ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ), 16 ਜਨਵਰੀ 2026: ਹਲਕਾ ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਵੱਲੋਂ ਅੱਜ ਹਲਕੇ ਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਨੂੰ ਜੋੜਨ ਵਾਲੇ ਸੜਕੀ ਨੈੱਟਵਰਕ ਨੂੰ ਮਜ਼ਬੂਤ ਕਰਨ ਲਈ ਲੋਕ ਨਿਰਮਾਣ ਵਿਭਾਗ (ਭ ਤੇ ਮ) ਦੇ ਸਹਿਯੋਗ ਨਾਲ ਵੱਖ-ਵੱਖ ਥਾਵਾਂ ‘ਤੇ ਤਿੰਨ ਨੀਂਹ ਪੱਥਰ ਰੱਖ ਕੇ ਕੁੱਲ 5 ਅਹਿਮ ਸੜਕਾਂ ਦੇ ਨਿਰਮਾਣ ਅਤੇ ਰੱਖ-ਰਖਾਅ ਦੇ ਕਾਰਜ ਦੀ ਸ਼ੁਰੂਆਤ ਕਰਵਾਈ ਹੈ।
ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਨੇ ਅੱਜ ਕੁਰੜੀ-ਸ਼ੇਖਨਮਾਜਰਾ ਤੋਂ ਜ਼ੀਰਕਪੁਰ-ਬਨੂੜ ਰੋਡ ਤੱਕ ਲਿੰਕ ਸੜਕ, ਬੜੀ ਛੱਤ ਸੜਕ, ਨੰਡਿਆਲੀ-ਝਿਊਰਹੇੜੀ ਸੜਕ, ਨੰਡਿਆਲੀ-ਅਲੀਪੁਰ-ਭਬਾਤ ਸੜਕ ਅਤੇ ਕੰਬਾਲਾ ਰੁੜਕਾ ਧਰਮਗੜ੍ਹ ਤੋਂ ਕੰਡਾਲਾ ਸੜਕ ਦੇ ਨੀਂਹ ਪੱਥਰ ਰੱਖੇ। ਇਨ੍ਹਾਂ ਸਾਰੀਆਂ ਸੜਕਾਂ ਦੇ ਨਿਰਮਾਣ ਅਤੇ ਰੱਖ-ਰਖਾਅ ‘ਤੇ ਕੁੱਲ 4.41 ਕਰੋੜ ਰੁਪਏ ਖਰਚ ਕੀਤੇ ਜਾਣਗੇ। ਵਿਧਾਇਕ ਕੁਲਵੰਤ ਸਿੰਘ ਨੇ ਦੱਸਿਆ ਕਿ ਇਨ੍ਹਾਂ ਸੜਕਾਂ ਦਾ ਕੰਮ ਅਗਲੇ 6 ਮਹੀਨਿਆਂ ਦੇ ਅੰਦਰ ਮੁਕੰਮਲ ਕਰ ਲਿਆ ਜਾਵੇਗਾ ਤਾਂ ਜੋ ਜਨਤਾ ਨੂੰ ਛੇਤੀ ਰਾਹਤ ਮਿਲ ਸਕੇ।
ਵਿਧਾਇਕ ਕੁਲਵੰਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ, “ਭਗਵੰਤ ਸਿੰਘ ਮਾਨ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨਾ ਹੈ। ਇਹ ਸੜਕਾਂ ਇਲਾਕੇ ਦੀ ਆਰਥਿਕਤਾ ਅਤੇ ਆਵਾਜਾਈ ਲਈ ਵਰਦਾਨ ਸਾਬਤ ਹੋਣਗੀਆਂ। ਉਨ੍ਹਾਂ ਕਿਹਾ ਕਿ ਅਸੀਂ ਵਾਅਦਾ ਕਰਦੇ ਹਾਂ ਕਿ ਵਿਕਾਸ ਕਾਰਜਾਂ ‘ਚ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।
ਉਨ੍ਹਾਂ ਨੇ ਕਿਹਾ ਕਿ ਹਲਕਾ ਮੋਹਾਲੀ ਦੇ ਪੇਂਡੂ ਖੇਤਰਾਂ ‘ਚ ਸੜਕੀ ਨੈੱਟਵਰਕ ਨੂੰ ਮਜ਼ਬੂਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ ‘ਤੇ ਮੁਰੰਮਤ ਦਾ ਕੰਮ ਸ਼ੁਰੂ ਕੀਤਾ ਹੈ। ਇਸ ਪ੍ਰੋਜੈਕਟ ਤਹਿਤ ਇਲਾਕੇ ਦੀਆਂ 5 ਮੁੱਖ ਲਿੰਕ ਸੜਕਾਂ ਦੀ ਕਾਇਆ-ਕਲਪ ਕੀਤੀ ਜਾ ਰਹੀ ਹੈ।
ਵਿਧਾਇਕ ਕੁਲਵੰਤ ਸਿੰਘ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪਿਛਲੇ ਸਮੇਂ ਤੋਂ ਆਪਣੇ ਸਾਰੇ ਵਾਅਦੇ ਪੂਰੇ ਕਰ ਰਹੀ ਹੈ ਅਤੇ ਆਉਣ ਵਾਲੇ ਸਮੇਂ ‘ਚ ਵੀ ਜੋ ਵਾਅਦੇ ਰਹਿ ਗਏ ਹਨ ਉਸ ਨੂੰ ਵੀ ਪੂਰਾ ਕਰੇਗੀ। ਕਰੀਬ 65 ਲੱਖ ਪਰਿਵਾਰਾਂ ਨੂੰ 10-10 ਲੱਖ ਰੁਪਏ ਦੀ ਸਿਹਤ ਬੀਮਾ ਯੋਜਨਾ ਦਾ ਲਾਭ ਦਿੱਤਾ ਜਾ ਰਿਹਾ ਹੈ, ਜਿਸ ਨਾਲ ਹਰ ਘਰ ‘ਚ ਇਲਾਜ ਹੋ ਸਕੇਗਾ ਅਤੇ ਇਹ ਰਾਸ਼ੀ ਗਰੀਬ ਪਰਿਵਾਰਾਂ ਲਈ ਬਹੁਤ ਹੀ ਫਾਇਦੇਮੰਦ ਸਿੱਧ ਹੋਵੇਗੀ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜੋ ਵਾਅਦੇ ਕੀਤੇ ਸਨ, ਉਹ ਕਰੀਬ ਸਾਰੇ ਹੀ ਪੂਰੇ ਕੀਤੇ ਗਏ ਹਨ ਚਾਹੇ ਉਹ ਮੁਫ਼ਤ ਬਿਜਲੀ ਹੋਵੇ, ਮੁਹੱਲਾ ਕਲੀਨਿਕ ਹੋਣ, ਸਕੂਲ ਕਾਲਜ ਹੋਣ, ਬੇਰੁਜ਼ਗਾਰੀ ਦਾ ਮਸਲਾ ਹੋਵੇ, ਇਹ ਸਭ ਵਾਅਦੇ ਆਪ ਸਰਕਾਰ ਨੇ ਪੂਰੇ ਕੀਤੇ ਹਨ।
Read More: ਭਾਰਤ ਸਰਕਾਰ ਵੱਲੋਂ ਜਾਰੀ ਸੂਬਿਆਂ ਦੀ ਸਟਾਰਟਅੱਪ ਈਕੋਸਿਸਟਮ ਰੈਂਕਿੰਗ ‘ਚ ਪੰਜਾਬ ਫਿਰ ਤੋਂ ਮੋਹਰੀ: ਸੰਜੀਵ ਅਰੋੜਾ




