ਪ੍ਰਾਜੈਕਟ ਜੀਵਨਜੋਤ ਤਹਿਤ ਭੀਖ ਮੰਗਣ ਵਾਲਿਆਂ ਖ਼ਿਲਾਫ਼ ਵੱਡੀ ਮੁਹਿੰਮ ਚਲਾਈ ਗਈ ਹੈ। ਇਸ ਤੋਂ ਬਿਨ੍ਹਾਂ ਸਾਰਿਆਂ ਲਈ 10 ਲੱਖ ਰੁਪਏ ਦਾ ਸਿਹਤ ਬੀਮਾ ਦੇਣ ਦਾ ਫੈਸਲਾ ਕੀਤਾ ਗਿਆ ਹੈ।

ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ 881 ਆਮ ਆਦਮੀ ਕਲੀਨਿਕਾਂ, ਸੀ.ਐਮ. ਦੀ ਯੋਗਸ਼ਾਲਾ, ਸਕੂਲ ਆਫ ਹੈਪੀਨੈਸ ਅਤੇ ਸਕੂਲ ਆਫ਼ ਐਮੀਨੈਂਸ ਸਕੀਮ ਅਤੇ 1080 ਕਰੋੜ ਰੁਪਏ ਦੀ ਲਾਗਤ ਨਾਲ ਪ੍ਰਾਈਵੇਟ ਕੰਪਨੀ ਜੀ.ਵੀ.ਕੇ. ਪਾਵਰ ਦੀ ਮਾਲਕੀ ਵਾਲਾ ਗੋਇੰਦਵਾਲ ਪਾਵਰ ਪਲਾਂਟ ਖ਼ਰੀਦਣ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਅੰਦਰ ਸਿਹਤ, ਸਿੱਖਿਆ ਤੇ ਬਿਜਲੀ ਦੇ ਖੇਤਰ ਵਿੱਚ ਕਰਾਂਤੀ ਲਿਆਂਦੀ ਗਈ ਹੈ।

ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾ ਨਾਲ 19 ਤੋਂ 25 ਨਵੰਬਰ ਤੱਕ ਸੂਬੇ ਭਰ ‘ਚ ਮਨਾਉਣ ਦਾ ਫੈਸਲਾ ਕੀਤਾ ਹੈ, ਇਸ ਤਹਿਤ ਜੰਗੀ ਪੱਧਰ ‘ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਗੁਰੂ ਸਾਹਿਬ ਦੀ ਚਰਨ ਛੋਹ ਅਸਥਾਨਾਂ ਦੇ ਵਿਕਾਸ ਲਈ ਵਿਸ਼ੇਸ਼ ਬਜਟ ਰੱਖਿਆ ਗਿਆ ਹੈ।

ਹਰਭਜਨ ਸਿੰਘ ਈਟੀਓ ਨੇ ਦੱਸਿਆ ਕਿ ਇਕੱਲੇ ਪਟਿਆਲਾ ਜ਼ਿਲ੍ਹੇ ‘ਚ 35 ਅਸਥਾਨਾਂ ਦੇ ਵਿਕਾਸ ਲਈ ਕਰੀਬ 80 ਕਰੋੜ ਰੁਪਏ ਦੀ ਤਜਵੀਜ ਤਿਆਰ ਕੀਤੀ ਗਈ ਹੈ। ਇਸ ਤੋਂ ਬਿਨ੍ਹਾਂ ਜੰਗਲਾਤ ਵਿਭਾਗ ਵੱਲੋਂ 3.50 ਲੱਖ ਬੂਟੇ ਲਾਉਣ ਸਮੇਤ 52 ਸ੍ਰੀ ਗੁਰੂ ਤੇਗ ਬਹਾਦਰ ਪਵਿੱਤਰ ਵਣ ਸਥਾਪਤ ਕੀਤੇ ਜਾਣਗੇ। ਇਸ ਤੋਂ ਬਿਨ੍ਹਾਂ ਪੰਜਾਬ ਸਰਕਾਰ ਨੇ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਦੀਵਾਨ ਟੋਡਰ ਮੱਲ ਦੀ ਜਹਾਜ਼ੀ ਹਵੇਲੀ ਦੀ ਬਹਾਲੀ ਸ਼ੁਰੂ ਕਰਵਾਕੇ ਸਿੱਖ ਵਿਰਾਸਤ ਨੂੰ ਸੁਰੱਖਿਅਤ ਰੱਖਣ ਦੇ ਯਤਨ ਵੀ ਕੀਤੇ ਹਨ।

