26 ਨਵੰਬਰ 2025: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant maan) ਨੇ ਦੀਨਾਨਗਰ ਵਿੱਚ ਇੱਕ ਨਵੇਂ ਖੰਡ ਮਿੱਲ ਪ੍ਰੋਜੈਕਟ ਅਤੇ ਸਹਿ-ਉਤਪਾਦਨ ਪਲਾਂਟ ਦਾ ਉਦਘਾਟਨ ਕੀਤਾ। ਗੁਰਦਾਸਪੁਰ ਸਹਿਕਾਰੀ ਖੰਡ ਮਿੱਲ ਦੀ ਸਮਰੱਥਾ 2,000 ਟਨ ਤੋਂ ਵਧਾ ਕੇ 5,000 ਟਨ ਕਰ ਦਿੱਤੀ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਵੇਲੇ 2,850 ਗੰਨਾ ਕਿਸਾਨ ਇਸ ਮਿੱਲ ਨੂੰ ਗੰਨਾ ਸਪਲਾਈ ਕਰਦੇ ਹਨ, ਪਰ ਇੱਕ ਵਾਰ ਪ੍ਰੋਜੈਕਟ ਚਾਲੂ ਹੋਣ ਤੋਂ ਬਾਅਦ, ਇਹ ਗਿਣਤੀ 7,025 ਹੋ ਜਾਵੇਗੀ। ਇਸ ਨਾਲ ਕਿਸਾਨਾਂ ਨੂੰ ਦੂਰ-ਦੁਰਾਡੇ ਦੀਆਂ ਮਿੱਲਾਂ ਵਿੱਚ ਜਾਣ ਦੀ ਜ਼ਰੂਰਤ ਨਹੀਂ ਪਵੇਗੀ, ਜਿਸ ਨਾਲ ਆਵਾਜਾਈ ਦੀ ਲਾਗਤ ਅਤੇ ਸਮਾਂ ਦੋਵਾਂ ਦੀ ਬਚਤ ਹੋਵੇਗੀ।
ਉਨ੍ਹਾਂ ਕਿਹਾ ਕਿ ਸਰਕਾਰ ਗੰਨੇ ਦੀ ਫਸਲ ਦੀ ਗੁਣਵੱਤਾ ਵਿੱਚ ਵੀ ਸੁਧਾਰ ਕਰ ਰਹੀ ਹੈ, ਅਤੇ ਇਸ ਮਿੱਲ ਦੇ ਵਿਸਥਾਰ ਨਾਲ ਕਿਸਾਨਾਂ ਲਈ ਲੰਬੇ ਸਫ਼ਰ ਦੀ ਪਰੇਸ਼ਾਨੀ ਖਤਮ ਹੋ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਗੰਨੇ ਦੀ ਕੀਮਤ 416 ਰੁਪਏ ਪ੍ਰਤੀ ਕੁਇੰਟਲ ਨਿਰਧਾਰਤ ਕੀਤੀ ਗਈ ਹੈ, ਜੋ ਕਿ ਦੇਸ਼ ਵਿੱਚ ਸਭ ਤੋਂ ਵੱਧ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਜੇਕਰ ਕਿਸੇ ਫੈਕਟਰੀ ਦੀ ਸਮਰੱਥਾ ਤਿੰਨ ਗੁਣਾ ਹੋ ਜਾਂਦੀ ਹੈ, ਤਾਂ ਮਜ਼ਦੂਰੀ ਅਤੇ ਉਤਪਾਦਨ ਵੀ ਤਿੰਨ ਗੁਣਾ ਵਧ ਜਾਂਦਾ ਹੈ। ਉਨ੍ਹਾਂ ਇਸ ਨੂੰ ਪੰਜਾਬ ਲਈ ਇੱਕ ਇਤਿਹਾਸਕ ਦਿਨ ਦੱਸਿਆ ਅਤੇ ਸਾਨੂੰ ਗੁਰੂ ਸਾਹਿਬ ਦੇ ਮਾਰਗ ‘ਤੇ ਚੱਲਦੇ ਹੋਏ ਸਖ਼ਤ ਮਿਹਨਤ ਕਰਦੇ ਰਹਿਣ ਦੀ ਅਪੀਲ ਕੀਤੀ।
ਚੰਡੀਗੜ੍ਹ (chandigarh) ਵਿੱਚ ਹੋਏ ਕਿਸਾਨ ਇਕੱਠ ਨੂੰ ਲੈ ਕੇ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਕਿਸਾਨਾਂ ਦੀਆਂ ਕੁਝ ਮੰਗਾਂ ਕੇਂਦਰ ਸਰਕਾਰ ਨਾਲ ਸਬੰਧਤ ਹਨ ਅਤੇ ਕੇਂਦਰ ਸਰਕਾਰ ਨੂੰ ਇਨ੍ਹਾਂ ਨੂੰ ਪੂਰਾ ਕਰਨਾ ਚਾਹੀਦਾ ਹੈ। ਪੰਜਾਬ ਸਰਕਾਰ ਸਮੇਂ-ਸਮੇਂ ‘ਤੇ ਕਿਸਾਨਾਂ ਨਾਲ ਮੁਲਾਕਾਤ ਕਰ ਰਹੀ ਹੈ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰ ਰਹੀ ਹੈ। ਇੱਕ ਮਹੱਤਵਪੂਰਨ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹਰੇਕ ਪਰਿਵਾਰ ਲਈ 10 ਲੱਖ ਰੁਪਏ ਦੀ ਬੀਮਾ ਯੋਜਨਾ ਸ਼ੁਰੂ ਕੀਤੀ ਜਾਵੇਗੀ। ਇਸ ਤੋਂ ਇਲਾਵਾ, ਸੂਬੇ ਲਈ ਕਈ ਵੱਡੇ ਪ੍ਰੋਜੈਕਟ ਸ਼ੁਰੂ ਕੀਤੇ ਜਾ ਰਹੇ ਹਨ, ਅਤੇ ਨਵੇਂ ਡਾਕਟਰਾਂ ਦੀ ਭਰਤੀ ਦੀ ਪ੍ਰਕਿਰਿਆ ਚੱਲ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਜਦੋਂ ਵੀ ਉਨ੍ਹਾਂ ਦੇ ਹੱਕਾਂ ਦੀ ਗੱਲ ਆਉਂਦੀ ਹੈ ਤਾਂ ਪੰਜਾਬ ਸਰਕਾਰ ਪੰਜਾਬ ਦੇ ਹੱਕਾਂ ਦੇ ਨਾਲ ਖੜ੍ਹੀ ਹੈ।
Read More: ਗੰਨਾ ਕਿਸਾਨਾਂ ਲਈ ਤੋਹਫ਼ਾ, ਕੀਮਤਾਂ ‘ਚ ਵਾਧਾ




