ਮੋਹਾਲੀ, 30 ਜਨਵਰੀ 2026: ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਜ਼ਿਲ੍ਹਾ ਪ੍ਰਸ਼ਾਸਨ ਨੇ ਜਨਤਕ ਸੁਰੱਖਿਆ ਨੂੰ ਧਿਆਨ ‘ਚ ਰੱਖਦੇ ਹੋਏ ਸਿੰਥੈਟਿਕ/ਪਲਾਸਟਿਕ ਦੀ ਬਣੀ ਡੋਰ (ਚਾਈਨਾ ਡੋਰ) ਦੀ ਵੇਚਣ, ਖਰੀਦਣ, ਸਟੋਰ ਕਰਨ ਅਤੇ ਵਰਤੋਂ ’ਤੇ ਪਾਬੰਦੀ ਲਗਾਈ ਹੈ।
ਇਸ ਸਬੰਧੀ ਜ਼ਿਲ੍ਹਾ ਮੋਹਾਲੀ ਦੇ ਮੈਜਿਸਟਰੇਟ ਕੋਮਲ ਮਿੱਤਲ, ਆਈ.ਏ.ਐਸ. ਨੇ ਦੱਸਿਆ ਕਿ ਚਾਈਨਾ ਡੋਰ ਦੀ ਵਰਤੋਂ ਨਾਲ ਪਤੰਗਬਾਜ਼ੀ ਦੌਰਾਨ ਲੋਕਾਂ ਦੇ ਹੱਥਾਂ ਅਤੇ ਉਂਗਲੀਆਂ ਦੇ ਕੱਟੇ ਜਾਣ, ਸਾਈਕਲ ਅਤੇ ਸਕੂਟਰ ਚਾਲਕਾਂ ਦੇ ਗਲ੍ਹ ਅਤੇ ਕੰਨਾਂ ਨੂੰ ਗੰਭੀਰ ਚੋਟਾਂ ਲੱਗਣ ਅਤੇ ਉੱਡਦੇ ਪੰਛੀਆਂ ਦੀ ਜਾਨ ਨੂੰ ਖ਼ਤਰਾ ਬਣ ਰਿਹਾ ਹੈ। ਇਨ੍ਹਾਂ ਖ਼ਤਰਿਆਂ ਨੂੰ ਦੇਖਦਿਆਂ ਇਹ ਕਦਮ ਚੁੱਕਿਆ ਹੈ।
ਜ਼ਿਲ੍ਹਾ ਮੈਜਿਸਟਰੇਟ ਕੋਮਲ ਮਿੱਤਲ ਵੱਲੋਂ ‘ਦ ਭਾਰਤੀਯ ਨਾਗਰਿਕ ਸੁਰੱਖਿਆ ਸੰਹਿਤਾ, 2023 (46 ਆਫ 2023) ਦੇ ਚੈਪਟਰ 11 (ਅਧੀਨ ਧਾਰਾ 163), ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਸ਼ਹਿਰੀ ਅਤੇ ਦਿਹਾਤੀ ਖੇਤਰਾਂ ‘ਚ ਇਹ ਪਾਬੰਦੀ 24 ਜਨਵਰੀ 2026 ਤੋਂ 23 ਮਾਰਚ 2026 ਤੱਕ ਤੁਰੰਤ ਪ੍ਰਭਾਵ ਨਾਲ ਲਾਗੂ ਰਹੇਗੀ।
ਉਸਦੇ ਨਾਲ ਹੀ ਜ਼ਿਲ੍ਹਾ ਪ੍ਰਸ਼ਾਸਨ ਨੇ ਆਮ ਜਨਤਾ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਅਤੇ ਹੋਰਾਂ ਦੀ ਸੁਰੱਖਿਆ ਨੂੰ ਧਿਆਨ ‘ਚ ਰੱਖਦਿਆਂ ਚਾਈਨਾ ਡੋਰ ਦੀ ਵਰਤੋਂ ਤੋਂ ਪੂਰੀ ਤਰ੍ਹਾਂ ਪਰਹੇਜ਼ ਕਰਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਕੀਤੇ ਹੁਕਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ।
Read more: Zirakpur news: ਜ਼ੀਰਕਪੁਰ ‘ਚ ਫਾਰਚੂਨਰ ਕਾਰ ਦੀ ਟਰਾਲੇ ਨਾਲ ਟੱਕਰ, 3 ਜਣਿਆਂ ਦੀ ਮੌ.ਤ




