ਪੰਜਾਬ, 09 ਸਤੰਬਰ 2025: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਹਿਮਾਚਲ ਪ੍ਰਦੇਸ਼ ਤੋਂ ਬਾਅਦ ਹ੍ਹੁਣ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ ਕੀਤਾ ਹੈ। ਪ੍ਰਧਾਨ ਮੰਤਰੀ ਗੁਰਦਾਸਪੁਰ ਪਹੁੰਚੇ ਹਨ। ਇੱਥੇ ਉਹ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਮਿਲਣਗੇ। ਇਸ ਤੋਂ ਬਾਅਦ ਇੱਕ ਸਮੀਖਿਆ ਬੈਠਕ ਕੀਤੀ ਜਾਵੇਗੀ, ਜਿਸ ‘ਚ ਪੰਜਾਬ ਦੇ ਮੁੱਖ ਸਕੱਤਰ ਹੜ੍ਹ ਬਾਰੇ ਰਿਪੋਰਟ ਪੇਸ਼ ਕਰਨਗੇ। ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਤੋਂ 80 ਹਜ਼ਾਰ ਕਰੋੜ ਰੁਪਏ ਦੀ ਮੰਗ ਕੀਤੀ ਹੈ।
ਪੰਜਾਬ ‘ਚ ਆਏ ਭਿਆਨਕ ਹੜ੍ਹਾਂ ਕਾਰਨ ਹੁਣ ਤੱਕ 51 ਜਣਿਆਂ ਦੀ ਮੌਤ ਹੋ ਚੁੱਕੀ ਹੈ। ਪੰਜਾਬ ਦੇ 15 ਜ਼ਿਲ੍ਹਿਆਂ ‘ਚ 3.87 ਲੱਖ ਲੋਕ ਅਤੇ 4.56 ਲੱਖ ਏਕੜ ਫਸਲ ਹੜ੍ਹਾਂ ਨਾਲ ਪ੍ਰਭਾਵਿਤ ਹੋਈ ਹੈ।
ਇਸ ਤੋਂ ਪਹਿਲਾਂ 5 ਸਤੰਬਰ ਨੂੰ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਅੰਮ੍ਰਿਤਸਰ, ਗੁਰਦਾਸਪੁਰ ਅਤੇ ਕਪੂਰਥਲਾ ‘ਚ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਅਤੇ ਪੀੜਤਾਂ ਨਾਲ ਮੁਲਾਕਾਤ ਕੀਤੀ ਸੀ ।
ਇਸ ਤੋਂ ਪਹਿਲਾਂ ਅੱਜ ਪ੍ਰਧਾਨ ਮੰਤਰੀ ਨੇ ਹੈਲੀਕਾਪਟਰ ਰਾਹੀਂ ਕੁੱਲੂ, ਮੰਡੀ ਅਤੇ ਚੰਬਾ ‘ਚ ਹੋਏ ਨੁਕਸਾਨ ਦਾ ਹਵਾਈ ਸਰਵੇਖਣ ਕੀਤਾ। ਇਸ ਤੋਂ ਬਾਅਦ, ਕਾਂਗੜਾ ‘ਚ ਆਫ਼ਤ ਸਬੰਧੀ ਇੱਕ ਬੈਠਕ ਕੀਤੀ, ਜਿਸ ‘ਚ ਅਧਿਕਾਰੀਆਂ ਨੇ ਉਨ੍ਹਾਂ ਨੂੰ ਨੁਕਸਾਨ ਬਾਰੇ ਜਾਣਕਾਰੀ ਦਿੱਤੀ। ਪ੍ਰਧਾਨ ਮੰਤਰੀ ਨੇ ਹਿਮਾਚਲ ਲਈ 1500 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ ਕੀਤਾ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਕੇਂਦਰ ਸਰਕਾਰ ਹਰ ਸੰਭਵ ਮੱਦਦ ਕਰੇਗੀ।
ਇਸ ਬੈਠਕ ‘ਚ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਵੀ ਮੌਜੂਦ ਸਨ। ਇਸ ਤੋਂ ਬਾਅਦ, ਪ੍ਰਧਾਨ ਮੰਤਰੀ ਨੇ ਮੰਡੀ, ਕੁੱਲੂ ਅਤੇ ਚੰਬਾ ਜ਼ਿਲ੍ਹਿਆਂ ਦੇ 18 ਪ੍ਰਭਾਵਿਤ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀ ਮੁਸ਼ਕਲ ਸੁਣੀ।
Read More: PM ਮੋਦੀ ਵੱਲੋਂ ਹੜ੍ਹ ਪ੍ਰਭਾਵਿਤ ਹਿਮਾਚਲ ਲਈ 1500 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ




