ਚੰਡੀਗੜ੍ਹ, 25 ਦਸੰਬਰ 2025: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿਹਤ ਵਿਭਾਗ ਨੂੰ ਜਨਵਰੀ 2026 ਮਹੀਨੇ ਤੋਂ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕਰਨ ਦੀ ਮਨਜ਼ੂਰੀ ਦਿੱਤੀ ਹੈ। ਇਸ ਯੋਜਨਾ ਤਹਿਤ ਪੰਜਾਬ ਦੇ ਹਰੇਕ ਪਰਿਵਾਰ ਲਈ 10 ਲੱਖ ਰੁਪਏ ਦਾ ਨਕਦ ਰਹਿਤ ਇਲਾਜ ਮਿਲੇਗਾ। ਸਿਹਤ ਵਿਭਾਗ ਦੀ ਬੈਠਕ ਦੌਰਾਨ ਭਗਵੰਤ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਪੰਜਾਬ ਦੇ ਲੋਕਾਂ ਨੂੰ ਇੱਕ ਵੀ ਪੈਸਾ ਖਰਚੇ ਬਿਨਾਂ ਸਿਹਤ ਸਹੂਲਤਾਂ ਪ੍ਰਦਾਨ ਕਰੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਦਾ ਪਹਿਲਾ ਅਜਿਹਾ ਸੂਬਾ ਹੋਵੇਗਾ ਜਿੱਥੇ ਪੰਜਾਬ ਦੇ ਹਰੇਕ ਪਰਿਵਾਰ ਲਈ 10 ਲੱਖ ਰੁਪਏ ਤੱਕ ਦਾ ਨਕਦ ਰਹਿਤ ਇਲਾਜ ਮਿਲੇਗਾ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਸਕੀਮ ਤਹਿਤ ਸਿਹਤ ਸੰਭਾਲ ਸੇਵਾਵਾਂ ਤੱਕ ਸਾਰੇ ਵਸਨੀਕਾਂ ਦੀ ਆਸਾਨ ਪਹੁੰਚ ਨੂੰ ਯਕੀਨੀ ਬਣਾਇਆ ਹੈ ਅਤੇ ਵਸਨੀਕ ਪੰਜਾਬ ਅਤੇ ਚੰਡੀਗੜ੍ਹ ਦੇ ਸੂਚੀਬੱਧ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਦੇ ਨੈਟਵਰਕ ‘ਚ ਵੱਡੀਆਂ ਬਿਮਾਰੀਆਂ, ਗੰਭੀਰ ਦੇਖਭਾਲ, ਸਰਜਰੀਆਂ ਅਤੇ ਜੀਵਨ ਰੱਖਿਅਕ ਇਲਾਜ ਕਰਵਾ ਸਕਦੇ ਹਨ।”
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਸ ਦਾ ਮੁੱਖ ਉਦੇਸ਼ ਸੂਚੀਬੱਧ ਹਸਪਤਾਲਾਂ ‘ਚ ਨਕਦ ਰਹਿਤ ਅਤੇ ਕਾਗਜ਼ ਰਹਿਤ ਸਿਹਤ ਸੇਵਾਵਾਂ ਨੂੰ ਯਕੀਨੀ ਬਣਾਉਣ ਦੇ ਨਾਲ ਨਾਲ ਦੂਜੇ ਅਤੇ ਤੀਜੇ ਦਰਜੇ ਦੀ ਸਿਹਤ ਸੰਭਾਲ ‘ਤੇ ਹੋਣ ਵਾਲੇ ਖਰਚੇ ਨੂੰ ਘਟਾਉਣਾ ਹੈ। ਇਹ ਸਕੀਮ ਸ਼ਹਿਰੀ ਅਤੇ ਪੇਂਡੂ ਖੇਤਰਾਂ ‘ਚ ਸਿਹਤ ਸੰਭਾਲ ਸੇਵਾਵਾਂ ਤੱਕ ਆਸਾਨ ਪਹੁੰਚ ਨੂੰ ਮਜ਼ਬੂਤ ਕਰੇਗੀ |
