ਚੰਡੀਗੜ੍ਹ, 16 ਅਕਤੂਬਰ, 2025: ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਸੂਬਾ ਸਰਕਾਰ ਨੇ= ਸਿਰਫ਼ 30 ਦਿਨਾਂ ਦੇ ਅੰਦਰ ਮੁਆਵਜ਼ਾ ਅਤੇ ਰਾਹਤ ਫੰਡ ਮੁਹੱਈਆ ਕਰਵਾਉਣ ਦੇ ਆਪਣੇ ਵਾਅਦੇ ਨੂੰ ਪੂਰਾ ਕੀਤਾ ਹੈ। ਪੰਜਾਬ ਸਰਕਾਰ ਨੇ ਹੜ੍ਹ ਪ੍ਰਭਾਵਿਤ ਕਿਸਾਨਾਂ ਅਤੇ ਪਰਿਵਾਰਾਂ ਲਈ 209 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਜਾਰੀ ਕੀਤੀ ਹੈ, ਜਿਸ ‘ਚੋਂ 3.50 ਕਰੋੜ ਰੁਪਏ ਸੰਗਰੂਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਵੰਡੇ ਜਾਣਗੇ।
ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਧੂਰੀ ਵਿਧਾਨ ਸਭਾ ਹਲਕੇ ਤੋਂ ਮੁਆਵਜ਼ਾ ਵੰਡ ਦੀ ਸ਼ੁਰੂਆਤ ਕੀਤੀ ਹੈ ਅਤੇ ਅੱਠ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਪ੍ਰਵਾਨਗੀ ਪੱਤਰ ਸੌਂਪੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਇਹ ਯਕੀਨੀ ਬਣਾਇਆ ਹੈ ਕਿ ਕਿਸੇ ਵੀ ਪੀੜਤ ਨੂੰ ਆਪਣਾ ਹੱਕ ਪ੍ਰਾਪਤ ਕਰਨ ਲਈ ਮਹੀਨਿਆਂ ਤੱਕ ਇੰਤਜ਼ਾਰ ਨਾ ਕਰਨਾ ਪਵੇ।
ਮੁੱਖ ਮੰਤਰੀ ਭਗਵੰਤ ਮਾਨ ਨੇ ਅਜਨਾਲਾ ‘ਚ ਨਿੱਜੀ ਤੌਰ ‘ਤੇ 631 ਕਿਸਾਨਾਂ ਨੂੰ 5.70 ਕਰੋੜ ਰੁਪਏ ਦੇ ਚੈੱਕ ਵੰਡ ਕੇ “ਮਿਸ਼ਨ ਪੁਨਰਵਾਸ” ਦੀ ਸ਼ੁਰੂਆਤ ਕੀਤੀ। ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਪ੍ਰਤੀ ਏਕੜ 20,000 ਰੁਪਏ ਦਾ ਮੁਆਵਜ਼ਾ ਦਿੱਤਾ ਹੈ। ਇਸ ਤੋਂ ਇਲਾਵਾ, ਜਿਨ੍ਹਾਂ ਪਰਿਵਾਰਾਂ ਦੇ ਘਰਾਂ ਨੂੰ ਹੜ੍ਹਾਂ ‘ਚ ਨੁਕਸਾਨ ਪਹੁੰਚਿਆ ਸੀ, ਉਨ੍ਹਾਂ ਨੂੰ ਹੁਣ 40,000 ਰੁਪਏ ਦੀ ਸਹਾਇਤਾ ਮਿਲ ਰਹੀ ਹੈ, ਜੋ ਕਿ ਪਹਿਲਾਂ ਸਿਰਫ 4,000 ਰੁਪਏ ਸੀ।
