ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ), 08 ਜਨਵਰੀ 2026: ਹਲਕਾ ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਅਤੇ ਇੰਜੀਨਅਰ ਪ੍ਰਭਜੋਤ ਕੌਰ, ਚੇਅਰਪਰਸਨ ਜ਼ਿਲ੍ਹਾ ਯੋਜਨਾ ਕਮੇਟੀ ਐਸ.ਏ.ਐਸ. ਨਗਰ ਵੱਲੋਂ ਅੱਜ ਪਿੰਡ ਠਸਕਾ ਵਿਖੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਫੰਡਾਂ ‘ਚੋਂ 5 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਓਪਨ ਜਿੰਮ ਦਾ ਉਦਘਾਟਨ ਕੀਤਾ।
ਇਸ ਮੌਕੇ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਅਤੇ ਸ਼ਹਿਰੀ ਖੇਤਰਾਂ ‘ਚ ਬੁਨਿਆਦੀ ਸਹੂਲਤਾਂ ਦੇ ਵਿਕਾਸ ਨਾਲ ਨਾਲ ਲੋਕਾਂ ਦੀ ਸਿਹਤ ਪ੍ਰਤੀ ਜਾਗਰੂਕਤਾ ਵਧਾਉਣ ’ਤੇ ਖਾਸ ਧਿਆਨ ਦਿੱਤਾ ਜਾ ਰਿਹਾ ਹੈ। ਕੁਲਵੰਤ ਸਿੰਘ ਨੇ ਕਿਹਾ ਕਿ ਓਪਨ ਜਿੰਮ ਪਿੰਡ ਦੇ ਨੌਜਵਾਨਾਂ, ਬਜ਼ੁਰਗਾਂ ਅਤੇ ਹਰ ਵਰਗ ਦੇ ਲੋਕਾਂ ਲਈ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ‘ਚ ਸਹਾਇਕ ਸਾਬਤ ਹੋਣਗੇ।
ਇਸ ਦੌਰਾਨ ਚੇਅਰਪਰਸਨ ਪ੍ਰਭਜੋਤ ਕੌਰ ਨੇ ਕਿਹਾ ਕਿ ਜ਼ਿਲ੍ਹਾ ਯੋਜਨਾ ਕਮੇਟੀ ਦੇ ਫੰਡਾਂ ਦਾ ਮੁੱਖ ਉਦੇਸ਼ ਲੋਕ-ਹਿਤੈਸ਼ੀ ਅਤੇ ਜ਼ਮੀਨੀ ਪੱਧਰ ਦੇ ਵਿਕਾਸ ਕਾਰਜਾਂ ਨੂੰ ਅਮਲ ‘ਚ ਲਿਆਉਣਾ ਹੈ। ਉਨ੍ਹਾਂ ਦੱਸਿਆ ਕਿ ਭਵਿੱਖ ‘ਚ ਵੀ ਪਿੰਡ ਪੱਧਰ ’ਤੇ ਸਿਹਤ, ਖੇਡਾਂ ਅਤੇ ਬੁਨਿਆਦੀ ਢਾਂਚੇ ਨਾਲ ਸੰਬੰਧਿਤ ਪ੍ਰੋਜੈਕਟਾਂ ਨੂੰ ਤਰਜੀਹ ਦਿੱਤੀ ਜਾਵੇਗੀ।
ਉਦਘਾਟਨੀ ਸਮਾਗਮ ਦੌਰਾਨ ਪਿੰਡ ਦੇ ਸਰਪੰਚ, ਪੰਚ, ਇਲਾਕੇ ਦੇ ਪਤਵੰਤੇ ਵਿਅਕਤੀ ਅਤੇ ਵੱਡੀ ਗਿਣਤੀ ‘ਚ ਪਿੰਡ ਵਾਸੀ ਹਾਜ਼ਰ ਸਨ। ਸਮਾਗਮ ਦੇ ਅੰਤ ‘ਚ ਪਿੰਡ ਵਾਸੀਆਂ ਵੱਲੋਂ ਮਹਿਮਾਨਾਂ ਦਾ ਧੰਨਵਾਦ ਕੀਤਾ।
Read More: ਸਵਾੜਾ-ਸੈਦਪੁਰ-ਗਿਦੜਪੁਰ-ਚੰਡਿਆਲਾ ਮਾਰਗ ਦੇ ਨਵੀਨੀਕਰਨ ‘ਤੇ ਖਰਚੇ ਜਾਣਗੇ 2.92 ਕਰੋੜ ਰੁਪਏ: ਵਿਧਾਇਕ ਕੁਲਵੰਤ ਸਿੰਘ