ਬਿਜਲੀ ਮੰਤਰੀ ਨੇ ਦੱਸਿਆ ਕਿ ਸੂਬੇ ‘ਚ ਵਿਆਪਕ ਬਿਜਲੀ ਸੁਧਾਰ ਕੀਤੇ ਜਾ ਰਹੇ ਹਨ ਅਤੇ ਇਕੱਲੇ ਪਟਿਆਲਾ ਜ਼ਿਲ੍ਹੇ ਅੰਦਰ ਹੀ ਨਵੀਆਂ ਲਾਈਨਾਂ, ਟਰਾਂਸਫਾਰਮਰਾਂ ਤੇ ਹੋਰ ਬਿਜਲੀ ਸੁਧਾਰਾਂ ਲਈ 110 ਕਰੋੜ ਰੁਪਏ ਦਾ ਪ੍ਰਾਜੈਕਟ ਸ਼ੁਰੂ ਕੀਤਾ ਗਿਆ ਹੈ, ਇਸ ਨਾਲ ਲੋਕਾਂ ਨੂੰ ਨਿਰਵਿਘਨ ਤੇ ਪਾਏਦਾਰ ਬਿਜਲੀ ਸਪਲਾਈ ਪ੍ਰਦਾਨ ਕੀਤੀ ਜਾਵੇਗੀ। ਹਰਭਜਨ ਸਿੰਘ ਈਟੀਓ ਨੇ ਇਹ ਵੀ ਦੁਹਰਾਇਆ ਕਿ ਪਿਛਲੀਆਂ ਸਰਕਾਰਾਂ ਵੱਲੋਂ ਵਿਕਾਸ ਪੱਖੋਂ ਅਣਗੌਲੇ ਕੀਤੇ ਗਏ ਪਟਿਆਲਾ ਦੇ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਤੇ ਮੌਜੂਦਾ ਪੰਜਾਬ ਸਰਕਾਰ ਇਸ ਪੱਖੋਂ ਸੁਹਿਰਦ ਯਤਨ ਕਰ ਰਹੀ ਹੈ।

ਉਨ੍ਹਾਂ ਦੱਸਿਆ ਕਿ ਸਰਕਾਰ ਨੇ ਲੋਕਾਂ ਨੂੰ 600 ਯੂਨਿਟ ਮੁਫ਼ਤ ਬਿਜਲੀ ਸਮੇਤ ਕਿਸਾਨਾਂ ਨੂੰ ਵੀ 8 ਘੰਟੇ ਪੂਰੀ ਬਿਜਲੀ ਸਪਲਾਈ ਨਿਰਵਿਘਨ ਦਿੱਤੀ ਜਾ ਰਹੀ ਹੈ। ਜਦਕਿ ਸਰਕਾਰ ਵੱਲੋਂ ਖਰੀਦੀ ਪਛਵਾੜਾ ਕੋਲਾ ਖਾਣ ਤੋਂ ਕੋਲਾ ਕੱਢਣ ਕਰਕੇ 1200 ਕਰੋੜ ਰੁਪਏ ਦਾ ਸਰਕਾਰੀ ਖ਼ਜ਼ਾਨੇ ਨੂੰ ਲਾਭ ਹੋਇਆ ਹੈ। ਇਸੇ ਤਰ੍ਹਾਂ ਹੀ ਜੀਵੀਕੇ ਤਾਪ ਬਿਜਲੀ ਘਰ ਖਰੀਦ ਕੇ ਇਸ ਦਾ ਨਾਲ ਸ੍ਰੀ ਗੁਰੁ ਅਮਰਦਾਸ ਥਰਮਲ ਪਲਾਂਟ ਰੱਖਿਆ ਗਿਆ ਹੈ, ਇਸ ਨਾਲ ਵਿੱਤੀ ਲਾਭ ਹੋਣ ਸਮੇਤ ਬਿਜਲੀ ਖੇਤਰ ‘ਚ ਵੱਡਾ ਸੁਧਾਰ ਦਰਜ ਕੀਤਾ ਗਿਆ ਹੈ।