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਟੀਚਾ ਮੁਆਵਜ਼ਾ ਵੰਡਣ ਤੱਕ ਸੀਮਤ ਨਹੀਂ ਹੈ, ਸਗੋਂ “ਮਿਸ਼ਨ ਪੁਨਰਵਾਸ” ਰਾਹੀਂ ਪ੍ਰਭਾਵਿਤ ਪਰਿਵਾਰਾਂ ਨੂੰ ਆਪਣੇ ਪੈਰਾਂ ‘ਤੇ ਖੜ੍ਹਾ ਹੋਣ ‘ਚ ਮੱਦਦ ਕਰਨਾ ਹੈ। ਉਨ੍ਹਾਂ ਕਿਹਾ ਕਿ ਸੂਬੇ ਭਰ ਦੇ 13 ਕੈਬਨਿਟ ਮੰਤਰੀ ਰਾਹਤ ਫੰਡ ਵੰਡਣ ਅਤੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰ ਰਹੇ ਹਨ |
ਹਰਪਾਲ ਚੀਮਾ ਨੇ ਕਿਹਾ ਕਿ ਸੰਗਰੂਰ ਜ਼ਿਲ੍ਹਾ ਪ੍ਰਸ਼ਾਸਨ ਦੀ ਤੁਰੰਤ ਕਾਰਵਾਈ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਘੱਗਰ ਦਰਿਆ ਦੇ ਪਾਣੀ ਦਾ ਪੱਧਰ 755 ਫੁੱਟ ਤੱਕ ਪਹੁੰਚਣ ਦੇ ਬਾਵਜੂਦ, ਕਿਸੇ ਵੀ ਬੰਨ੍ਹ ਨੂੰ ਨਾ ਤੋੜਨਾ ਆਫ਼ਤ ਪ੍ਰਬੰਧਨ ‘ਚ ਪ੍ਰਸ਼ਾਸਨ ਦੀ ਸ਼ਾਨਦਾਰ ਕਾਰਗੁਜ਼ਾਰੀ ਨੂੰ ਸਾਬਤ ਕਰਦਾ ਹੈ।
ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਐਮਰਜੈਂਸੀ ਨਾਲ ਨਜਿੱਠਣ ਲਈ ਪਹਿਲਾਂ ਤੋਂ ਪ੍ਰਬੰਧ ਕੀਤੇ ਸਨ। ਨਤੀਜੇ ਵਜੋਂ, ਭਾਰੀ ਮੀਂਹ ਦੇ ਬਾਵਜੂਦ, ਘੱਗਰ ਦਰਿਆ ਦੇ 41 ਕਿਲੋਮੀਟਰ ਦੇ ਹਿੱਸੇ ‘ਤੇ ਇੱਕ ਵੀ ਬੰਨ੍ਹ ਨਹੀਂ ਟੁੱਟਿਆ।
ਹਰਪਾਲ ਸਿੰਘ ਚੀਮਾ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਐਲਾਨੀ 1,600 ਕਰੋੜ ਰੁਪਏ ਦੀ ਸਹਾਇਤਾ ਛੇਤੀ ਜਾਰੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਹੁਣ ਤੱਕ ਜਾਰੀ ਕੀਤੀ 240 ਕਰੋੜ ਰੁਪਏ ਦੀ ਰਾਸ਼ੀ ਸਾਲਾਨਾ ਕਿਸ਼ਤ ਦਾ ਸਿਰਫ਼ ਇੱਕ ਹਿੱਸਾ ਹੈ, ਜਦੋਂ ਕਿ ਪੰਜਾਬ ਅਜੇ ਵੀ ਅਸਲ ਸਹਾਇਤਾ ਦੀ ਉਡੀਕ ਕਰ ਰਿਹਾ ਹੈ।
Read More: CM ਮਾਨ ਸਮੇਤ ਕੈਬਨਿਟ ਮੰਤਰੀ 25 ਅਕਤੂਬਰ ਨੂੰ ਗੁਰਦੁਆਰਾ ਸੀਸ ਗੰਜ ਸਾਹਿਬ ਤੋਂ ਸਮਾਗਮਾਂ ਦੀ ਕਰਨਗੇ ਸ਼ੁਰੂਆਤ