Amritsar flood news

DC ਸਾਕਸ਼ੀ ਸਾਹਨੀ ਵੱਲੋਂ ਅੰਮ੍ਰਿਤਸਰ ‘ਚ ਹੜ੍ਹ ਪੀੜਤਾਂ ਲਈ ਮੁਆਵਜ਼ੇ ਸੰਬੰਧੀ ਬੈਠਕ

ਅੰਮ੍ਰਿਤਸਰ, 05 ਸਤੰਬਰ 2025: ਅੰਮ੍ਰਿਤਸਰ ਦੇ ਕਈਂ ਪਿੰਡ ਹੜ੍ਹ ਦੀ ਮਾਰ ਹੇਠ ਹਨ | ਇਸ ਦੌਰਾਨ ਅੰਮ੍ਰਿਤਸਰ ਦੀ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅਜਨਾਲਾ ‘ਚ ਅਧਿਕਾਰੀਆਂ ਨਾਲ ਬੈਠਕ ਕਰਕੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੀ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਜਿਨ੍ਹਾਂ ਪਰਿਵਾਰਾਂ ਦੇ ਘਰ ਪੂਰੀ ਤਰ੍ਹਾਂ ਤਬਾਹ ਹੋ ਗਏ ਹਨ ਜਾਂ ਜਿਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀ ਮੌਤ ਹੋ ਗਈ ਹੈ, ਉਨ੍ਹਾਂ ਨੂੰ ਤੁਰੰਤ ਮੁਆਵਜ਼ਾ ਦਿੱਤਾ ਜਾਵੇ ਤਾਂ ਜੋ ਭਵਿੱਖ ‘ਚ ਉਨ੍ਹਾਂ ਨੂੰ ਕਿਸੇ ਵੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।

ਡੀਸੀ ਸਾਕਸ਼ੀ ਸਾਹਨੀ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਲੋਕਾਂ ਲਈ ਰਾਹਤ ਅਤੇ ਪੁਨਰਵਾਸ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਉਨ੍ਹਾਂ ਜ਼ਿਲ੍ਹਾ ਮਾਲ ਅਧਿਕਾਰੀ ਨੂੰ ਐਸਡੀਐਮ ਅਤੇ ਹੋਰ ਅਧਿਕਾਰੀਆਂ ਦੇ ਸਹਿਯੋਗ ਨਾਲ ਸਮੇਂ ਸਿਰ ਮੁਆਵਜ਼ਾ ਅਤੇ ਰਾਹਤ ਸਮੱਗਰੀ ਵੰਡਣ ਦੇ ਨਿਰਦੇਸ਼ ਦਿੱਤੇ ਹਨ।

ਉਨ੍ਹਾਂ ਇਹ ਵੀ ਕਿਹਾ ਕਿ ਕਿਸੇ ਵੀ ਯੋਗ ਵਿਅਕਤੀ ਨੂੰ ਰਾਹਤ ਤੋਂ ਵਾਂਝਾ ਨਹੀਂ ਰੱਖਿਆ ਜਾਣਾ ਚਾਹੀਦਾ ਅਤੇ ਮੁਆਵਜ਼ੇ ਨਾਲ ਸਬੰਧਤ ਸਾਰੀਆਂ ਅਰਜ਼ੀਆਂ ਅਤੇ ਦਾਅਵਿਆਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ, ਤਾਂ ਜੋ ਲੋਕਾਂ ਨੂੰ ਛੇਤੀ ਤੋਂ ਛੇਤੀ ਮੱਦਦ ਮਿਲ ਸਕੇ।

ਅੰਮ੍ਰਿਤਸਰ ਦੀ ਡੀਸੀ ਸਾਕਸ਼ੀ ਸਾਹਨੀ ਨੇ ਕਿਹਾ ਕਿ ਪਿੰਡਾਂ ‘ਚ ਹੜ੍ਹ ਦਾ ਪਾਣੀ ਘੱਟ ਰਿਹਾ ਹੈ, ਪਰ ਨੀਵੇਂ ਇਲਾਕਿਆਂ ‘ਚ ਪਾਣੀ ਭਰਨ ਕਾਰਨ ਬਿਮਾਰੀਆਂ ਫੈਲਣ ਦਾ ਖ਼ਤਰਾ ਹੈ। ਇਸ ਨੂੰ ਰੋਕਣ ਲਈ, ਸਾਰੇ ਵਿਭਾਗਾਂ ਨੂੰ ਸੁਚੇਤ ਰਹਿਣ ਅਤੇ ਰੋਕਥਾਮ ਉਪਾਅ ਕਰਨ ਦੇ ਨਿਰਦੇਸ਼ ਦਿੱਤੇ ਹਨ।

