ਹਰਿਆਣਾ, 03 ਸਤੰਬਰ 2025: ਹਰਿਆਣਾ ਸਰਕਾਰ ਨੇ ਭਾਰੀ ਮੀਂਹ ਕਾਰਨ ਆਈ ਆਫ਼ਤ ਦਾ ਸਾਹਮਣਾ ਕਰ ਰਹੇ ਪੰਜਾਬ ਅਤੇ ਜੰਮੂ-ਕਸ਼ਮੀਰ ਦੇ ਲੋਕਾਂ ਨਾਲ ਡੂੰਘੀ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ ਹੈ ਅਤੇ ਮੁੱਖ ਮੰਤਰੀ ਰਾਹਤ ਫੰਡ ‘ਚੋਂ ਦੋਵਾਂ ਸੂਬਿਆਂ ਨੂੰ 5-5 ਕਰੋੜ ਰੁਪਏ ਜਾਰੀ ਕੀਤੇ ਹਨ। ਇਸ ਸਹਾਇਤਾ ਦਾ ਉਦੇਸ਼ ਪ੍ਰਭਾਵਿਤ ਪਰਿਵਾਰਾਂ ਨੂੰ ਤੁਰੰਤ ਰਾਹਤ ਪ੍ਰਦਾਨ ਕਰਨਾ ਅਤੇ ਦੋਵਾਂ ਸੂਬਿਆਂ ‘ਚ ਚਲਾਏ ਜਾ ਰਹੇ ਬਚਾਅ ਅਤੇ ਪੁਨਰਵਾਸ ਕਾਰਜਾਂ ਨੂੰ ਮਜ਼ਬੂਤ ਕਰਨਾ ਹੈ।
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੂੰ ਲਿਖੇ ਪੱਤਰ ਚ ਕਿਹਾ ਕਿ ਕੁਦਰਤੀ ਆਫ਼ਤ ਦੀ ਇਸ ਘੜੀ ਚ, ਹਰਿਆਣਾ ਸਰਕਾਰ ਅਤੇ ਰਾਜ ਦੇ ਲੋਕ ਉਨ੍ਹਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਭਾਰੀ ਮੀਂਹ ਅਤੇ ਹੜ੍ਹਾਂ ਕਾਰਨ ਆਮ ਲੋਕਾਂ ਨੂੰ ਗੰਭੀਰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਅਜਿਹੀ ਸਥਿਤੀ ‘ਚ ਹਰਿਆਣਾ ਸਰਕਾਰ ਦਾ ਫਰਜ਼ ਬਣਦਾ ਹੈ ਕਿ ਉਹ ਗੁਆਂਢੀ ਸੂਬੇ ਅਤੇ ਦੋਸਤ ਦੀ ਭੂਮਿਕਾ ਨਿਭਾਏ।
ਮੁੱਖ ਮੰਤਰੀ ਨੇ ਇਹ ਵੀ ਭਰੋਸਾ ਦਿੱਤਾ ਕਿ ਹਰਿਆਣਾ ਸਰਕਾਰ ਪ੍ਰਭਾਵਿਤ ਲੋਕਾਂ ਨੂੰ ਛੇਤੀ ਅਤੇ ਢੁਕਵੀਂ ਸਹਾਇਤਾ ਪ੍ਰਦਾਨ ਕਰਨ ਲਈ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਲਈ ਤਿਆਰ ਹੈ। ਉਨ੍ਹਾਂ ਦੋਵਾਂ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਵੀ ਤਰ੍ਹਾਂ ਦੀ ਵਾਧੂ ਰਾਹਤ ਸਮੱਗਰੀ ਜਾਂ ਸਹਾਇਤਾ ਦੀ ਲੋੜ ਹੈ ਤਾਂ ਉਹ ਸੂਚਿਤ ਕਰਨ, ਹਰਿਆਣਾ ਸਰਕਾਰ ਤੁਰੰਤ ਲੋੜੀਂਦੀ ਮੱਦਦ ਪ੍ਰਦਾਨ ਕਰੇਗੀ।
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਆਫ਼ਤ ਦੀ ਇਸ ਘੜੀ ‘ਚ ਸਭ ਤੋਂ ਵੱਡੀ ਤਰਜੀਹ ਪ੍ਰਭਾਵਿਤ ਲੋਕਾਂ ਦੇ ਚਿਹਰਿਆਂ ‘ਤੇ ਉਮੀਦ ਅਤੇ ਰਾਹਤ ਲਿਆਉਣਾ ਹੈ। ਹਰਿਆਣਾ ਸਰਕਾਰ ਇਸ ਦਿਸ਼ਾ ‘ਚ ਆਪਣਾ ਯੋਗਦਾਨ ਯਕੀਨੀ ਬਣਾਏਗੀ, ਤਾਂ ਜੋ ਕੋਈ ਵੀ ਪਰਿਵਾਰ ਇਸ ਸੰਕਟ ਦੀ ਸਥਿਤੀ ‘ਚ ਇਕੱਲਾ ਮਹਿਸੂਸ ਨਾ ਕਰੇ।
ਜ਼ਿਕਰਯੋਗ ਹੈ ਕਿ ਹਾਲ ਹੀ ‘ਚ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਇੱਕ ਪੱਤਰ ਲਿਖ ਕੇ ਮਾਨਵਤਾ ਅਤੇ ਭਾਈਚਾਰੇ ਦੇ ਨਾਮ ‘ਤੇ ਆਫ਼ਤ ਦੀ ਇਸ ਘੜੀ ‘ਚ ਹਰਿਆਣਾ ਸਰਕਾਰ ਵੱਲੋਂ ਸਹਿਯੋਗ ਦੀ ਪੇਸ਼ਕਸ਼ ਕੀਤੀ ਸੀ।
Read More: ਦੀਨਦਿਆਲ ਲਾਡੋ ਲਕਸ਼ਮੀ ਯੋਜਨਾ ਔਰਤਾਂ ਨੂੰ ਸਵੈ-ਨਿਰਭਰਤਾ ਵੱਲ ਸਸ਼ਕਤ ਕਰੇਗੀ: ਆਰਤੀ ਸਿੰਘ ਰਾਓ




