ਚੰਡੀਗੜ੍ਹ/ਅੰਮ੍ਰਿਤਸਰ, 21 ਜਨਵਰੀ 2026: ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪਾਕਿਸਤਾਨ ਅਧਾਰਿਤ ਤਸਕਰਾਂ ਨਾਲ ਜੁੜੇ ਸਰਹੱਦ ਪਾਰੋਂ ਚਲਾਏ ਜਾ ਰਹੇ ਗੈਰ-ਕਾਨੂੰਨੀ ਹਥਿਆਰਾਂ ਦੇ ਮਾਡਿਊਲ ਦਾ ਪਰਦਾਫਾਸ਼ ਕਰਦੇ ਹੋਏ ਦੋ ਸੰਚਾਲਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ | ਇਸਦੇ ਨਾਲ ਹੀ ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ‘ਚੋਂ ਛੇ ਆਧੁਨਿਕ ਪਿਸਤੌਲ ਬਰਾਮਦ ਕੀਤੇ ਹਨ।
ਪੁਲਿਸ ਵੱਲੋਂ ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਗੋਪੀ (ਪਿੰਡ ਰੱਤੋਕੇ), ਸੁਰਜੀਤ ਸਿੰਘ (ਚੇਲਾ ਕਲੋਨੀ) ਵਜੋਂ ਹੋਈ ਹੈ | ਪੁਲਿਸ ਮੁਤਾਬਕ ਸੁਰਜੀਤ ਸਿੰਘ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ ਅਤੇ ਉਨ੍ਹਾਂ ਖ਼ਿਲਾਫ ਐਨਡੀਪੀਐਸ ਐਕਟ ਸਮੇਤ ਕਈ ਮਾਮਲੇ ਦਰਜ ਹਨ। ਪੁਲਿਸ ਨੇ ਦੋ ਜ਼ਿੰਦਾ ਕਾਰਤੂਸਾਂ ਸਮੇਤ ਦੋ 9 ਐਮਐਮ ਗਲੌਕ ਪਿਸਤੌਲ ਅਤੇ ਚਾਰ .30 ਬੋਰ ਪਿਸਤੌਲ ਬਰਾਮਦ ਕੀਤੇ ਹਨ |
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਮੁਲਜ਼ਮ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ‘ਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਅਤੇ ਗੈਂਗਸਟਰਾਂ ਨੂੰ ਹਥਿਆਰ ਸਪਲਾਈ ਕਰਨ ‘ਚ ਸ਼ਾਮਲ ਸਨ। ਡੀਜੀਪੀ ਨੇ ਦੱਸਿਆ ਕਿ ਇਸ ਮਾਮਲੇ ‘ਚ ਅਗਲੇ-ਪਿਛਲੇ ਸਬੰਧਾਂ ਦੀ ਜਾਂਚ ਜਾਰੀ ਹੈ |
ਇਸ ਸੰਬੰਧੀ ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਭਰੋਸੇਯੋਗ ਜਾਣਕਾਰੀ ‘ਤੇ ਕਾਰਵਾਈ ਕਰਦਿਆਂ ਪੁਲਿਸ ਨੇ ਸ਼ੱਕੀ ਗੁਰਪ੍ਰੀਤ ਉਰਫ਼ ਗੋਪੀ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਸ ਦੇ ਕਬਜ਼ੇ ‘ਚੋਂ ਦੋ ਜ਼ਿੰਦਾ ਕਾਰਤੂਸਾਂ ਸਮੇਤ ਤਿੰਨ .30 ਬੋਰ ਪਿਸਤੌਲ ਅਤੇ ਇੱਕ ਗਲੌਕ ਬਰਾਮਦ ਕੀਤੀ।
ਉਨ੍ਹਾਂ ਦੱਸਿਆ ਕਿ ਲਗਾਤਾਰ ਪੁੱਛਗਿੱਛ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਪਾਕਿਸਤਾਨ-ਅਧਾਰਤ ਤਸਕਰਾਂ ਨਾਲ ਸਿੱਧੇ ਸੰਪਰਕ ‘ਚ ਸਨ ਅਤੇ ਗੈਂਗਸਟਰਾਂ ਨੂੰ ਇਨ੍ਹਾਂ ਹਥਿਆਰਾਂ ਦੀ ਸਪਲਾਈ ਕਰਨ ਲਈ ਗੈਰ-ਕਾਨੂੰਨੀ ਹਥਿਆਰਾਂ ਦੀ ਖੇਪ ਪ੍ਰਾਪਤ ਕਰ ਰਹੇ ਸਨ, ਜੋ ਕਿ ਡਰੋਨ ਰਾਹੀਂ ਆ ਰਹੀ ਸੀ।
ਪੁਲਿਸ ਕਮਿਸ਼ਨਰ ਨੇ ਕਿਹਾ ਕਿ ਗੁਰਪ੍ਰੀਤ ਉਰਫ਼ ਗੋਪੀ ਦੇ ਖੁਲਾਸਿਆਂ ਦੇ ਆਧਾਰ ‘ਤੇ ਪੁਲਿਸ ਟੀਮਾਂ ਨੇ ਉਸਦੇ ਸਾਥੀ ਸੁਰਜੀਤ ਸਿੰਘ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ ਅਤੇ ਉਸਦੇ ਕਬਜ਼ੇ ‘ਚੋਂ ਇੱਕ ਗਲਾਕ ਅਤੇ ਇੱਕ .30 ਬੋਰ ਬਰਾਮਦ ਕੀਤਾ ਹੈ। ਉਨ੍ਹਾਂ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਸੁਰਜੀਤ ਸਿੰਘ ਇੱਕੋ ਨੈੱਟਵਰਕ ਦੇ ਹਿੱਸੇ ਵਜੋਂ ਵੱਖ-ਵੱਖ ਥਾਵਾਂ ‘ਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ‘ਚ ਸ਼ਾਮਲ ਸੀ। ਪੁਲਿਸ ਨੇ ਅੰਮ੍ਰਿਤਸਰ ਦੇ ਥਾਣਾ ਇਸਲਾਮਾਬਾਦ ਵਿਖੇ ਅਸਲਾ ਐਕਟ ਦੀ ਧਾਰਾ ਤਹਿਤ ਐਫਆਈਆਰ ਦਰਜ ਕੀਤੀ ਹੈ |
Read More: Amritsar News: ਸਰਪੰਚ ਕ.ਤ.ਲ ਮਾਮਲੇ ‘ਚ ਪੁਲਿਸ ਮੁਕਾਬਲਾ, ਸ਼ੂਟਰ ਦੀ ਮੌ.ਤ !




