ਪਟਿਆਲਾ, 22 ਜਨਵਰੀ 2026: 2018 ਬੈਚ ਦੇ ਨੌਜਵਾਨ ਆਈ.ਏ.ਐਸ. ਅਧਿਕਾਰੀ ਵਰਜੀਤ ਵਾਲੀਆ ਨੇ ਅੱਜ ਪਟਿਆਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਵਰਜੀਤ ਵਾਲੀਆ ਡਾ. ਪ੍ਰੀਤੀ ਯਾਦਵ ਦੀ ਜਗ੍ਹਾ ਲੈਣਗੇ, ਜਿਨ੍ਹਾਂ ਦੀ ਬਦਲੀ ਐਮ.ਡੀ. ਮਾਰਕਫੈਡ ਵਜੋਂ ਹੋਈ ਹੈ।
ਵਰਜੀਤ ਵਾਲੀਆ ਨੇ ਆਪਣਾ ਅਹੁਦਾ ਸੰਭਾਲਣ ਮੌਕੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਮੁਤਾਬਕ ਪਟਿਆਲਾ ਜ਼ਿਲ੍ਹੇ ‘ਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਸਮਾਂਬੱਧ ਢੰਗ ਨਾਲ ਨੇਪਰੇ ਚਾੜਨਾ ਉਨ੍ਹਾਂ ਦੀ ਮੁੱਖ ਤਰਜੀਹ ਹੋਵੇਗੀ | ਇਸਦੇ ਨਾਲ ਹੀ ਪੰਜਾਬ ਸਰਕਾਰ ਦੀਆਂ ਸਾਰੀਆਂ ਫਲੈਗਸ਼ਿਪ ਸਕੀਮਾਂ ਦਾ ਲਾਭ ਲੋਕਾਂ ਲਈ ਹੇਠਲੇ ਪੱਧਰ ਤੱਕ ਪਹੁੰਚਦਾ ਕੀਤਾ ਜਾਵੇਗਾ।
ਵਰਜੀਤ ਵਾਲੀਆ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਾ ਮੁਕਤ ਪੰਜਾਬ ਤੇ ਰੰਗਲਾ ਪੰਜਾਬ ਸਿਰਜਣ ਦੇ ਸੁਪਨੇ ਨੂੰ ਪੂਰਾ ਕਰਨ ਸਮੇਤ ਸਿਹਤ ਤੇ ਸਿੱਖਿਆ ਖੇਤਰਾਂ ‘ਚ ਹੋਰ ਸੁਧਾਰ ਕਰਨਾ ਅਤੇ ਮੁੱਖ ਮੰਤਰੀ ਸਿਹਤ ਯੋਜਨਾ ਦਾ ਲਾਭ ਘਰ-ਘਰ ਤੱਕ ਪਹੁੰਚਦਾ ਕਰਨਾ ਵੀ ਉਨ੍ਹਾਂ ਦੀਆਂ ਤਰਜੀਹਾਂ ‘ਚ ਰਹੇਗੀ। ਜਦਕਿ ਲੋਕਾਂ ਨੂੰ ਸਰਕਾਰੀ ਸੇਵਾਵਾਂ ਪਾਰਦਰਸ਼ੀ ਤੇ ਸਮਾਂਬੱਧ ਢੰਗ ਨਾਲ ਪ੍ਰਦਾਨ ਕਰਵਾਉਣ ਲਈ ਵੀ ਉਚੇਚੇ ਯਤਨ ਕੀਤੇ ਜਾਣਗੇ |
ਜਿਕਰਯੋਗ ਹੈ ਕਿ 2018 ਬੈਚ ਦੇ ਆਈ.ਏ.ਐਸ. ਅਧਿਕਾਰੀ ਵਰਜੀਤ ਵਾਲੀਆ, ਆਈ.ਆਈ.ਟੀ. ਦਿੱਲੀ ਤੋਂ ਕੈਮੀਕਲ ਇੰਜੀਨੀਅਰਿੰਗ ‘ਚ ਗ੍ਰੈਜੂਏਟ ਹਨ। ਇਸ ਤੋਂ ਪਹਿਲਾਂ ਰੂਪਨਗਰ ‘ਚ ਡਿਪਟੀ ਕਮਿਸ਼ਨਰ ਵਜੋਂ ਸੇਵਾਵਾਂ ਨਿਭਾਅ ਰਹੇ ਸਨ। ਇਸ ਤੋਂ ਪਹਿਲਾਂ ਵਰਜੀਤ ਮੁੱਖ ਮੰਤਰੀ ਦੇ ਵਧੀਕ ਪ੍ਰਮੁੱਖ ਸਕੱਤਰ, ਏ.ਡੀ.ਸੀ. ਸੰਗਰੂਰ ਤੇ ਐਸ.ਡੀ.ਐਮ. ਬਰਨਾਲਾ ਵਜੋਂ ਵੀ ਆਪਣੀਆਂ ਸੇਵਾਵਾਂ ਨਿਭਾਅ ਚੁੱਕੇ ਹਨ।
