ਗੁਰਦਾਸਪੁਰ , 28 ਅਗਸਤ 2025: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੀਤੇ ਦਿਨ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ ‘ਚ ਫਸੇ ਲੋਕਾਂ ਨੂੰ ਰਾਹਤ ਸਮੱਗਰੀ ਪਹੁੰਚਾਉਣ ਅਤੇ ਕੱਢਣ ਲਈ ਪੰਜਾਬ ਸਰਕਾਰ ਦਾ ਹੈਲੀਕਾਪਟਰ ਤਾਇਨਾਤ ਕਰਨ ਦਾ ਐਲਾਨ ਕੀਤਾ। ਇਸ ਮੌਕੇ ਮੁੱਖ ਮੰਤਰੀ ਮਾਨ ਦਾ ਕਹਿਣਾ ਸੀ ਕਿ ਪੰਜਾਬ ਦੇ ਲੋਕਾਂ ਨੇ ਸਾਡੇ ਹੱਕ ‘ਚ ਵੱਡਾ ਫਤਵਾ ਦੇ ਕੇ ਸਾਨੂੰ ਇਹ ਹੈਲੀਕਾਪਟਰ ਦਿੱਤਾ ਅਤੇ ਇਹ ਹੈਲੀਕਾਪਟਰ ਇਸ ਸੰਕਟ ਦੀ ਘੜੀ ‘ਚ ਲੋਕਾਂ ਦੀ ਸੇਵਾ ਲਈ ਤਾਇਨਾਤ ਕੀਤਾ ਜਾਵੇਗਾ।”
ਮੁੱਖ ਮੰਤਰੀ ਨੇ ਬੀਤੇ ਦਿਨ ਗੁਰਦਾਸਪੁਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਤੂਫਾਨੀ ਦੌਰਾ ਕਰਦਿਆਂ ਕਿਹਾ ਕਿ ਕੁਝ ਲੋਕ ਪਾਣੀ ਨਾਲ ਭਰੇ ਪਿੰਡਾਂ ‘ਚ ਫਸੇ ਹੋਏ ਹਨ, ਜਿਨ੍ਹਾਂ ਨੂੰ ਤੁਰੰਤ ਮੱਦਦ ਦੀ ਲੋੜ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪ੍ਰਭਾਵਿਤ ਖੇਤਰਾਂ ‘ਚ ਫਸੇ ਲੋਕਾਂ ਨੂੰ ਤੁਰੰਤ ਕੱਢਣ ਲਈ ਲੋਕਾਂ ਦੀ ਸੇਵਾ ਲਈ ਆਪਣਾ ਹੈਲੀਕਾਪਟਰ ਤਾਇਨਾਤ ਕੀਤਾ ਹੈ।
ਭਗਵੰਤ ਮਾਨ ਨੇ ਕਿਹਾ ਕਿ ਹੁਣ ਤੋਂ ਉਹ ਕਾਰ ਰਾਹੀਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ, ਜਦੋਂ ਕਿ ਹੈਲੀਕਾਪਟਰ ਲੋਕਾਂ ਦੀ ਸੇਵਾ ਲਈ ਉਪਲਬੱਧ ਰਹੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਸਾਰੇ ਜ਼ਿਲ੍ਹਿਆਂ ‘ਚ ਕੰਟਰੋਲ ਰੂਮ ਸਥਾਪਤ ਕੀਤੇ ਹਨ। ਸੂਬਾ ਸਰਕਾਰ ਭਾਰੀ ਮੀਂਹ ਕਾਰਨ ਹੋਏ ਨੁਕਸਾਨ ਦੀ ਭਰਪਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਸਥਿਤੀ ਦੀ ਲਗਾਤਾਰ ਨਿਗਰਾਨੀ ਕਰ ਰਹੇ ਹਨ ਅਤੇ ਵੱਖ-ਵੱਖ ਜ਼ਿਲ੍ਹਿਆਂ ਦੇ ਪ੍ਰਸ਼ਾਸਨ ਤੋਂ ਪਾਣੀ ਦੇ ਪੱਧਰ ਅਤੇ ਰਾਹਤ ਕਾਰਜਾਂ ਬਾਰੇ ਪਲ-ਪਲ ਜਾਣਕਾਰੀ ਲੈ ਰਹੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਸ ਸੰਕਟ ਦੀ ਘੜੀ ‘ਚ ਲੋਕਾਂ ਦੀ ਮੱਦਦ ਕਰਨਾ ਆਪਣਾ ਫਰਜ਼ ਸਮਝਦੀ ਹੈ | ਉਨ੍ਹਾਂ ਕਿਹਾ ਕਿ ਪ੍ਰਭਾਵਿਤ ਇਲਾਕਿਆਂ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਹਰ ਵਿਅਕਤੀ ਨੂੰ ਮੱਦਦ ਦਿੱਤੀ ਜਾ ਰਹੀ ਹੈ। ਖਾਸ ਕਰਕੇ ਸਭ ਤੋਂ ਵੱਧ ਪ੍ਰਭਾਵਿਤ ਇਲਾਕਿਆਂ ‘ਚ ਰਾਹਤ ਯਕੀਨੀ ਬਣਾਉਣ ‘ਤੇ ਜ਼ੋਰ ਦਿੱਤਾ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।
