ਘਨੌਰ/ਪਟਿਆਲਾ, 05 ਸਤੰਬਰ 2025: ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਸਰਾਲਾ ਹੈੱਡ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਘੱਗਰ ‘ਚ ਪਾਣੀ ਵੱਧਣ ਕਾਰਨ ਘਨੌਰ ਖੇਤਰ ਦੇ ਲਗਭਗ 30 ਪਿੰਡ ਇਸ ਨਾਲ ਪ੍ਰਭਾਵਿਤ ਹੋਏ ਹਨ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਦੀ ਜਾਨ ਮਾਲ ਦੀ ਸੁਰੱਖਿਆ ਲਈ ਪੂਰੀ ਸਮਰੱਥਾ ਨਾਲ ਕੰਮ ਕੀਤਾ ਜਾ ਰਿਹਾ ਹੈ।
ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਪਾਣੀ ਦਾ ਪੱਧਰ ਕੁਝ ਘਟਣਾ ਸ਼ੁਰੂ ਹੋਇਆ ਹੈ ਅਤੇ ਪ੍ਰਸ਼ਾਸਨ ਇਸ ਸਥਿਤੀ ’ਤੇ ਚੌਵੀ ਘੰਟੇ ਨਿਗਰਾਨੀ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਘੱਗਰ ਦੇ ਨੇੜੇ ਹਰ 500 ਮੀਟਰ ’ਤੇ ਸਥਿਤੀ ’ਤੇ ਨਜ਼ਰ ਰੱਖੀ ਜਾ ਰਹੀ ਹੈ।
ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਾਵਧਾਨ ਰਹਿਣ, ਅਫਵਾਹਾਂ ’ਤੇ ਧਿਆਨ ਨਾ ਦੇਣ ਅਤੇ ਕਿਸੇ ਵੀ ਜਾਣਕਾਰੀ ਨੂੰ ਸਾਂਝਾ ਕਰਨ ਤੋਂ ਪਹਿਲਾਂ ਉਸਦੀ ਸੱਚਾਈ ਦੀ ਜਾਂਚ ਕਰ ਲੈਣ। ਉਨ੍ਹਾਂ ਕਿਹਾ ਕਿ ਲੋਕ ਕਿਸੇ ਵੀ ਤਰ੍ਹਾਂ ਦੀ ਮੱਦਦ ਜਾਂ ਜਾਣਕਾਰੀ ਲਈ ਤੁਰੰਤ ਪ੍ਰਸ਼ਾਸਨ ਨਾਲ ਸੰਪਰਕ ਕਰਨ।
ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਐਸ.ਡੀ.ਐਮ. ਰਾਜਪੁਰਾ ਅਵਿਕੇਸ਼ ਗੁਪਤਾ ਪ੍ਰਭਾਵਿਤ ਪਿੰਡਾਂ ਦਾ ਖੁਦ ਦੌਰਾ ਕਰ ਰਹੇ ਹਨ ਅਤੇ ਲੋਕਾਂ ਨੂੰ ਲੋੜੀਂਦੀ ਮੱਦਦ ਮੁਹੱਈਆ ਕਰਵਾ ਰਹੇ ਹਨ। ਉਨ੍ਹਾਂ ਨੇ ਕਿਹਾ ਹੋਰ ਸੀਨੀਅਰ ਅਧਿਕਾਰੀ ਰੋਜ਼ਾਨਾ ਪਟਿਆਲਾ ਜ਼ਿਲ੍ਹੇ ਦੇ ਸਾਰੇ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰ ਰਹੇ ਹਨ, ਤਾਂ ਜੋ ਮੌਕੇ ’ਤੇ ਹਲਾਤਾਂ ’ਤੇ ਨਿਗਰਾਨੀ ਕੀਤੀ ਜਾ ਸਕੇ ਅਤੇ ਲੋੜੀਦੀ ਮੱਦਦ ਮੁਹੱਈਆ ਕਰਵਾਈ ਜਾ ਸਕੇ।
ਇਸ ਤੋਂ ਬਾਅਦ ਡਿਪਟੀ ਕਮਿਸ਼ਨਰ ਨੇ ਭਗਤ ਧੰਨਾ ਜੀ ਗੁਰਦੁਆਰਾ ਸਾਹਿਬ ‘ਚ ਲਗਾਏ ਮੈਡੀਕਲ ਕੈਂਪ ਦਾ ਵੀ ਦੌਰਾ ਕੀਤਾ। ਉਨ੍ਹਾਂ ਨੇ ਮੈਡੀਕਲ ਟੀਮ ਨਾਲ ਗੱਲਬਾਤ ਕਰਕੇ ਪ੍ਰਭਾਵਿਤ ਨਿਵਾਸੀਆਂ ਨੂੰ ਸਮੇਂ ਸਿਰ ਸਿਹਤ ਸਹੂਲਤਾਂ ਤੁਰੰਤ ਉਪਲਬੱਧ ਕਰਵਾਉਣ ਦੇ ਨਿਰਦੇਸ਼ ਦਿੱਤੇ।
ਡਾ. ਪ੍ਰੀਤੀ ਯਾਦਵ ਨੇ ਇਹ ਵੀ ਕਿਹਾ ਕਿ ਜੇਕਰ ਘੱਗਰ ਦਰਿਆ ਦੇ ਕੈਚਮੈਂਟ ਇਲਾਕੇ ‘ਚ ਹੋਰ ਮੀਂਹ ਨਹੀਂ ਪੈਂਦਾ ਤਾਂ ਪਾਣੀ ਦਾ ਪੱਧਰ ਆਉਣ ਵਾਲੇ ਦਿਨਾਂ ‘ਚ ਲਗਾਤਾਰ ਘਟੇਗਾ। ਡਿਪਟੀ ਕਮਿਸ਼ਨਰ ਨੇ ਸਥਾਨਕ ਨਿਵਾਸੀਆਂ ਅਤੇ ਮਨਰੇਗਾ ਮਜ਼ਦੂਰਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਵੱਲੋਂ ਇਸ ਔਖੀ ਘੜੀ ਵਿੱਚ ਕੀਤੇ ਕੰਮ ਲਈ ਲਈ ਉਨ੍ਹਾਂ ਦੀ ਸਰਾਹਨਾ ਕੀਤੀ।
Read More: ਘੱਗਰ ‘ਚ ਪਾਣੀ ਦਾ ਪੱਧਰ ਕਾਬੂ ਵਿੱਚ, ਅਫਵਾਹਾਂ ‘ਤੇ ਧਿਆਨ ਨਾ ਦਿਓ: DC ਕੋਮਲ ਮਿੱਤਲ