ਪੰਜਾਬ ਵਿਧਾਨ ਸਭਾ ਚੋਣਾਂ : ਭਗਵੰਤ ਮਾਨ ਨੇ ਚੋਣ ਪ੍ਰਚਾਰ ਦੌਰਾਨ ਵਿਰੋਧੀਆਂ ‘ਤੇ ਚੁੱਕੇ ਸਵਾਲ

ਚੰਡੀਗੜ੍ਹ, 2 ਫ਼ਰਵਰੀ 2022 : ਆਮ ਆਦਮੀ ਪਾਰਟੀ ਦੇ ਸੀ.ਐਮ ਚਿਹਰਾ ਐਲਾਨੇ ਗਏ ਭਗਵੰਤ ਮਾਨ ਵੱਲੋਂ ਵਿਧਾਨ ਸਭਾ ਵੋਟਾਂ ਦੇ ਮੱਦੇਨਜ਼ਰ ਧੂਰੀ ਵਿੱਚ ਚੋਣ ਪ੍ਰਚਾਰ ਕੀਤਾ ਗਿਆ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਨਾਮਜ਼ਦਗੀ ਪੱਤਰ ਸਹੀ ਢੰਗ ਨਾਲ ਭਰੇ ਗਏ ਹਨ ਅਤੇ ਹੁਣ ਉਨ੍ਹਾਂ ਨੂੰ ਇਨਕਲਾਬੀ ਲੋਕਾਂ ਦੇ ਆਸ਼ੀਰਵਾਦ ਦੀ ਲੋੜ ਹੈ। ਭਗਵੰਤ ਮਾਨ ਨੇ ਕਿਹਾ ਕਿ ਸਮੇਂ ਦੀਆਂ ਸਰਕਾਰਾਂ ਨੇ ਸਿਰਫ ਪੰਜਾਬ ਦੇ ਲੋਕਾਂ ਨੂੰ ਲੁੱਟਿਆ ਅਤੇ ਪੰਜਾਬੀਆਂ ਦਾ ਕੋਈ ਭਲਾ ਨਹੀਂ ਸੋਚਿਆ।

ਉਨ੍ਹਾਂ ਬਾਦਲ ਪਰਿਵਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਇਹ ਕਹਿ ਕੇ ਤੀਜੀ ਵਾਰ ਚੋਣ ਲੜ ਰਹੇ ਹਨ ਕਿ ਇਹ ਉਨ੍ਹਾਂ ਦੀ ਆਖਰੀ ਚੋਣ ਹੈ। ਇਸ ਮੌਕੇ ਉਨ੍ਹਾਂ ਪ੍ਰਧਾਨ ਮੰਤਰੀ ਮੋਦੀ ‘ਤੇ ਵਰ੍ਹਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਭਾਵੇਂ ਤਿੰਨ ਕਾਲੇ ਖੇਤੀ ਕਾਨੂੰਨ ਵਾਪਸ ਲਏ ਪਰ ਇਸ ਦਾ ਬਦਲਾ ਉਨ੍ਹਾਂ ਨੇ ਬਜਟ ਦੌਰਾਨ ਖਾਦਾਂ ‘ਤੇ ਸਬਸਿਡੀ ਘਟਾ ਕੇ ਲਿਆ ਹੈ।

ਇਕ ਪਾਸੇ ਕੇਂਦਰ ਸਰਕਾਰ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦੀ ਗੱਲ ਕਰਦੀ ਹੈ ਅਤੇ ਦੂਜੇ ਪਾਸੇ ਇਸ ਨੂੰ ਅੱਧਾ ਕਰ ਰਹੀ ਹੈ, ਜੋ ਕਿ ਕਿਸਾਨਾਂ ਨਾਲ ਬਿਲਕੁਲ ਵੀ ਜਾਇਜ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਸਰਕਾਰਾਂ ਦਾ ਕੰਮ ਨਹੀਂ ਹੈ। ਇਸ ਮੌਕੇ ਹਲਕਾ ਵਾਸੀਆਂ ਨੇ ਭਗਵੰਤ ਮਾਨ ਨੂੰ ਆਪਣੀਆਂ ਸਮੱਸਿਆਵਾਂ ਵੀ ਸੁਣਾਈਆਂ। ਭਗਵੰਤ ਮਾਨ ਨੇ ਲੋਕਾਂ ਦੀਆਂ ਸਾਰੀਆਂ ਸਮੱਸਿਆਵਾਂ ਹੱਲ ਕਰਨ ਦਾ ਭਰੋਸਾ ਦਿੱਤਾ।

Scroll to Top