MLA Kulwant Singh

ਵਿਧਾਇਕ ਕੁਲਵੰਤ ਸਿੰਘ ਵੱਲੋਂ ਜ਼ਿਲ੍ਹਾ ਹਸਪਤਾਲ ਮੋਹਾਲੀ ਦਾ ਦੌਰਾ, ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ ਦੀ ਸਮੀਖਿਆ

ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) 03 ਫਰਵਰੀ 2026: ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਨੇ ਅੱਜ ਜ਼ਿਲ੍ਹਾ ਹਸਪਤਾਲ ਮੋਹਾਲੀ ਦਾ ਦੌਰਾ ਕਰਕੇ ਮੁੱਖ ਮੰਤਰੀ ਸਿਹਤ ਯੋਜਨਾ (MMSY) ਅਧੀਨ ਮਰੀਜ਼ਾਂ ਨੂੰ ਦਿੱਤੇ ਜਾ ਰਹੇ ਇਲਾਜ ਦੀ ਸਮੀਖਿਆ ਕੀਤੀ ਅਤੇ ਮੁਫ਼ਤ ਇਲਾਜ ਲੈ ਰਹੇ ਮਰੀਜ਼ਾਂ ਨਾਲ ਗੱਲਬਾਤ ਕੀਤੀ।

ਕੁਲਵੰਤ ਸਿੰਘ ਵਿਧਾਇਕ ਨੇ ਆਪਣੇ ਦੌਰੇ ਦੌਰਾਨ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਇਲਾਜ ਕਰਵਾਉਣ ਵਾਲੀ ਪੰਜਾਬ ਦੀ ਪਹਿਲੀ ਮਰੀਜ਼, ਸਨੀ ਐਨਕਲੇਵ ਦੀ ਰਹਿਣ ਵਾਲੀ ਨਿਰਮਲ ਕੌਰ (53) ਨਾਲ ਮੁਲਾਕਾਤ ਕੀਤੀ, ਜਿਨ੍ਹਾਂ ਦੀ 27 ਜਨਵਰੀ ਨੂੰ ਸਫਲਤਾਪੂਰਵਕ ਐਪੈਂਡਿਕਸ ਦੀ ਸਰਜਰੀ ਕੀਤੀ ਸੀ ਅਤੇ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਗਈ ਹੈ ਅਤੇ ਅੱਜ ਉਹ ਫਾਲੋਅੱਪ ਜਾਂਚ ਲਈ ਹਸਪਤਾਲ ਪਹੁੰਚੇ ਹੋਏ ਸਨ।

ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਦਾਖ਼ਲ ਮਰੀਜ਼ਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮਰੀਜ਼ ਇਸ ਯੋਜਨਾ ਨਾਲ ਬਹੁਤ ਖੁਸ਼ ਹਨ, ਕਿਉਂਕਿ ਇਸ ‘ਚ ਕਿਸੇ ਵੀ ਕਿਸਮ ਦੀ ਆਮਦਨ ਦੀ ਸ਼ਰਤ ਨਹੀਂ ਰੱਖੀ ਹੈ। ਮਰੀਜ਼ਾਂ ਨੇ ਦੱਸਿਆ ਕਿ ਉਹ ਆਧਾਰ ਕਾਰਡ ਅਤੇ ਵੋਟਰ ਕਾਰਡ ਨਾਲ ਓ.ਪੀ.ਡੀ. ਕਾਊਂਟਰ ’ਤੇ ਪਹੁੰਚੇ ਅਤੇ ਉਨ੍ਹਾਂ ਦੀ ਤੁਰੰਤ ਤਰਜੀਹੀ ਆਧਾਰ ’ਤੇ ਐੱਮ.ਐੱਮ.ਐੱਸ.ਵਾਈ. ਅਧੀਨ ਰਜਿਸਟ੍ਰੇਸ਼ਨ ਕਰ ਦਿੱਤੀ, ਜਿਸ ਨਾਲ ਉਨ੍ਹਾਂ ਨੂੰ ਫੌਰੀ ਇਲਾਜ ਮਿਲ ਸਕਿਆ।

ਹਸਪਤਾਲ ‘ਚ ਦਾਖ਼ਲ ਬਲੋਂਗੀ ਦੀ ਰਹਿਣ ਵਾਲੀ ਸੰਤੋਸ਼ ਅਤੇ ਕਾਈਨੌਰ (ਮੋਰਿੰਡਾ) ਦੀ ਅਮਨਦੀਪ ਕੌਰ ਨੇ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ 10 ਲੱਖ ਰੁਪਏ ਤੱਕ ਦੀ ਕੈਸ਼ਲੈੱਸ ਸਿਹਤ ਸਹੂਲਤ ਵਾਲੀ ਇਹ ਯੋਜਨਾ ਆਮ ਲੋਕਾਂ ਲਈ ਰਾਮਬਾਣ ਸਾਬਤ ਹੋ ਰਹੀ ਹੈ।

