IT ਸੈਕਟਰ

ਪੰਜਾਬ ਸਰਕਾਰ IT ਸੈਕਟਰ ਨੂੰ ਹੁਲਾਰਾ ਦੇਣ ਲਈ ਉਪਰਾਲੇ ਕਰ ਰਹੀ ਹੈ: ਹਰਪਾਲ ਸਿੰਘ ਚੀਮਾ

ਲੁਧਿਆਣਾ, 22 ਅਗਸਤ 2025: ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਆਈ.ਟੀ. ਸੈਕਟਰ ਨੂੰ ਹੁਲਾਰਾ ਦੇਣ ਸਬੰਧੀ ਕਾਫ਼ੀ ਸਾਰੀ ਭੂਮੀ ਰਿਜਰਵ ਕੀਤੀ ਹੈ, ਜਿੱਥੇ ਆਈ.ਟੀ. ਸੈਕਟਰ ਨੂੰ ਹੋਰ ਡਿਵੈਲਪ ਕੀਤਾ ਜਾਵੇਗਾ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਸਥਾਨਕ ਹੋਟਲ ਰੀਜੈਂਟਾ ਸੈਂਟਰਲ ਕਲਾਸਿਕ ਵਿਖੇ ”ਆਈ.ਟੀ. ਇੰਡੀਆ ਐਕਸਪੋ – 2025” ਮੌਂਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਉਣ ਵਾਲੇ ਸਮੇਂ ‘ਚ ਆਈ.ਟੀ. ਸੈਕਟਰ ਨੂੰ ਕਾਫ਼ੀ ਸ਼ਹਿਰਾਂ ‘ਚ ਅੱਗੇ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ ਕਿ ਉਦਯੋਗਪਤੀਆਂ ਵੱਲੋਂ ਕਰੀਬ ਇੱਕ ਲੱਖ ਕਰੋੜ ਰੁਪਏ ਤੋਂ ਵੱਧ ਦੀ ਇਨਵੈਸਟਮੈਂਟ ਕੀਤੀ ਜਾ ਚੁੱਕੀ ਹੈ ਅਤੇ ਆਈ.ਟੀ. ਖੇਤਰ ‘ਚ ਵੀ ਵੱਡੇ ਪੱਧਰ ‘ਤੇ ਇਨਵੈਸਟਮੈਂਟ ਆ ਰਹੀ ਹੈ।

ਇਸ ਮੌਕੇ ਵਿੱਤ ਮੰਤਰੀ ਦੇ ਨਾਲ ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੀ ਮੌਜੂਦ ਸਨ। ਉਨ੍ਹਾਂ ਇਸ ਐਗਜੀਬਿਸ਼ਨ ਕਰਵਾਉਣ ਵਾਲੀ ਸਾਰੀ ਟੀਮ ਨੂੰ ਵੀ ਮੁਬਾਰਕਬਾਦ ਦਿੱਤੀ | ਜਿਨ੍ਹਾਂ ਲੁਧਿਆਣਾ ਸ਼ਹਿਰ ਦੇ ਵਸਨੀਕਾਂ ਖਾਸ ਕਰਕੇ ਆਈ.ਟੀ. ਸੈਕਟਰ ਨਾਲ ਜੁੜੇ ਵਿਦਿਆਰਥੀਆਂ ਨੂੰ ਨਵੀਂ ਤਕਨੀਕ ਬਾਰੇ ਜਾਣੂੰ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਨਾਮੀ ਕੰਪਨੀਆਂ ਦੀ ਇਸ ਐਗਜੀਬਿਸ਼ਨ ‘ਚ ਲੁਧਿਆਣਾ ਤੋਂ ਇਲਾਵਾ ਹੋਰਨਾਂ ਸ਼ਹਿਰਾਂ ਦੇ ਲੋਕਾਂ ਵੱਲੋਂ ਵੀ ਸ਼ਮੂਲੀਅਤ ਕਰਕੇ ਨਵੇਂ ਪ੍ਰੋਡਕਟਾਂ ਦੀ ਖਰੀਦ ਕੀਤੀ ਜਾ ਰਹੀ ਹੈ ਅਤੇ ਆਪਣਾ ਤਜ਼ਰਬਾ ਸਾਂਝਾ ਕੀਤਾ ਜਾ ਰਿਹਾ ਹੈ।

