ਹਰਜੋਤ ਸਿੰਘ ਬੈਂਸ

ਹਰਜੋਤ ਸਿੰਘ ਬੈਂਸ ਵੱਲੋਂ ਪੰਜਾਬ ਯੂਨੀਵਰਸਿਟੀ ਸੈਨੇਟ ਨੂੰ ਭੰਗ ਕਰਨ ‘ਤੇ ਕੇਂਦਰ ਸਰਕਾਰ ਦੀ ਆਲੋਚਨਾ

ਚੰਡੀਗੜ੍ਹ, 01 ਨਵੰਬਰ 2025: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਯੂਨੀਵਰਸਿਟੀ ਦੀ 59 ਸਾਲ ਪੁਰਾਣੀ ਸੈਨੇਟ ਅਤੇ ਸਿੰਡੀਕੇਟ ਨੂੰ ਭੰਗ ਕਰਨ ਦੇ ਫੈਸਲੇ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ ਹੈ | ਹਰਜੋਤ ਸਿੰਘ ਬੈਂਸ ਨੇ ਇਸ ਨੂੰ ਤਾਨਾਸ਼ਾਹੀ ਫੈਸਲਾ ਅਤੇ ਪੰਜਾਬ ਦੀ ਗੌਰਵਮਈ ਵਿਰਾਸਤ, ਲੋਕਤੰਤਰ ਅਤੇ ਬੌਧਿਕਤਾ ਉਤੇ ਸਿੱਧਾ ਹਮਲਾ ਕਰਾਰ ਦਿੱਤਾ ਹੈ।

ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਸ਼ਾਸਨ ਨਹੀਂ ਬਲਕਿ ਰਾਜਸੀ ਧੱਕੇਸ਼ਾਹੀ ਹੈ। ਕੇਂਦਰ ਦਾ ਇਹ ਆਪਹੁਦਰਾ ਕਦਮ ਪੰਜਾਬ ਦੀ ਮਿਹਨਤ ਨਾਲ ਹਾਸਲ ਕੀਤੀ ਖੁਦਮੁਖਤਿਆਰੀ, ਅਕਾਦਮਿਕ ਆਜ਼ਾਦੀ ਅਤੇ ਸੰਵਿਧਾਨਕ ਅਧਿਕਾਰਾਂ ਨੂੰ ਢਾਹ ਲਾਉਣ ਵਾਲਾ ਹੈ। ਇਹ ਪੰਜਾਬ ਦੀ ਰੂਹ ‘ਤੇ ਹਮਲਾ ਹੈ।

ਸਿੱਖਿਆ ਮੰਤਰੀ ਨੇ ਕਿਹਾ ਕਿ ਇਹ ਮਹਿਜ਼ ਯੂਨੀਵਰਸਿਟੀ ਨਹੀਂ ਸਗੋਂ ਦਹਾਕਿਆਂ ਦੇ ਸਮੂਹਿਕ ਯਤਨਾਂ, ਬੌਧਿਕਤਾ ਅਤੇ ਕੁਰਬਾਨੀਆਂ ਨਾਲ ਸਿਰਜਿਆ ਅਦਾਰਾ ਹੈ। ਉਨ੍ਹਾਂ ਨੇ ਸੈਨੇਟ ਭੰਗ ਕਰਨ ਪਿਛਲੀ ਕੋਝੀ ਮਾਨਸਿਕਤਾ `ਤੇ ਸਵਾਲ ਉਠਾਉਂਦਿਆਂ ਪਿਛਲੀਆਂ ਸੈਨੇਟ ਚੋਣਾਂ ‘ਚ ਪੰਜਾਬ ਦੇ ਲੋਕਾਂ ਦੁਆਰਾ ਦਿੱਤੇ ਵੱਡੇ ਫਤਵੇ ਦਾ ਜ਼ਿਕਰ ਵੀ ਕੀਤਾ।

ਮੰਤਰੀ ਹਰਜੋਤ ਸਿੰਘ ਬੈਂਸ ਨੇ ਸਵਾਲ ਕੀਤਾ, “ਕੇਂਦਰ ਦੀ ਛੇ ਦਹਾਕੇ ਪੁਰਾਣੀ ਲੋਕਤੰਤਰੀ ਸੰਸਥਾ ਨੂੰ ਖਤਮ ਕਰਨ ਦੀ ਹਿੰਮਤ ਕਿਵੇਂ ਹੋਈ?” ਸੈਨੇਟ ਚੋਣਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਪਿਛਲੀਆਂ ਸੈਨੇਟ ਚੋਣਾਂ ‘ਚ ਗ੍ਰੈਜੂਏਟ ਹਲਕੇ ਲਈ ਪੰਜਾਬ ਦੇ ਲੋਕਾਂ ਨੇ ਸਾਰੀਆਂ ਸੀਟਾਂ ਜਿੱਤ ਕੇ ਆਪਣੇ ਨੁਮਾਇੰਦੇ ਚੁਣੇ ਸਨ। ਇਹ ਲੋਕਾਂ ਦਾ ਸਪੱਸ਼ਟ ਫਤਵਾ ਸੀ। ਹੁਣ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ, ਜੋ ਬੈਲਟ ਬਾਕਸ ਰਾਹੀਂ ਭਰੋਸਾ ਨਹੀਂ ਜਿੱਤ ਸਕੀ | ਉਨ੍ਹਾਂ ਕਿਹਾ ਕਿ ਭਾਜਪਾ ਇਤਿਹਾਸਕ ਯੂਨੀਵਰਸਿਟੀ ਨੂੰ ਸਿਆਸਤ ਦਾ ਅਖਾੜਾ ਬਣਾਉਣਾ ਚਾਹੁੰਦੀ ਹੈ।

ਸਿੱਖਿਆ ਮੰਤਰੀ ਨੇ ਕਿਹਾ ਕਿ ਇਹ ਸਿੱਧੇ ਤੌਰ ‘ਤੇ ਅਸਹਿਮਤੀ ਨੂੰ ਦਬਾਉਣ ਅਤੇ ਸੂਬਿਆਂ ਦੇ ਅਧਿਕਾਰਾਂ ਨੂੰ ਖੋਰਾ ਲਗਾਉਣ ਦੀ ਇੱਕ ਸੋਚੀ-ਸਮਝੀ ਕੋਸ਼ਿਸ਼ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅਕਾਦਮਿਕ ਭਾਈਚਾਰੇ – ਅਧਿਆਪਕਾਂ, ਵਿਦਿਆਰਥੀਆਂ ਅਤੇ ਸਟਾਫ਼ ਨਾਲ ਮਿਲ ਕੇ – ਹਰ ਲੋਕਤੰਤਰੀ ਮੰਚ ਉਤੇ ਕੇਂਦਰ ਸਰਕਾਰ ਦੇ ਇਸ ਕਦਮ ਦਾ ਸਖ਼ਤ ਵਿਰੋਧ ਕੀਤਾ ਜਾਵੇਗਾ |

Read More: ਪੰਜਾਬ ਦੇ ਬੁਨਿਆਦੀ ਢਾਂਚੇ ਨੂੰ ਕਮਜ਼ੋਰ ਕਰਨ ਦੀ ਸਾਜ਼ਿਸ਼ ਰਹੀ ਹੈ ਕੇਂਦਰ ਸਰਕਾਰ ਤੇ RSS: ਪਰਗਟ ਸਿੰਘ

Scroll to Top