ਅੰਮ੍ਰਿਤਸਰ, 05 ਜਨਵਰੀ 2026: ਸ਼ਹੀਦ ਨਾਇਬ ਸੂਬੇਦਾਰ ਪ੍ਰਗਟ ਸਿੰਘ ਨੂੰ ਅੱਜ (ਸੋਮਵਾਰ) ਉਨ੍ਹਾਂ ਦੇ ਜੱਦੀ ਪਿੰਡ ਰਾਮਦਾਸ, ਅੰਮ੍ਰਿਤਸਰ ‘ਚ ਅੰਤਿਮ ਵਿਦਾਇਗੀ ਦਿੱਤੀ । ਜਿਵੇਂ ਹੀ ਉਨ੍ਹਾਂ ਦੀ ਦੇਹ ਪਿੰਡ ਪਹੁੰਚੀ, ਪੂਰੇ ਇਲਾਕੇ ‘ਚ ਸੋਗ ਦੀ ਲਹਿਰ ਫੈਲ ਗਈ।
ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਸਮੇਤ ਵੱਡੀ ਗਿਣਤੀ ‘ਚ ਲੋਕ ਸ਼ਹੀਦ ਨੂੰ ਸ਼ਰਧਾਂਜਲੀ ਦੇਣ ਲਈ ਇਕੱਠੀ ਹੋਈ। ਇਸ ਤੋਂ ਬਾਅਦ ਸ਼ਹੀਦ ਦਾ ਸਸਕਾਰ ਪਿੰਡ ਦੇ ਸ਼ਮਸ਼ਾਨਘਾਟ ‘ਚ ਪੂਰੇ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ, ਜਿੱਥੇ ਉਨ੍ਹਾਂ ਦੇ ਪਿਤਾ ਜੋਗਿੰਦਰ ਸਿੰਘ ਨੇ ਚਿਤਾ ਨੂੰ ਮੁੱਖ ਅਗਨੀ ਦਿੱਤੀ। ਇਸ ਦੌਰਾਨ ਭਾਰਤੀ ਫੌਜ ਦੇ ਜਵਾਨਾਂ ਨੇ ਗਾਰਡ ਆਫ਼ ਆਨਰ ਪ੍ਰਦਾਨ ਕੀਤਾ।
ਨਾਇਬ ਸੂਬੇਦਾਰ ਪ੍ਰਗਟ ਸਿੰਘ (31) ਜੰਮੂ-ਕਸ਼ਮੀਰ ਦੇ ਅਨੰਤਨਾਗ ‘ਚ ਤਾਇਨਾਤ ਸਨ। ਕੱਲ੍ਹ (4 ਜਨਵਰੀ) ਨੂੰ ਆਕਸੀਜਨ ਦੇ ਪੱਧਰ ਘੱਟ ਹੋਣ ਕਾਰਨ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ। ਆਪਣੀ ਮੌਤ ਤੋਂ ਇੱਕ ਦਿਨ ਪਹਿਲਾਂ, ਪ੍ਰਗਟ ਸਿੰਘ ਨੇ ਸ਼ਾਮ ਨੂੰ ਆਪਣੇ ਪਰਿਵਾਰ ਨਾਲ ਗੱਲ ਕੀਤੀ ਸੀ, ਆਪਣੀ ਮਾਂ ਨੂੰ ਦੱਸਿਆ ਸੀ ਕਿ ਉਨ੍ਹਾਂ ਨੂੰ ਸਾਹ ਲੈਣ ‘ਚ ਦਿੱਕਤ ਹੋ ਰਹੀ ਹੈ, ਜਿਸ ਕਾਰਨ ਉਹ ਗੱਲਬਾਤ ਨਹੀਂ ਕਰ ਪਾ ਰਹੇ ਸੀ |
ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪ੍ਰਗਟ ਸਿੰਘ ਦੇਸ਼ ਦੇ ਇੱਕ ਹੋਣਹਾਰ ਅਤੇ ਬਹਾਦਰ ਪੁੱਤਰ ਸਨ, ਜਿਨ੍ਹਾਂ ਨੇ ਮਾਤ ਭੂਮੀ ਦੀ ਰੱਖਿਆ ਕਰਦੇ ਹੋਏ ਸਰਵਉੱਚ ਕੁਰਬਾਨੀ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸ਼ਹੀਦ ਦੇ ਪਰਿਵਾਰ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਅਤੇ ਸਹੂਲਤਾਂ ਪ੍ਰਦਾਨ ਕਰੇਗੀ।
ਵਿਧਾਇਕ ਨੇ ਕਿਹਾ ਕਿ ਸ਼ਹੀਦਾਂ ਦੀ ਕੁਰਬਾਨੀ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ ਅਤੇ ਉਨ੍ਹਾਂ ਦੇ ਨਾਮ ਦੇਸ਼ ਅਤੇ ਸੂਬੇ ਦੇ ਇਤਿਹਾਸ ‘ਚ ਹਮੇਸ਼ਾ ਸੁਨਹਿਰੀ ਅੱਖਰਾਂ ‘ਚ ਉੱਕਰ ਜਾਣਗੇ। ਇਸ ਦੌਰਾਨ ਪਿੰਡ ਵਾਸੀਆਂ ਨੇ ਸ਼ਹੀਦ ਪ੍ਰਗਟ ਸਿੰਘ ਦੀ ਬਹਾਦਰੀ ਨੂੰ ਯਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਆਪਣੇ ਪੁੱਤਰ ਦੀ ਸ਼ਹਾਦਤ ‘ਤੇ ਮਾਣ ਹੈ |
Read More: ਗੁਰੂਗ੍ਰਾਮ ਦੇ ਰਹਿਣ ਵਾਲਾ ਸੂਬੇਦਾਰ ਨਰੇਸ਼ ਕੁਮਾਰ ਪਠਾਨਕੋਟ ‘ਚ ਡਿਊਟੀ ਦੌਰਾਨ ਸ਼ਹੀਦ