ਲੋਕ ਨਿਰਮਾਣ ਮੰਤਰੀ ਨੇ ਦੱਸਿਆ ਕਿ 2130 ਕਰੋੜ ਰੁਪਏ ਖ਼ਰਚ ਕੇ 2173 ਕਿਲੋਮੀਟਰ ਨਵੀਆਂ ਸੜਕਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਅਤੇ 185 ਕਰੋੜ ਰੁਪਏ ਦੀ ਲਾਗਤ ਨਾਲ 34 ਪੁਲ ਤਿਆਰ ਕਰਨ ਸਮੇਤ ਲੋਕਾਂ ਨੂੰ ਰਾਹਤ ਦੇਣ ਲਈ 20 ਟੋਲ ਪਲਾਜੇ ਬੰਦ ਕੀਤੇ ਗਏ ਹਨ।

ਹਰਭਜਨ ਸਿੰਘ ਨੇ ਕਿ ਨਸ਼ਿਆਂ ਦੀ ਲਾਹਨਤ ਖ਼ਤਮ ਕਰਨ ਲਈ ਚਲਾਏ ਯੁੱਧ ਨਸ਼ਿਆਂ ਵਿਰੁੱਧ ਤਹਿਤ ਵੱਡੇ ਨਸ਼ਾ ਤਸਕਰ ਜੇਲ੍ਹਾਂ ‘ਚ ਸੁੱਟੇ ਗਏ ਤੇ 25 ਹਜਾਰ ਗ੍ਰਿਫ਼ਤਾਰੀਆਂ ਕਰਕੇ ਨਸ਼ਾ ਤਸਕਰਾਂ ਦੇ ਘਰ ਵੀ ਢਾਹੇ ਗਏ ਹਨ। ਇਸ ਦੇ ਨਾਲ ਹੀ ਸਰਹੱਦ ਪਾਰੋਂ ਨਸ਼ਾ ਤਸਕਰੀ ਰੋਕਣ ਲਈ ਐਂਟੀ ਡਰੋਨ ਪ੍ਰਣਾਲੀ ‘ਬਾਜ਼ ਅੱਖ’ ਵੀ ਸ਼ੁਰੂ ਕੀਤੀ ਹੈ।

ਉਨ੍ਹਾਂ ਕਿਹਾ ਕਿ ਈਜ਼ੀ ਰਜਿਸਟਰੀ ਦੀ ਪਹਿਲਕਦਮੀ ਕਰਕੇ ਰਾਜ ਦੇ ਵਸਨੀਕਾਂ ਨੂੰ ਵੱਡੀ ਰਾਹਤ ਦਿੱਤੀ ਹੈ ਅਤੇ ਮਾਲ ਵਿਭਾਗ ਸਮੇਤ ਟਰਾਂਸਪੋਰਟ ਵਿਭਾਗ ਦੀਆਂ ਸੇਵਾਵਾਂ ਸੇਵਾ ਕੇਂਦਰਾਂ ਰਾਹੀਂ ਲੋਕਾਂ ਦੇ ਘਰਾਂ ਤੱਕ ਪਹੁੰਚਾਈਆਂ ਜਾ ਰਹੀਆਂ ਹਨ।