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਪੰਜਾਬ ਸੂਬੇ ਦੀ ਹੀ ਨਹੀਂ ਸਗੋਂ ਭਾਰਤ ਦੀ ਸਭ ਤੋਂ ਵੱਡੀ ਐਗਜੀਬਿਸ਼ਨ ਹੈ, ਜਿਸਦੀ ਤਿਆਰੀ ਪਿਛਲੇ ਕਰੀਬ 3 ਸਾਲਾਂ ਤੋਂ ਕੀਤੀ ਜਾ ਰਹੀ ਸੀ, ਜਿਸਦਾ ਨਤੀਜਾ ਸਾਹਮਣੇ ਹੈ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਕੰਪਨੀਆਂ ਦੇ ਕਰੀਬ 1000 ਤੋਂ ਵੱਧ ਡੀਲਰਾਂ ਵੱਲੋਂ ਸ਼ਿਰਕਤ ਕੀਤੀ ਜਾ ਚੁੱਕੀ ਹੈ ਅਤੇ ਆਈ.ਟੀ. ਸੈਕਟਰ ਨਾਲ ਜੁੜੇ ਕਰੀਬ 22 ਹਜ਼ਾਰ ਵਿਦਿਆਰਥੀਆਂ ਵੱਲੋਂ ਰਜਿਸਟਰੇਸ਼ਨ ਕਰਵਾਈ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਇਸ ਐਗਜੀਬਿਸ਼ਨ ਰਾਹੀਂ ਵਿਦਿਆਰਥੀ ਨਵੀਂ ਤਕਨੀਕ ਬਾਰੇ ਜਾਣਕਾਰੀ ਹਾਸਲ ਕਰਨ ‘ਚ ਸਫਲ ਹੋਣਗੇ ਜਿਹੜੀ ਕਿ ਆਨਲਾਈਨ ਉਪਲਬੱਧ ਨਹੀਂ ਹੁੰਦੀ ਹੈ।

ਉਨ੍ਹਾਂ ਨੇ ਮੌਜੂਦਾ ਹੜ੍ਹ ਵਰਗੇ ਨਾਜੁਕ ਹਾਲਾਤਾਂ ਦੌਰਾਨ, ਕੇਂਦਰ ਸਰਕਾਰ ਨੂੰ ਪੰਜਾਬ ਸੂਬੇ ਦੀ ਸਾਰ ਲੈਣੀ ਚਾਹੀਦੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਸੂਬੇ ਦੀ ਕਰੀਬ 50 ਹਜ਼ਾਰ ਕਰੋੜ ਰੁਪਏ ਜੀ.ਐਸ.ਟੀ. ਦੇ ਨੁਕਸਾਨ ਦੀ ਭਰਪਾਈ ਦੇ ਨਾਲ ਕਰੀਬ 10 ਹਜ਼ਾਰ ਕਰੋੜ ਰੁਪਏ ਰੂਰਲ ਡਿਵੈਲਪਮੈਂਟ ਫੰਡ (ਆਰ.ਡੀ.ਐਫ.) ਨੂੰ ਵੀ ਜਾਰੀ ਕੀਤਾ ਜਾਵੇ।

ਉਨ੍ਹਾਂ ਦੱਸਿਆ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਮੰਤਰੀ ਸਹਿਬਾਨਾਂ ਦੇ ਨਾਲ ਪ੍ਰਸ਼ਾਸ਼ਨ ਵੀ ਪੂਰੀ ਤਰ੍ਹਾਂ ਮੂਸਤੈਦ ਹੈ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਇਸ ਸਮੇਂ ਪੰਜਾਬ ਸੂਬੇ ਦੀ ਮੱਦਦ ਲਈ ਅੱਗੇ ਆਉਣਾ ਚਾਹੀਦਾ ਹੈ ਅਤੇ ਹੜ੍ਹ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਲਈ ਸਪੈਸ਼ਲ ਗਰਾਂਟ ਜਾਰੀ ਕਰਨੀ ਚਾਹੀਦੀ ਹੈ।

ਇਸ ਦੌਰਾਨ ਵਿੱਤ ਮੰਤਰੀ ਨੇ ਉੱਘੇ ਕਮੇਡੀਅਨ ਜਸਵਿੰਦਰ ਸਿੰਘ ਭੱਲਾ ਜੀ ਦੇ ਪਰਿਵਾਰ ਪ੍ਰਤੀ ਵੀ ਆਪਣੀ ਸੰਵੇਦਨਾ ਪ੍ਰਗਟ ਕੀਤੀ। ਉਨ੍ਹਾ ਕਿਹਾ ਕਿ ਜਸਵਿੰਦਰ ਭੱਲਾ ਜੀ ਨੇ ਪੂਰੀ ਪੰਜਾਬੀਅਤ ਹੀ ਨਹੀਂ ਸਗੋਂ ਦੁਨੀਆਂ ਭਰ ਦੇ ਲੋਕਾਂ ਨੂੰ ਹਸਾਇਆ ਤੇ ਲੋਕਾਂ ਦਾ ਸੱਭਿਆਚਾਰਕ ਮਨੋਰੰਜਨ ਕੀਤਾ। ਉਨ੍ਹਾਂ ਜਸਵਿੰਦਰ ਭੱਲਾ ਦੇ ਵਿਛੋੜੇ ਨੂੰ ਪੰਜਾਬੀ ਫਿਲਮ ਜਗਤ ਲਈ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ।

Read More: ਸੇਫ਼ ਪੰਜਾਬ ਪੋਰਟਲ ਸਦਕਾ ਨਸ਼ਿਆਂ ਵਿਰੁੱਧ ਮੁਹਿੰਮ ‘ਚ 5,000 ਤੋਂ ਵੱਧ FIR ਦਰਜ: ਹਰਪਾਲ ਸਿੰਘ ਚੀਮਾ

Scroll to Top