ਖੁਰਾਲਗੜ੍ਹ, 6 ਫਰਵਰੀ 2026: ਗੁਰੂ ਰਵਿਦਾਸ ਜੀ ਸਾਧੂ ਸੰਪਰਦਾ ਸੁਸਾਇਟੀ ਤੇ ਸੰਤ ਸਮਾਜ ਨੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਪੁਰਬ ਨੂੰ ਵਿਆਪਕ ਪੱਧਰ ’ਤੇ ਮਨਾਉਣ ਲਈ ਕੀਤੇ ਪੁਖ਼ਤਾ ਲਈ ਪੰਜਾਬ ਸਰਕਾਰ ਦੀ ਸ਼ਲਾਘਾ ਕੀਤੀ।
ਸੰਤ ਨਿਰਮਲ ਦਾਸ ਜੀ ਜੌੜੇ ਵਾਲੇ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ 649ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੂਬਾ ਪੱਧਰੀ ਸਮਾਗਮ ਦੌਰਾਨ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਗੁਰੂ ਰਵਿਦਾਸ ਜੀ ਸਾਧੂ ਸੰਪਰਦਾ ਸੁਸਾਇਟੀ, ਪੰਜਾਬ ਸਰਕਾਰ ਖਾਸ ਕਰਕੇ ਮੁੱਖ ਮੰਤਰੀ ਨੂੰ ਵਿਆਪਕ ਪ੍ਰਬੰਧ ਕਰਨ ਲਈ ਵਧਾਈ ਦਿੰਦੀ ਹੈ। ਉਨ੍ਹਾਂ ਨੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਸਮਾਗਮਾਂ ਲਈ ਸਮੁੱਚੇ ਸੰਤ ਸਮਾਜ ਵੱਲੋਂ ਮੁੱਖ ਮੰਤਰੀ ਮਾਨ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ।
ਉਨ੍ਹਾਂ ਕਿਹਾ ਕਿ ਗੁਰੂ ਜੀ ਨੇ ਖੁਰਾਲਗੜ੍ਹ ਵਿਖੇ 4 ਸਾਲ ਤੋਂ ਵੱਧ ਸਮਾਂ ਭਗਤੀ ਕੀਤੀ ਅਤੇ ਇਸ ਅਸਥਾਨ ਨੂੰ ਭਾਗ ਲਾਏ। ਡੇਰਾ ਬੱਲਾਂ ਤੋਂ ਸੰਤ ਪ੍ਰਦੀਪ ਦਾਸ ਨੇ ਕਿਹਾ ਕਿ ਅੱਜ ਇਤਿਹਾਸਕ ਦਿਨ ਹੈ ਕਿਉਂਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਦੇ ਮੌਕੇ ਮੁੱਖ ਮੰਤਰੀ ਸਮੁੱਚੀ ਕੈਬਨਿਟ ਅਤੇ ਸੰਸਦ ਮੈਂਬਰਾਂ ਨਾਲ ਸ਼ਰਧਾ ਅਤੇ ਸਤਿਕਾਰ ਭੇਟ ਕਰਨ ਲਈ ਖੁਰਾਲਗੜ੍ਹ ਪਹੁੰਚੇ ਹਨ।
ਉਨ੍ਹਾਂ ਕਿਹਾ ਕਿ ਕਿ ਪੰਜਾਬ ਸਰਕਾਰ ਨੇ ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਸਥਾਪਤ ਕਰਨ ਲਈ ਡੇਰਾ ਬੱਲਾਂ ਨੇੜੇ 10 ਏਕੜ ਜ਼ਮੀਨ ਪ੍ਰਦਾਨ ਕੀਤੀ ਹੈ, ਜਿਸ ਲਈ ਉਹ ਸਰਕਾਰ ਦੇ ਧੰਨਵਾਦੀ ਹਨ। ਉਨ੍ਹਾਂ ਨੇ ਇਨ੍ਹਾਂ ਉਪਰਾਲਿਆਂ ਲਈ ਪੰਜਾਬ ਸਰਕਾਰ ਦੀ ਸ਼ਲਾਘਾ ਕੀਤੀ ਜੋ ਸ੍ਰੀ ਗੁਰੂ ਰਵਿਦਾਸ ਜੀ ਦੀ ਸ਼ਾਨਦਾਰ ਵਿਰਾਸਤ ਨੂੰ ਕਾਇਮ ਰੱਖਣ ‘ਚ ਬਹੁਤ ਸਹਾਈ ਹੋਣਗੇ।