ਵਰਜੀਤ ਵਾਲੀਆ ਦੇ ਅੱਜ ਅਹੁਦਾ ਸੰਭਾਲਣ ਮੌਕੇ ਉਨ੍ਹਾਂ ਦੇ ਨਾਲ ਉਨ੍ਹਾਂ ਦੇ ਪਤਨੀ ਤੇ ਆਈ.ਆਰ.ਐਸ. ਅਧਿਕਾਰੀ ਤਾਨੀਆ ਬੈਂਸ ਤੇ ਸਪੁੱਤਰ ਵਰਤਾਜ ਵਾਲੀਆ ਵੀ ਹਾਜ਼ਰ ਸਨ। ਡੀ.ਸੀ. ਵਜੋਂ ਆਪਣਾ ਅਹੁਦਾ ਸੰਭਾਲਣ ਤੋਂ ਉਪਰੰਤ ਵਰਜੀਤ ਵਾਲੀਆ ਨੇ ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ ਅਤੇ ਮੰਦਿਰ ਮਾਤਾ ਸ੍ਰੀ ਕਾਲੀ ਦੇਵੀ ਵਿਖੇ ਵੀ ਮੱਥਾ ਟੇਕ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।
ਇਸ ਵਰਜੀਤ ਵਾਲੀਆ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲੇ ਜਾਣ ਦੌਰਾਨ ਐਸ.ਪੀ ਵੈਭਵ ਚੌਧਰੀ, ਏ.ਡੀ.ਸੀਜ ਦਮਨਜੀਤ ਸਿੰਘ ਮਾਨ, ਸਿਮਰਪ੍ਰੀਤ ਕੌਰ ਤੇ ਡਾ ਇਸਮਤ ਵਿਜੇ ਸਿੰਘ, ਐਸ.ਪੀ ਪਲਵਿੰਦਰ ਸਿੰਘ ਚੀਮਾ, ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਦੀਪਜੋਤ ਕੌਰ, ਐਸ.ਡੀ.ਐਮ ਹਰਜੋਤ ਕੌਰ ਮਾਵੀ, ਜ਼ਿਲ੍ਹਾ ਮਾਲ ਅਫ਼ਸਰ ਅੰਕਿਤਾ ਅਗਵਰਾਲ ਸਮੇਤ ਡੀ.ਸੀ. ਦਫ਼ਤਰ ਦੇ ਹੋਰ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਨਵੇਂ ਡਿਪਟੀ ਕਮਿਸ਼ਨਰ ਦਾ ਫੁੱਲਾਂ ਦੇ ਗੁਲਦਸਤਿਆਂ ਨਾਲ ਨਿੱਘਾ ਕੀਤਾ ਗਿਆ। ਇਸ ਤੋਂ ਪਹਿਲਾਂ ਨਵੇਂ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੁੱਜਣ ‘ਤੇ ਪਟਿਆਲਾ ਪੁਲਿਸ ਦੀ ਟੁਕੜੀ ਨੇ ‘ਗਾਰਡ ਆਫ਼ ਆਨਰ’ ਪੇਸ਼ ਕਰਕੇ ਸਲਾਮੀ ਦਿੱਤੀ ਗਈ।
Read More: ਸਿਮਰਪ੍ਰੀਤ ਕੌਰ ਨੇ ਪਟਿਆਲਾ ਦੇ ADC ਵਜੋਂ ਅਹੁਦਾ ਸੰਭਾਲਿਆ