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਸ ਅਧੀਨ ਹਸਪਤਾਲ ‘ਚ ਭਰਤੀ ਹੋਣ ‘ਤੇ ਹੋਣ ਵਾਲੇ ਖ਼ਰਚੇ, ਸਰਜਰੀਆਂ ਅਤੇ ਡਾਕਟਰੀ ਪ੍ਰਕਿਰਿਆਵਾਂ, ਆਈ.ਸੀ.ਯੂ. ਅਤੇ ਗੰਭੀਰ ਦੇਖਭਾਲ ਸੇਵਾਵਾਂ, ਬੀਮਾਰੀਆਂ ਦੀ ਜਾਂਚ, ਦਵਾਈਆਂ ਅਤੇ ਪ੍ਰਵਾਨਿਤ ਪੈਕੇਜਾਂ ਮੁਤਾਬਕ ਵਰਤੋਂ ਵਾਲਾ ਸਮਾਨ, ਹਸਪਤਾਲ ‘ਚ ਭਰਤੀ ਹੋਣ ਤੋਂ ਪਹਿਲਾਂ ਅਤੇ ਬਾਅਦ ਦੇ ਖ਼ਰਚਿਆਂ ਸਮੇਤ ਹੋਰ ਸਾਰੇ ਖ਼ਰਚੇ ਕਵਰ ਕੀਤੇ ਜਾਣਗੇ।
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪਹਿਲਾਂ ਇੱਕ ਪਰਿਵਾਰ ਸਿਰਫ਼ 5 ਲੱਖ ਰੁਪਏ ਤੱਕ ਦਾ ਹੀ ਇਲਾਜ ਕਰਵਾ ਸਕਦਾ ਸੀ ਪਰ ਹੁਣ ਇਹ ਸੀਮਾ ਵਧਾ ਕੇ 10 ਲੱਖ ਰੁਪਏ ਕਰ ਦਿੱਤੀ ਹੈ। ਪੰਜਾਬ ਦਾ ਹਰ ਨਾਗਰਿਕ, ਭਾਵੇਂ ਉਹ ਸਰਕਾਰੀ ਕਰਮਚਾਰੀ ਹੋਵੇ ਜਾਂ ਪੈਨਸ਼ਨਰ, ਇਹ ਮੁਫ਼ਤ ਸਿਹਤ ਸੰਭਾਲ ਸੇਵਾਵਾਂ ਲੈਣ ਦਾ ਹੱਕਦਾਰ ਹੋਵੇਗਾ।
ਉਨ੍ਹਾਂ ਕਿਹਾ ਕਿ ਇਸ ਸਕੀਮ ਲਈ ਆਮਦਨ ਸਬੰਧੀ ਕੋਈ ਸੀਮਾ ਨਹੀਂ ਰੱਖੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਸ ਯੋਜਨਾ ਤਹਿਤ ਕੋਈ ਵੀ ਨਾਗਰਿਕ ਕਿਸੇ ਵੀ ਸਰਕਾਰੀ ਹਸਪਤਾਲ ਜਾਂ ਸੂਚੀਬੱਧ ਨਿੱਜੀ ਹਸਪਤਾਲ ‘ਚ ਆਪਣਾ ਮੁਫ਼ਤ ਇਲਾਜ ਪ੍ਰਾਪਤ ਕਰਵਾ ਸਕਦਾ ਹੈ।
Read More: ਪੰਜਾਬ ਕੈਬਨਿਟ ਵੱਲੋਂ ਮੁੱਖ ਮੰਤਰੀ ਸਿਹਤ ਯੋਜਨਾ’ ਨੂੰ ਪ੍ਰਵਾਨਗੀ, 10 ਲੱਖ ਰੁਪਏ ਤੱਕ ਦਾ ਇਲਾਜ ਮੁਫ਼ਤ