ਇਸ ਦੌਰਾਨ ਆਪਣੇ ਸੰਬੋਧਨ ‘ਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਆਉਣ ਵਾਲੇ 650ਵੇਂ ਪ੍ਰਕਾਸ਼ ਪੁਰਬ ਨੂੰ ਧਾਰਮਿਕ ਉਤਸ਼ਾਹ ਨਾਲ ਮਨਾਉਣ ਲਈ ਸਾਲ ਭਰ ਚੱਲਣ ਵਾਲੇ ਲੜੀਵਾਰ ਸਮਾਗਮਾਂ ਦੀ ਰੂਪ-ਰੇਖਾ ਉਲੀਕੀ ਹੈ, ਜੋ ਅੱਜ ਸ਼ੁਰੂ ਹੋਈ ਹੈ।
ਉਨ੍ਹਾਂ ਕਿਹਾ ਕਿ ਇਨ੍ਹਾਂ ਸਮਾਗਮਾਂ ਰਾਹੀਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਮਹਾਨ ਸਿੱਖਿਆਵਾਂ ਨੂੰ ਦੇਸ਼-ਦੁਨੀਆ ਦੇ ਹਰ ਕੋਨੇ ‘ਚ ਪਹੁੰਚਾਇਆ ਜਾਵੇਗਾ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਨੇ ਇਨ੍ਹਾਂ ਸਮਾਗਮਾਂ ਲਈ ਕੈਬਨਿਟ ਸਬ-ਕਮੇਟੀ ਬਣਾਈ ਹੈ, ਜਿਸ ਦੀ ਅਗਵਾਈ ਉਨ੍ਹਾਂ ਨੂੰ ਸੌਂਪੀ ਅਤੇ ਉਹ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ।
ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਸੰਗਤ ਦਾ ਸਵਾਗਤ ਕੀਤਾ | ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕਿਸ਼ਨ ਰੋੜੀ ਨੇ ਸ੍ਰੀ ਖੁਰਾਲਗੜ੍ਹ ਸਾਹਿਬ ਦੀ ਪਵਿੱਤਰ ਧਰਤੀ ਤੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਪੁਰਬ ਦੇ ਮੌਕੇ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਸ਼ੁਰੂਆਤ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਪਵਿੱਤਰ ਅਸਥਾਨ ਉਨ੍ਹਾਂ ਦੇ ਵਿਧਾਨ ਸਭਾ ਹਲਕੇ ਗੜ੍ਹਸ਼ੰਕਰ ‘ਚ ਸਥਿਤ ਹੈ | ਮੁੱਖ ਮੰਤਰੀ ਮਾਨ ਅਤੇ ਕੈਬਨਿਟ ਨੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਤਪ ਅਸਥਾਨ ‘ਤੇ ਵੀ ਮੱਥਾ ਟੇਕਿਆ।
Read More: OTS 2025 ਕਰਦਾਤਾਵਾਂ ਨੂੰ ਦੇ ਰਹੀ ਹੈ ਵੱਡੀ ਛੋਟ ਤੇ ਰਾਹਤ, ਅੰਤਿਮ ਤਾਰੀਖ਼ ਵਧਾਈ: ਹਰਪਾਲ ਸਿੰਘ ਚੀਮਾ




