ਚੰਡੀਗੜ੍ਹ, 31 ਦਸੰਬਰ 2025: ਮਾਨ ਸਰਕਾਰ ਦਾ ਕਹਿਣਾ ਹੈ ਕਿ ਸਾਲ 2025 ਦੌਰਾਨ ਪੰਜਾਬ ਦਾ ਰੱਖਿਆ ਸੇਵਾਵਾਂ ਭਲਾਈ ਵਿਭਾਗ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ, ਸਾਬਕਾ ਸੈਨਿਕਾਂ, ਵਿਧਵਾਵਾਂ ਅਤੇ ਦਿਵੀਆਂਗ ਸੈਨਿਕਾਂ ਦੀ ਭਲਾਈ ਨੂੰ ਸਮਰਪਿਤ ਰਿਹਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਤੇ ਕੈਬਿਨਟ ਮੰਤਰੀ ਮੋਹਿੰਦਰ ਭਗਤ ਦੇ ਨਿਰਦੇਸ਼ਾਂ ਤਹਿਤ ਇਸ ਸਾਲ ਸਾਬਕਾ ਸੈਨਿਕਾਂ ਦੀ ਭਲਾਈ ਲਈ ਅਹਿਮ ਕਦਮ ਚੁੱਕੇ ਹਨ।
ਇਸ ਸਬੰਧੀ ਕੈਬਿਨਟ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਸਾਲ 2025 ਦੌਰਾਨ 10 ਸ਼ਹੀਦ ਸੈਨਿਕਾਂ ਦੇ ਵਾਰਸਾਂ ਨੂੰ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ‘ਚ ਮਾਣ ਅਤੇ ਸ਼ੁਕਰਾਨੇ ਦੀ ਨੀਤੀ ਤਹਿਤ ਸਰਕਾਰੀ ਨੌਕਰੀ ਦਿੱਤੀਆਂ ਹਨ |
ਮੋਹਿੰਦਰ ਭਗਤ ਨੇ ਦੱਸਿਆ ਕਿ ਕਾਰਗਿਲ ਦਿਵਸ ਦੇ ਮੌਕੇ ’ਤੇ ਓਪਰੇਸ਼ਨ ਵਿਜੇ ਦੌਰਾਨ ਸ਼ਹੀਦ ਹੋਏ 65 ਸੈਨਿਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਨਮਾਨਿਤ ਕਰਕੇ ਉਨ੍ਹਾਂ ਦੀ ਸ਼ਹਾਦਤ ਅਤੇ ਦੇਸ਼ ਸੇਵਾ ਨੂੰ ਯਾਦ ਕੀਤਾ। ਪੰਜਾਬ ਸਰਕਾਰ ਵੱਲੋਂ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਅਤੇ ਦਿਵੀਆਂਗ ਸੈਨਿਕਾਂ ਨੂੰ ਐਕਸ-ਗ੍ਰੇਸ਼ੀਆ ਗ੍ਰਾਂਟ ਵਜੋਂ 3.66 ਕਰੋੜ ਰੁਪਏ ਦੀ ਅਦਾਇਗੀ ਕੀਤੀ ਹੈ।
ਮੋਹਿੰਦਰ ਭਗਤ ਨੇ ਦੱਸਿਆ ਕਿ ਚਾਲੂ ਵਿੱਤੀ ਸਾਲ ਦੌਰਾਨ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ, ਗੈਲੈਂਟਰੀ ਅਵਾਰਡੀਆਂ ਅਤੇ ਸਾਬਕਾ ਸੈਨਿਕਾਂ ਦੀ ਭਲਾਈ ਲਈ ਵੱਖ-ਵੱਖ ਯੋਜਨਾਵਾਂ ਅਧੀਨ 63.22 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ ਹੈ।
ਉਨ੍ਹਾਂ ਕਿਹਾ ਕਿ ਸਾਬਕਾ ਸੈਨਿਕਾਂ ਅਤੇ ਵਿਧਵਾਵਾਂ ਦੀ ਪੈਨਸ਼ਨ ਸਪਰਸ਼ ਪੋਰਟਲ ਰਾਹੀਂ ਪਾਰਦਰਸ਼ੀ ਤਰੀਕੇ ਨਾਲ ਜਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ ਪੈਨਸ਼ਨ ਨਾਲ ਸੰਬੰਧਿਤ ਮੁੱਦਿਆਂ ਦੇ ਹੱਲ ਲਈ ਪੰਜਾਬ ਦੇ ਸਾਰੇ ਜ਼ਿਲ੍ਹਾ ਰੱਖਿਆ ਸੇਵਾਵਾਂ ਦਫ਼ਤਰਾਂ ‘ਚ 15 ਦਿਨਾਂ ਦੇ ਸਹਾਇਤਾ ਕੈਂਪ ਵੀ ਲਗਾਏ। ਪੰਜਾਬ ਸਰਕਾਰ ਨੇ 10 ਦਿਵੀਆਂਗ ਸੈਨਿਕਾਂ ਨੂੰ ਇਲੈਕਟ੍ਰਿਕ ਤਿੰਨ-ਪਹੀਆ ਸਕੂਟਰ ਵੰਡੇ ਹਨ, ਤਾਂ ਜੋ ਉਨ੍ਹਾਂ ਦੀ ਆਵਾਜਾਈ ਅਤੇ ਜੀਵਨ ਸਰਲ ਬਣਾਇਆ ਜਾ ਸਕੇ।
Read More: ਮਨਰੇਗਾ ਸਕੀਮ ‘ਚ ਤਬਦੀਲੀਆਂ ਕਰਨ ‘ਤੇ ਹਰਪਾਲ ਸਿੰਘ ਚੀਮਾ ਵੱਲੋਂ ਕੇਂਦਰ ਦੀ ਆਲੋਚਨਾ




