ਮੋਹਿੰਦਰ ਭਗਤ

ਕੇਰਲ ਸਰਕਾਰ ਦੇ ਵਫ਼ਦ ਵੱਲੋਂ ਪੰਜਾਬ ਦੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨਾਲ ਮੁਲਾਕਾਤ

ਚੰਡੀਗੜ੍ਹ, 25 ਸਤੰਬਰ 2025: ਕੇਰਲ ਸਰਕਾਰ ਦੇ ਇੱਕ ਉੱਚ ਪੱਧਰੀ ਵਫ਼ਦ ਨੇ ਪੰਜਾਬ ਭਵਨ, ਚੰਡੀਗੜ੍ਹ ਵਿਖੇ ਪੰਜਾਬ ਦੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨਾਲ ਮੁਲਾਕਾਤ ਕੀਤੀ। ਇਸ ਵਫ਼ਦ ਦੀ ਅਗਵਾਈ ਕੇਰਲ ਦੇ ਖੇਤੀਬਾੜੀ ਮੰਤਰੀ ਪੀ. ਪ੍ਰਸਾਦ ਨੇ ਕੀਤੀ | ਉਨ੍ਹਾਂ ਦੇ ਨਾਲ ਮਿਸ਼ਨ ਡਾਇਰੈਕਟਰ ਬਾਗਬਾਨੀ ਸਾਜੀ ਜੌਨ ਅਤੇ ਚੇਅਰਮੈਨ, ਸਟੇਟ ਐਗਰੀਕਲਚਰਲ ਪ੍ਰਾਈਸ ਬੋਰਡ ਡਾ. ਪੀ. ਰਾਜਸ਼ੇਖਰਨ ਵੀ ਸਨ। ਕੇਰਲ ਵਫ਼ਦ ਨੇ ਪੰਜਾਬ ਦੇ ਪ੍ਰਗਤੀਸ਼ੀਲ ਬਾਗਬਾਨੀ ਮਾਡਲ ਦੀ ਭਰਪੂਰ ਸ਼ਲਾਘਾ ਕੀਤੀ ਹੈ।

ਇਸ ਦੌਰਾਨ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਕੇਰਲ ਦੇ ਵਫ਼ਦ ਨੂੰ ਦੱਸਿਆ ਕਿ ਪੰਜਾਬ ‘ਚ ਫ਼ਸਲੀ ਵਿਭਿੰਨਤਾ ਲਿਆਉਣ ਅਤੇ ਕਿਸਾਨਾ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਪੰਜਾਬ ਸਰਕਾਰ ਕਿਸਾਨਾਂ ਨੂੰ ਵਿਆਪਕ ਤੌਰ ਤੇ ਤਕਨੀਕੀ ਜਾਣਕਾਰੀ ਅਤੇ ਸਬਸਿਡੀਆਂ ਮੁਹੱਈਆ ਕਰਵਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ‘ਚ ਕਰੀਬ 5 ਲੱਖ ਹੈਕਟੇਅਰ ਰਕਬੇ ‘ਤੇ ਬਾਗਬਾਨੀ ਕੀਤੀ ਜਾ ਰਹੀ ਹੈ |

ਭਵਿੱਖੀ ਯੋਜਨਾਵਾਂ ਬਾਰੇ ਮੰਤਰੀ ਮੋਹਿੰਦਰ ਭਗਤ ਨੇ ਦੱਸਿਆ ਕਿ ਪੰਜਾਬ ਸਰਕਾਰ ਫਲਾਂ ਅਤੇ ਸਬਜ਼ੀਆਂ ਦੀਆਂ ਪ੍ਰੋਸੈਸਿੰਗ ਯੂਨਿਟਾਂ ਨੂੰ ਹੋਰ ਮਜ਼ਬੂਤ ਕਰ ਰਹੀ ਹੈ ਤਾਂ ਕਿ ਕਿਸਾਨਾਂ ਨੂੰ ਬਿਹਤਰ ਮਾਰਕੀਟ ਮੁੱਲ ਮਿਲ ਸਕੇ। ਉਨ੍ਹਾਂ ਕਿਹਾ ਕਿ ਨਵੇਂ ਕੋਲਡ ਸਟੋਰੇਜ, ਵੈਲਿਊ ਐਡੀਸ਼ਨ ਸੈਂਟਰ ਅਤੇ ਐਗਰੋ-ਪ੍ਰੋਸੈਸਿੰਗ ਕਲੱਸਟਰ ਬਣਾਏ ਜਾ ਰਹੇ ਹਨ।

ਕੇਰਲ ਦੇ ਖੇਤੀਬਾੜੀ ਮੰਤਰੀ ਪੀ.ਪ੍ਰਸਾਦ ਨੇ ਪੰਜਾਬ ਦੇ ਬਾਗਬਾਨੀ ਮਾਡਲ ਨੂੰ ਦੂਜੇ ਸੂਬਿਆਂਲਈ ਇੱਕ ਰੋਡਮੈਪ ਦੱਸਿਆ ਹੈ। ਕੇਰਲ ਦੇ ਵੇਰਵੇ ਸਾਂਝੇ ਕਰਦਿਆਂ ਕੇਰਲ ਦੇ ਖੇਤੀਬਾੜੀ ਮੰਤਰੀ ਪੀ.ਪ੍ਰਸਾਦ ਨੇ ਕਿਹਾ ਕਿ ਕੇਰਲ ‘ਚ ਬਾਗਬਾਨੀ ਲਗਭੱਗ 22 ਲੱਖ ਹੈਕਟੇਅਰ ਨੂੰ ਕਵਰ ਕਰਦੀ ਹੈ, ਜਿਸ ‘ਚ ਕੇਲਾ, ਨਾਰੀਅਲ, ਮਸਾਲੇ ਅਤੇ ਸਬਜ਼ੀਆਂ ਵਰਗੀਆਂ ਫਸਲਾਂ ‘ਤੇ ਮੁੱਖ ਧਿਆਨ ਦਿੱਤਾ ਜਾਂਦਾ ਹੈ। ਉਨ੍ਹਾਂ ਮੰਤਰੀ ਮੋਹਿੰਦਰ ਭਗਤ ਨੂੰ ਕੇਰਲ ਵਿੱਚ ਹੋਣ ਵਾਲੇ ਅੰਤਰਰਾਸ਼ਟਰੀ ਖੇਤੀਬਾੜੀ ਮੇਲੇ “ਵੈਗਾ” ‘ਚ ਸ਼ਾਮਲ ਹੋਣ ਲਈ ਸੱਦਾ ਦਿੱਤਾ।

Read More: ਮੋਹਿੰਦਰ ਭਗਤ ਵੱਲੋਂ ਬਾਗਬਾਨੀ ਵਿਭਾਗ ਦੇ ਪ੍ਰੋਜੈਕਟਾਂ ਨੂੰ ਤੇਜ਼ੀ ਨਾਲ ਪੂਰਾ ਕਰਨ ਦੇ ਹੁਕਮ

Scroll to Top