ਡਾ. ਨਵਦੀਪ ਸੈਣੀ, ਕਾਰਜਕਾਰੀ ਡਾਇਰੈਕਟਰ ਪ੍ਰਿੰਸੀਪਲ, ਡਾ. ਬੀ. ਆਰ. ਅੰਬੇਡਕਰ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼, ਮੋਹਾਲੀ ਨੇ ਦੱਸਿਆ ਕਿ ਜਿਨ੍ਹਾਂ ਮਰੀਜ਼ਾਂ ਨੂੰ ਸਰਜਰੀ ਜਾਂ ਇੰਨਡੋਰ ਇਲਾਜ ਦੀ ਲੋੜ ਹੈ, ਉਨ੍ਹਾਂ ਸਭ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਦਾ ਲਾਭ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ 78 ਮਰੀਜ਼ ਮੈਡੀਕਲ ਕਾਲਜ ਨਾਲ ਜੋੜੇ ਹੋਏ ਜ਼ਿਲ੍ਹਾ ਹਸਪਤਾਲ ਮੋਹਾਲੀ ‘ਚ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ ਅਧੀਨ ਹਨ।

ਮੀਡੀਆ ਨਾਲ ਗੱਲਬਾਤ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਦੱਸਿਆ ਕਿ ਮੋਹਾਲੀ ਜ਼ਿਲ੍ਹੇ ‘ਚ ਹੁਣ ਤੱਕ ਕਰੀਬ 3500 ਰਜਿਸਟ੍ਰੇਸ਼ਨਾਂ ਐੱਮ.ਐੱਮ.ਐੱਸ.ਵਾਈ. ਤਹਿਤ ਹੋ ਚੁੱਕੀਆਂ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਪੰਜਾਬ ਦੇ ਆਧਾਰ ਕਾਰਡ ਅਤੇ ਵੋਟਰ ਕਾਰਡ ਵਾਲੇ ਸਾਰੇ ਯੋਗ ਨਿਵਾਸੀਆਂ ਨੂੰ ਇਸ ਯੋਜਨਾ ਅਧੀਨ ਰਜਿਸਟਰ ਕੀਤਾ ਜਾਵੇਗਾ। ਉਨ੍ਹਾਂ ਸਪਸ਼ਟ ਕੀਤਾ ਕਿ ਐਮਰਜੈਂਸੀ ਕੇਸਾਂ ‘ਚ ਪਹਿਲਾਂ ਰਜਿਸਟ੍ਰੇਸ਼ਨ ਦੀ ਕੋਈ ਲੋੜ ਨਹੀਂ, ਸਗੋਂ ਸੰਬੰਧਤ ਹਸਪਤਾਲ ਵੱਲੋਂ ਮੌਕੇ ’ਤੇ ਹੀ ਰਜਿਸਟ੍ਰੇਸ਼ਨ ਕੀਤੀ ਜਾਵੇਗੀ।

ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ, ਜੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਹਾਜ਼ਰੀ ‘ਚ ਸ਼ੁਰੂ ਕੀਤੀ, ਪੰਜਾਬ ਵਾਸੀਆਂ ਲਈ ਵਰਦਾਨ ਸਾਬਤ ਹੋਵੇਗੀ, ਕਿਉਂਕਿ ਇਸ ਤਹਿਤ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ‘ਚ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ। ਇਸ ਦੌਰਾਨ ਸਿਵਲ ਸਰਜਨ ਡਾ. ਸੰਗੀਤਾ ਜੈਨ, ਡਿਪਟੀ ਮੈਡੀਕਲ ਸੁਪਰਡੈਂਟ ਡਾ. ਕਰਨਬੀਰ ਸਿੰਘ ਅਤੇ ਡਾ. ਮਨੀਸ਼ ਗੁਪਤਾ ਵੀ ਹਾਜ਼ਰ ਸਨ।

Read More: ਵਿਧਾਇਕ ਕੁਲਵੰਤ ਸਿੰਘ ਨੇ 4.41 ਕਰੋੜ ਦੀ ਲਾਗਤ ਨਾਲ ਬਣਨ ਵਾਲੀਆਂ 5 ਸੜਕਾਂ ਦੇ ਰੱਖੇ ਨੀਂਹ ਪੱਥਰ

ਵਿਦੇਸ਼

Scroll to Top