ਉਨ੍ਹਾਂ ਨੇ ਸੂਬੇ ਦੀ ਖੇਤੀਬਾੜੀ ਨੂੰ ਪੰਜਾਬ ਦੀ ਆਰਥਿਕਤਾ ਦਾ ਧੁਰਾ ਦੱਸਦਿਆ ਕਿਹਾ ਕਿ ਪੰਜਾਬ ਸਰਕਾਰ ਨੇ ਖੇਤੀਬਾੜੀ ਤੇ ਬਾਗਬਾਨੀ ਸੁਧਾਰ ਅਤੇ ਕਿਸਾਨਾਂ ਦੀ ਭਲਾਈ ਲਈ ਅਤੇ ਫ਼ਸਲੀ ਵਿਭਿੰਨਤਾ ਸਮੇਤ ਝੋਨੇ ਦੀ ਸਿੱਧੀ ਬਿਜਾਈ ਨੂੰ ਪ੍ਰਫੁਲਤ ਕਰਨ ਲਈ ਪਹਿਲਕਦਮੀਆਂ ਲਈ ਵਿਸ਼ੇਸ਼ ਉਪਰਾਲੇ ਕੀਤੇ ਹਨ। ਨਤੀਜੇ ਵਜੋਂ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਵਿੱਚ ਸਾਲ 2023 ਦੇ ਮੁਕਾਬਲੇ 2024 ਦੌਰਾਨ 70 ਫ਼ੀਸਦੀ ਕਮੀ ਦਰਜ ਕੀਤੀ ਗਈ।

ਹਰਭਜਨ ਸਿੰਘ ਈਟੀਓ ਨੇ ਅੱਗੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਪਾਣੀਆਂ ਦੇ ਰਾਖੇ ਬਣੇ ਹਨ ਤੇ ਹਰਿਆਣਾ ਨੂੰ ਪੰਜਾਬ ਦੇ ਹਿੱਸੇ ਤੋਂ ਵਧੇਰੇ ਪਾਣੀ ਵਰਤਣ ਦੀ ਆਗਿਆ ਨਹੀਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨਹਿਰੀ ਟੇਲਾਂ ਉਤੇ ਪੈਂਦੇ ਖੇਤਾਂ ਨੂੰ ਦਹਾਕਿਆਂ ਬਾਅਦ ਸਿੰਜਾਈ ਲਈ ਨਹਿਰੀ ਪਾਣੀ ਮਿਲਿਆ ਹੈ। ਸਰਕਾਰ ਨੇ 18 ਹਜ਼ਾਰ ਤੋਂ ਵੱਧ ਖਾਲ਼ ਬਹਾਲ ਕਰਕੇ ਟੇਲਾਂ ਤੱਕ ਨਹਿਰੀ ਪਾਣੀ ਪਹੁੰਚਾਇਆ ਹੈ।

ਕੈਬਨਿਟ ਮੰਤਰੀ ਨੇ ਪਰੇਡ ਕਮਾਂਡਰ ਡੀ.ਐਸ.ਪੀ. ਫ਼ਤਿਹ ਸਿੰਘ ਬਰਾੜ ਦੀ ਅਗਵਾਈ ਹੇਠ ਆਈ.ਟੀ.ਬੀ.ਪੀ., ਜ਼ਿਲ੍ਹਾ ਪੁਲਿਸ ਤੇ ਮਹਿਲਾ ਵਿੰਗ, ਹੋਮ ਗਾਰਡਜ਼, ਐਨ.ਸੀ.ਸੀ ਗ਼ਰਲਜ਼, ਆਰਮੀ ਤੇ ਏਅਰ ਵਿੰਗ, ਰੈਡ ਕਰਾਸ ਸਮੇਤ ਬੈਂਡ ਦੀਆਂ ਟੁਕੜੀਆਂ ਤੋਂ ਸਲਾਮੀ ਲਈ। ਬਿਜਲੀ ਮੰਤਰੀ ਨੇ 16 ਅਗਸਤ ਦਿਨ ਸ਼ਨੀਵਾਰ ਨੂੰ ਸਕੂਲਾਂ ਤੇ ਕਾਲਜਾਂ ਲਈ ਛੁੱਟੀ ਦਾ ਐਲਾਨ ਕੀਤਾ ਹੈ।

Read More: ਹੈਰੋਇਨ ਫੜਨ ਵਾਲੇ ਪੁਲਿਸ ਮੁਲਾਜ਼ਮਾਂ ਨੂੰ ਪੰਜਾਬ ਸਰਕਾਰ ਦੇਵੇਗੀ ਇਨਾਮ: CM ਭਗਵੰਤ ਮਾਨ

Scroll to Top