ਅੰਮ੍ਰਿਤਸਰ, 30 ਦਸੰਬਰ 2025: ਅੰਮ੍ਰਿਤਸਰ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪ ਨਾਲ ਸਬੰਧਤ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਗੰਭੀਰ ਦੋਸ਼ ਲਗਾਏ ਹਨ। ਹਰਜਿੰਦਰ ਸਿੰਘ ਧਾਮੀ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਇਸ ਸੰਵੇਦਨਸ਼ੀਲ ਮੁੱਦੇ ‘ਤੇ ਸੰਗਤ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।
ਹਰਜਿੰਦਰ ਸਿੰਘ ਧਾਮੀ ਦਾ ਕਹਿਣਾ ਹੈ ਕਿ ਇਸ ਪੂਰੇ ਮਾਮਲੇ ਨਾਲ ਸਬੰਧਤ ਤੱਥ ਅੱਜ ਦੁਪਹਿਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫਤਰ ਵਿਖੇ ਹੋਣ ਵਾਲੀ ਪ੍ਰੈਸ ਕਾਨਫਰੰਸ ਦੌਰਾਨ ਮੀਡੀਆ ਅਤੇ ਸੰਗਤ ਦੇ ਸਾਹਮਣੇ ਪੇਸ਼ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਮਾਮਲੇ ‘ਚ ਸ਼੍ਰੋਮਣੀ ਕਮੇਟੀ ਵੱਲੋਂ ਕੀਤੀ ਸਾਰੀ ਕਾਰਵਾਈ ਪੂਰੀ ਪਾਰਦਰਸ਼ਤਾ ਨਾਲ ਪੇਸ਼ ਕੀਤੀ ਜਾਵੇਗੀ।
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਕੱਲ੍ਹ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿੰਘ ਸਾਹਿਬਾਨ ਦੀ ਇਕੱਤਰਤਾ ਦੌਰਾਨ ਸਪੱਸ਼ਟ ਨਿਰਦੇਸ਼ ਦਿੱਤੇ ਸਨ ਕਿ ਇਸ ਮੁੱਦੇ ‘ਤੇ ਕੋਈ ਰਾਜਨੀਤੀਕਰਨ ਨਾ ਕੀਤਾ ਜਾਵੇ। ਇਸ ਦੇ ਬਾਵਜੂਦ ਮੁੱਖ ਮੰਤਰੀ ਦੇ ਬਿਆਨ ਸੰਗਤ ‘ਚ ਭੰਬਲਭੂਸਾ ਫੈਲਾਉਣ ਦੀ ਕੋਸ਼ਿਸ਼ ਕਰ ਰਹੇ ਹਨ, ਜੋ ਕਿ ਮੰਦਭਾਗਾ ਹੈ।
ਹਰਜਿੰਦਰ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪਾਂ ਦਾ ਮੁੱਦਾ ਬਹੁਤ ਹੀ ਸੰਵੇਦਨਸ਼ੀਲ ਹੈ ਅਤੇ ਇਸਦਾ ਰਾਜਨੀਤੀਕਰਨ ਕਿਸੇ ਵੀ ਤਰ੍ਹਾਂ ਅਣਉਚਿਤ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਗੁਰੂ ਮਰਿਆਦਾ ਅਤੇ ਪੰਥਕ ਪਰੰਪਰਾਵਾਂ ਅਨੁਸਾਰ ਜ਼ਿੰਮੇਵਾਰੀ ਨਾਲ ਕੰਮ ਕਰ ਰਹੀ ਹੈ। ਇਸ ਮਾਮਲੇ ਨਾਲ ਸਬੰਧਤ ਸਾਰੇ ਤੱਥ, ਦਸਤਾਵੇਜ਼ ਅਤੇ ਹੁਣ ਤੱਕ ਕੀਤੀਆਂ ਗਈਆਂ ਕਾਰਵਾਈਆਂ ਦਾ ਪੂਰਾ ਬਿਓਰਾ ਜਨਤਕ ਕੀਤਾ ਜਾਵੇਗਾ।
Read More: ਪੰਜਾਬ ਸਰਕਾਰ ਨੇ ਪਾਵਨ ਸਰੂਪ ਚੋਰੀ ਮਾਮਲੇ ਦੀ ਜਾਂਚ ਲਈ SIT ਬਣਾਈ: CM ਭਗਵੰਤ ਮਾਨ