ਸਿਹਤ ਅਤੇ ਪੰਚਾਇਤ ਵਿਭਾਗ ਨੂੰ ਘਰ-ਘਰ ਸਰਵੇਖਣ ਲਈ ਤੁਰੰਤ ਪ੍ਰਤੀਕਿਰਿਆ ਟੀਮਾਂ ਬਣਾਉਣ ਅਤੇ ਤਾਇਨਾਤ ਕਰਨ ਦੇ ਆਦੇਸ਼ ਦਿੱਤੇ ਹਨ। ਇਸ ਤੋਂ ਇਲਾਵਾ, ਹਸਪਤਾਲਾਂ ‘ਚ ਜ਼ਰੂਰੀ ਦਵਾਈਆਂ, ਟੈਸਟਿੰਗ ਕਿੱਟਾਂ ਅਤੇ ਢੁਕਵੇਂ ਬਿਸਤਰਿਆਂ ਦੀ ਉਪਲਬੱਧਤਾ ਨੂੰ ਯਕੀਨੀ ਬਣਾਉਣ ‘ਤੇ ਜ਼ੋਰ ਦਿੱਤਾ ਗਿਆ ਹੈ।

ਡੀਸੀ ਸਾਕਸ਼ੀ ਸਾਹਨੀ ਨੇ ਨਿਰਦੇਸ਼ ਦਿੱਤੇ ਕਿ ਸਿਹਤ ਕੇਂਦਰਾਂ ‘ਚ ਦਰਜ ਮਾਮਲਿਆਂ ਦੀ ਨਿਯਮਤ ਤੌਰ ‘ਤੇ ਨਿਗਰਾਨੀ ਕੀਤੀ ਜਾਵੇ ਅਤੇ ਪ੍ਰਭਾਵਿਤ ਖੇਤਰਾਂ ‘ਚ ਫੌਗਿੰਗ ਕੀਤੀ ਜਾਵੇ। ਉਨ੍ਹਾਂ ਨੇ ਵਿਭਾਗਾਂ ਤੋਂ ਇਸ ਬਾਰੇ ਰਿਪੋਰਟ ਵੀ ਮੰਗੀ ਹੈ।

ਡੀਸੀ ਦੇ ਹੁਕਮ ਤੋਂ ਬਾਅਦ, ਟੀਮਾਂ ਸਰਗਰਮ ਹੋ ਗਈਆਂ ਹਨ। ਪ੍ਰਭਾਵਿਤ ਪਿੰਡਾਂ ‘ਚ ਗੰਦੇ ਪਾਣੀ ਅਤੇ ਕੀਟਾਣੂਆਂ ਕਾਰਨ ਹੋਣ ਵਾਲੀਆਂ ਬਿਮਾਰੀਆਂ ਨੂੰ ਰੋਕਣ ਲਈ ਕਦਮ ਚੁੱਕੇ ਜਾ ਰਹੇ ਹਨ। ਨਾਲ ਹੀ, ਪਿੰਡਾਂ ‘ਚ ਰਾਹਤ ਸਮੱਗਰੀ ਪਹੁੰਚਾਈ ਜਾ ਰਹੀ ਹੈ ਅਤੇ ਜਾਨਵਰਾਂ ਲਈ ਹਰਾ ਚਾਰਾ ਵੀ ਉਪਲਬੱਧ ਕਰਵਾਇਆ ਜਾ ਰਿਹਾ ਹੈ।

Read More: ਪੰਜਾਬ ਦੇ ਕਈ ਜ਼ਿਲ੍ਹਿਆਂ ਦੇ ਪੇਂਡੂ ਇਲਾਕੇ ਪਾਣੀ ‘ਚ ਡੁੱਬੇ, ਕਿਸਾਨਾਂ ਦੀਆਂ ਫਸਲਾਂ ਬਰਬਾਦ

Scroll to Top