ਚੰਡੀਗੜ੍ਹ 11 ਫਰਵਰੀ 2022: ਉੱਤਰਾਖੰਡ ‘ਚ 14 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਇੱਕ ਰੈਲੀ ਨੂੰ ਸੰਬੋਧਨ ਕੀਤਾ। ਇਸ ਦੌਰਾਨ ਪੀਐਮ ਮੋਦੀ ਨੇ ਕਿਹਾ ਕਿ ਉੱਤਰਾਖੰਡ ਦਾ ਵਿਕਾਸ ਭਾਜਪਾ ਦੀ ਡਬਲ ਇੰਜਣ ਵਾਲੀ ਸਰਕਾਰ ਦੀਆਂ ਪ੍ਰਮੁੱਖ ਤਰਜੀਹਾਂ ‘ਚੋਂ ਇੱਕ ਹੈ। ਸੂਬੇ ਦੇ ਸਰਹੱਦੀ ਪਿੰਡਾਂ ‘ਚ ਬੁਨਿਆਦੀ ਢਾਂਚੇ ਦਾ ਵਿਕਾਸ ਭਾਜਪਾ ਦੀ ਤਰਜੀਹ ਹੈ ਅਤੇ ਲੋਕਾਂ ਨੂੰ ਪਰਵਤਮਾਲਾ ਅਤੇ ਵਾਈਬ੍ਰੈਂਟ ਵਿਲੇਜ ਪ੍ਰੋਜੈਕਟਾਂ ਦਾ ਲਾਭ ਮਿਲੇਗਾ।
ਇਸ ਦੌਰਾਨ ਪੀਐੱਮ ਮੋਦੀ ਨੇ ਐਲਾਨ ਕੀਤਾ ਕਿ ਜਮਰਾਣੀ ਡੈਮ ਪ੍ਰਾਜੈਕਟ ‘ਤੇ ਜਲਦੀ ਹੀ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ ਅਤੇ ਅਗਲੇ ਪੰਜ ਸਾਲਾਂ ‘ਚ ਸੂਬੇ ਦੇ ਕੁਮਾਉਂ ਖੇਤਰ ‘ਚ ਮਾਨਖੰਡ ਸੈਰ ਸਪਾਟਾ ਸਰਕਟ ਨੂੰ ਪਹਿਲ ਦੇ ਆਧਾਰ ’ਤੇ ਵਿਕਸਤ ਕੀਤਾ ਜਾਵੇਗਾ। ਰੈਲੀ ਨੂੰ ਸੰਬੋਧਨ ਕਰਦੇ ਹੋਏ ਮੋਦੀ ਨੇ ਇਹ ਵੀ ਕਿਹਾ ਕਿ ਵੱਡੀ ਗਿਣਤੀ ‘ਚ ਲੋਕਾਂ ਦੀ ਮੌਜੂਦਗੀ ਇਸ ਗੱਲ ਦਾ ਸੰਕੇਤ ਹੈ ਕਿ ਉੱਤਰਾਖੰਡ ਨੇ ‘ਡਬਲ ਇੰਜਣ’ ਵਾਲੀ ਸਰਕਾਰ ਲਈ ਇਕ ਵਾਰ ਫਿਰ ਤੋਂ ਵੋਟ ਪਾਉਣ ਦਾ ਮਨ ਬਣਾ ਲਿਆ ਹੈ।