ਸ੍ਰੀ ਅਨੰਦਪੁਰ ਸਾਹਿਬ, 26 ਨਵੰਬਰ 2025: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਅਨੰਦਪੁਰ ਸਾਹਿਬ ‘ਚ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਨਾਮ ‘ਤੇ ਵਿਸ਼ਵ ਪੱਧਰ ਦੀ ਯੂਨੀਵਰਸਟੀ ਬਣਾਉਣ ਦਾ ਐਲਾਨ ਕੀਤਾ ਹੈ।
ਗੁਰਦੁਆਰਾ ਬੁੱਡਾ ਦਲ ਛਾਵਣੀ ‘ਚ ਸ੍ਰੀ ਗੁਰੂ ਤੇਗ਼ ਬਹਾਦੁਰ ਜੀ ਦੇ 350ਵੇਂ ਸ਼ਹੀਦੀ ਦਿਵਸ ਦੇ ਮੌਕੇ ‘ਤੇ ਹੋ ਰਹੇ ‘ਸਰਬੱਤ ਦਾ ਭਲਾ’ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਵਿਰਾਸਤੀ ਪਵਿੱਤਰ ਸ਼ਹਿਰ ‘ਚ ਬਣ ਰਹੀ ਇਹ ਯੂਨੀਵਰਸਟੀ ਗੁਰੂ ਸਾਹਿਬ ਜੀ ਦੇ ਮਹਾਨ ਸੰਕਲਪ ਨੂੰ ਹੋਰ ਮਜ਼ਬੂਤ ਕਰੇਗੀ।
ਉਨ੍ਹਾਂ ਕਿਹਾ ਕਿ ਇਹ ਯੂਨੀਵਰਸਟੀ ਨੌਵੇਂ ਪਾਤਸ਼ਾਹ ਜੀ ਦੀ ਅਦੁੱਤੀਅ ਸ਼ਹਾਦਤ, ਉਨ੍ਹਾਂ ਦੇ ਮਹਾਨ ਜੀਵਨ ਅਤੇ ਫ਼ਲਸਫ਼ੇ ‘ਤੇ ਡੂੰਘੇ ਤੌਰ ‘ਤੇ ਖੋਜ ਕਰਨ ‘ਚ ਬਹੁਤ ਸਹਾਇਕ ਹੋਵੇਗੀ। ਭਗਵੰਤ ਮਾਨ ਨੇ ਕਿਹਾ ਕਿ ਇਹ ਵੱਡਾ ਸੰਸਥਾਨ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰਨ ਦੇ ਨਾਲ ਗੁਰੂ ਸਾਹਿਬ ਜੀ ਦੇ ਜੀਵਨ ਅਤੇ ਉਪਦੇਸ਼ਾਂ ਨੂੰ ਫੈਲਾਏਗਾ।
ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦੁਰ ਜੀ ਸਮਾਜਵਾਦ ਅਤੇ ਧਰਮਨਿਰਪੇਖਤਾ ਦੀ ਜੀਵੰਤ ਮੂਰਤੀ ਸਨ, ਕਿਉਂਕਿ ਗੁਰੂ ਸਾਹਿਬ ਜੀ ਨੇ ਦੇਸ਼ ‘ਚ ਮਨੁੱਖੀ ਹੱਕਾਂ ਦੀ ਰੱਖਿਆ ਲਈ ਆਪਣਾ ਸਭ ਕੁਝ ਕੁਰਬਾਨ ਕਰ ਦਿੱਤਾ। ਭਗਵੰਤ ਮਾਨ ਨੇ ਲੋਕਾਂ ਨੂੰ ‘ਹਿੰਦ ਦੀ ਚਾਦਰ’ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੀ ਆਪ-ਕੁਰਬਾਨੀ ਵਾਲੀ ਸੋਚ ਨੂੰ ਆਪਣੇ ਜੀਵਨ ‘ਚ ਅਪਣਾਉਣ ਦੀ ਅਪੀਲ ਕੀਤੀ, ਜਿਨ੍ਹਾਂ ਨੇ ਮਨੁੱਖੀ ਅਧਿਕਾਰਾਂ ਅਤੇ ਧਰਮਨਿਰਪੇਖ ਮੁੱਲਾਂ ਨੂੰ ਬਚਾਉਂਦੇ ਹੋਏ ਧਾਰਮਿਕ ਆਜ਼ਾਦੀ ਦੀ ਰੱਖਿਆ ਲਈ ਆਪਣੀ ਜ਼ਿੰਦਗੀ ਨਿਛਾਵਰ ਕਰ ਦਿੱਤੀ।
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਧਰਮ ਦੀ ਰੱਖਿਆ ਲਈ ਗੁਰੂ ਸਾਹਿਬ ਦੀ ਸ਼ਹਾਦਤ ਮਨੁੱਖਤਾ ਦੇ ਇਤਿਹਾਸ ਵਿੱਚ ਬੇਮਿਸਾਲ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦੁਰ ਜੀ ਨੇ ਸੱਚਾਈ ਅਤੇ ਧਾਰਮਿਕ ਆਜ਼ਾਦੀ ਦੇ ਮੁੱਲਾਂ ਨੂੰ ਕਾਇਮ ਰੱਖਣ ਲਈ ਆਪਣੀ ਜਾਨ ਦਿੱਤੀ ਅਤੇ ਇਸ ਨੂੰ ਸਦਾ ਯਾਦ ਰੱਖਿਆ ਜਾਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਇਸ ਪਵਿੱਤਰ ਸਥਾਨ ‘ਤੇ ਪੰਜਾਬ ਵਿਧਾਨ ਸਭਾ ਦਾ ਖ਼ਾਸ ਸੈਸ਼ਨ ਬੁਲਾਇਆ, ਜੋ ਕਿ ਬਹੁਤ ਹੀ ਵਿਲੱਖਣ ਕਦਮ ਸੀ, ਕਿਉਂਕਿ ਪੂਰੀ ਵਿਧਾਨ ਸਭਾ ਨੂੰ ਗੁਰੂ ਸਾਹਿਬ ਦੇ ਚਰਨਾਂ ‘ਚ ਲਿਆਂਦਾ ਗਿਆ। ਭਗਵੰਤ ਮਾਨ ਨੇ ਕਿਹਾ ਕਿ ਵਿਧਾਨ ਸਭਾ ਨੇ ਸਹਿਮਤੀ ਨਾਲ ਤਿੰਨਾਂ ਤਖ਼ਤਾਂ ਵਾਲੇ ਸ਼ਹਿਰ ਅਮ੍ਰਿਤਸਰ, ਤਲਵੰਡੀ ਸਾਹਿਬੋ ਅਤੇ ਸ੍ਰੀ ਅਨੰਦਪੁਰ ਸਾਹਿਬ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਦਾ ਫੈਸਲਾ ਕੀਤਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦੁਰ ਸਾਹਿਬ ਜੀ ਨੂੰ ਨਿਮਰ ਸ਼ਰਧਾਂਜਲੀ ਭੇਟ ਕਰਦੇ ਹੋਏ ਪੰਜਾਬ ਸਰਕਾਰ ਵੱਲੋਂ ਗੁਰੂ ਸਾਹਿਬ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਸਾਰੇ ਪੰਜਾਬ ‘ਚ ਲੜੀਵਾਰ ਸਮਾਗਮ ਕਰਵਾਏ ਜਾ ਰਹੇ ਹਨ।




