Fazilka News

Fazilka News: ਫਾਜ਼ਿਲਕਾ ਪੁਲਿਸ ਵੱਲੋਂ ਪਾਕਿਸਤਾਨ ਤੋਂ ਪ੍ਰਾਪਤ 27 ਹਥਿਆਰਾਂ ਸਣੇ ਦੋ ਗ੍ਰਿਫ਼ਤਾਰ

ਚੰਡੀਗੜ੍ਹ/ਫਿਰੋਜ਼ਪੁਰ, 11 ਸਤੰਬਰ 2025: ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਕਾਊਂਟਰ ਇੰਟੈਲੀਜੈਂਸ (CI) ਫਿਰੋਜ਼ਪੁਰ ਨੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਫਾਜ਼ਿਲਕਾ ਨਾਲ ਸਾਂਝੇ ਆਪ੍ਰੇਸ਼ਨ ‘ਚ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਦੇ ਨੇੜੇ ਸਰਹੱਦ ਪਾਰੋਂ ਚੱਲ ਰਹੇ ਸੰਗਠਿਤ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ | ਪੁਲਿਸ ਨੇ 27 ਆਧੁਨਿਕ .30 ਬੋਰ ਪਿਸਤੌਲਾਂ ਅਤੇ 470 ਜ਼ਿੰਦਾ ਕਾਰਤੂਸਾਂ ਨਾਲ ਦੋ ਹਥਿਆਰ ਸਪਲਾਇਰਾਂ ਨੂੰ ਗ੍ਰਿਫਤਾਰ ਕੀਤਾ ਹੈ।

ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੀ ਪਛਾਣ ਮੰਗਲ ਸਿੰਘ ਉਰਫ਼ ਮੰਗਲੀ, ਵਾਸੀ ਤੇਜਾ ਰਹੇਲਾ, ਫਾਜ਼ਿਲਕਾ ਅਤੇ ਗੁਰਮੀਤ ਸਿੰਘ, ਵਾਸੀ ਪਿੰਡ ਮੁਹਾਰ ਜਮਸ਼ੇਰ, ਫਾਜ਼ਿਲਕਾ ਵਜੋਂ ਹੋਈ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਹਥਿਆਰਾਂ ਦੀ ਇਹ ਵੱਡੀ ਖੇਪ ਪਾਕਿਸਤਾਨ ਤੋਂ ਇੱਕ ਵਿਦੇਸ਼ੀ ਸੰਸਥਾ ਰਾਹੀਂ ਪ੍ਰਾਪਤ ਕੀਤੀ ਸੀ ਅਤੇ ਸੂਬੇ ‘ਚ ਅਪਰਾਧਿਕ ਗਿਰੋਹਾਂ ਦੁਆਰਾ ਵਰਤੀ ਜਾਣੀ ਸੀ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਮੁਲਜ਼ਮ ਇਨ੍ਹਾਂ ਹਥਿਆਰਾਂ ਨੂੰ ਆਪਣੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ‘ਤੇ ਅਪਰਾਧਿਕ ਸਮੂਹਾਂ ਦੇ ਸੰਚਾਲਕਾਂ ਨੂੰ ਪਹੁੰਚਾਉਣ ਦੀ ਕੋਸ਼ਿਸ਼ ਕਰ ਰਹੇ ਸਨ।

ਇਸ ਬਾਰੇ ਏਆਈਜੀ ਸੀਆਈ ਫਿਰੋਜ਼ਪੁਰ ਗੁਰਸੇਵਕ ਸਿੰਘ ਬਰਾੜ ਨੇ ਕਿਹਾ ਕਿ ਭਰੋਸੇਯੋਗ ਜਾਣਕਾਰੀ ‘ਤੇ ਕਾਰਵਾਈ ਕਰਦਿਆਂ ਸੀਆਈ ਫਿਰੋਜ਼ਪੁਰ ਅਤੇ ਐਸਐਸਓਸੀ ਫਾਜ਼ਿਲਕਾ ਦੀਆਂ ਪੁਲਿਸ ਟੀਮਾਂ ਨੇ ਸਾਂਝੇ ਤੌਰ ‘ਤੇ ਫਾਜ਼ਿਲਕਾ ਖੇਤਰ ‘ਚ ਇੱਕ ਗੁਪਤ ਆਪ੍ਰੇਸ਼ਨ ਚਲਾਇਆ।

ਆਪ੍ਰੇਸ਼ਨ ਦੌਰਾਨ ਫਾਜ਼ਿਲਕਾ ‘ਚ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਵਾੜ ਦੇ ਨੇੜੇ ਪਿੰਡ ਮੁਹਾਰ ਜਮਸ਼ੇਰ ਤੋਂ ਦੋ ਸ਼ੱਕੀ ਵਿਅਕਤੀਆਂ ਨੂੰ .30 ਬੋਰ ਦੇ 27 ਗੈਰ-ਕਾਨੂੰਨੀ ਹਥਿਆਰਾਂ ਦੇ ਇੱਕ ਵੱਡੇ ਜ਼ਖੀਰੇ ਅਤੇ 470 ਜ਼ਿੰਦਾ ਕਾਰਤੂਸਾਂ ਨਾਲ ਕਾਬੂ ਕਰ ਲਿਆ। ਇਸ ਸਬੰਧੀ ਕੇਸ ਥਾਣਾ ਐਸਐਸਓਸੀ ਫਾਜ਼ਿਲਕਾ ਵਿਖੇ ਅਸਲਾ ਐਕਟ ਦੀ ਧਾਰਾ ਤਹਿਤ ਐਫਆਈਆਰ ਦਰਜ ਕੀਤੀ ਹੈ|

Read More: ਫਿਰੋਜ਼ਪੁਰ ਪੁਲਿਸ ਨੇ ਵੱਲੋਂ ਅੰਤਰਰਾਸ਼ਟਰੀ ਡਰੱਗ-ਹਵਾਲਾ ਨੈੱਟਵਰਕ ਦਾ ਪਰਦਾਫਾਸ਼, 15 ਕਿਲੋ ਹੈਰੋਇਨ ਜ਼ਬਤ

Scroll to Top