ਮੁੱਖ ਮੰਤਰੀ ਨੇ ਕਿਹਾ ਕਿ ਸਾਰੇ ਕੈਬਨਿਟ ਮੰਤਰੀ, ਵਿਧਾਇਕ ਅਤੇ ਅਧਿਕਾਰੀ ਇਸ ਮੁਸ਼ਕਿਲ ਸਮੇਂ ‘ਚ ਆਪਣੇ-ਆਪਣੇ ਖੇਤਰਾਂ ‘ਚ ਲੋੜਵੰਦ ਲੋਕਾਂ ਦੀ ਮੱਦਦ ਲਈ ਪਹੁੰਚ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪਾਣੀ ਦੇ ਪੱਧਰ ਨੂੰ ਵਧਦੇ ਜਾਣ ਤੋਂ ਲੋਕਾਂ ਦੀ ਜਾਨ-ਮਾਲ ਦੀ ਰੱਖਿਆ ਲਈ ਢੁਕਵੇਂ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਐਸਐਸਪੀਜ਼ ਨੂੰ ਰਾਹਤ ਕਾਰਜਾਂ ‘ਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਲੋਕਾਂ ਨੂੰ ਮੱਦਦ ਮਿਲ ਸਕੇ।
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਭਾਰੀ ਬਾਰਸ਼ ਕਾਰਨ ਪੈਦਾ ਹੋਈ ਇਸ ਸਥਿਤੀ ਵਿੱਚ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੰਤਰੀ, ਵਿਧਾਇਕ ਅਤੇ ਅਧਿਕਾਰੀ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰ ਰਹੇ ਹਨ ਤਾਂ ਜੋ ਇਨ੍ਹਾਂ ਖੇਤਰਾਂ ਤੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਭੇਜਿਆ ਜਾ ਸਕੇ।
ਮੁੱਖ ਮੰਤਰੀ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਵੱਡੇ ਪੱਧਰ ‘ਤੇ ਰਾਹਤ ਅਤੇ ਬਚਾਅ ਕਾਰਜ ਪਹਿਲਾਂ ਹੀ ਚੱਲ ਰਹੇ ਹਨ ਤਾਂ ਜੋ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਮੁਸ਼ਕਲ ਸਮੇਂ ਵਿੱਚ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਹੜ੍ਹਾਂ ਕਾਰਨ ਲੋਕਾਂ ਨੂੰ ਹੋਏ ਨੁਕਸਾਨ ਦਾ ਮੁਲਾਂਕਣ ਕਰਨ ਲਈ ਪਹਿਲਾਂ ਹੀ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਵਿਸ਼ੇਸ਼ ਗਿਰਦਾਵਰੀ ਨਿਰਪੱਖ ਢੰਗ ਨਾਲ ਕੀਤੀ ਜਾਵੇ ਤਾਂ ਜੋ ਲੋਕਾਂ ਨੂੰ ਉਨ੍ਹਾਂ ਦੇ ਨੁਕਸਾਨ ਦਾ ਪੂਰਾ ਮੁਆਵਜ਼ਾ ਦਿੱਤਾ ਜਾ ਸਕੇ।
ਮੁੱਖ ਮੰਤਰੀ ਨੇ ਕਿਹਾ ਕਿ ਨੁਕਸਾਨ ਦੀ ਪੂਰੀ ਭਰਪਾਈ ਲਈ ਲੋਕਾਂ ਦੀਆਂ ਫਸਲਾਂ, ਜਾਨਵਰਾਂ, ਘਰਾਂ ਅਤੇ ਹੋਰ ਚੀਜ਼ਾਂ ਨੂੰ ਵਿਸ਼ੇਸ਼ ਗਿਰਦਾਵਰੀ ਵਿੱਚ ਸ਼ਾਮਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨੀਵੇਂ ਇਲਾਕਿਆਂ ਵਿੱਚ ਜਿੱਥੇ ਪਾਣੀ ਨੇ ਤਬਾਹੀ ਮਚਾਈ ਹੈ, ਉੱਥੇ ਹੋਏ ਨੁਕਸਾਨ ਦਾ ਮੁਲਾਂਕਣ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਢੁਕਵਾਂ ਮੁਆਵਜ਼ਾ ਦਿੱਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਸਰਕਾਰ ਹੜ੍ਹਾਂ ਦੌਰਾਨ ਹੋਏ ਨੁਕਸਾਨ ਦੀ ਹਰ ਇੱਕ ਰਕਮ ਦੀ ਭਰਪਾਈ ਕਰੇਗੀ।
Read More: CM ਭਗਵੰਤ ਮਾਨ ਅੱਜ ਫਿਰੋਜ਼ਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕਰਨਗੇ ਦੌਰਾ