ਦਿੱਲੀ, 09 ਫਰਵਰੀ 2026: ਵਿਰੋਧੀ ਪਾਰਟੀਆਂ ਲੋਕ ਸਭਾ ਸਪੀਕਰ ਓਮ ਬਿਰਲਾ ਖ਼ਿਲਾਫ ਬੇਭਰੋਸਗੀ ਮਤਾ ਲਿਆਉਣ ਦੀ ਤਿਆਰੀ ਕਰ ਰਹੀਆਂ ਹਨ। ਨਿਊਜ਼ ਏਜੰਸੀ ਏਐਨਆਈ ਨੇ ਸੂਤਰਾਂ ਦੇ ਹਵਾਲੇ ਨਾਲ ਦੱਸਿਆ ਕਿ ਵਿਰੋਧੀ ਪਾਰਟੀਆਂ ਦਾ ਦੋਸ਼ ਹੈ ਕਿ ਲੋਕ ਸਭਾ ਸਪੀਕਰ ਸਦਨ ‘ਚ ਪੱਖਪਾਤੀ ਹਨ।
ਇਸ ਤੋਂ ਪਹਿਲਾਂ ਸੋਮਵਾਰ ਬਜਟ ਸੈਸ਼ਨ ਦਾ ਨੌਵਾਂ ਦਿਨ ਹੰਗਾਮੇ ਨਾਲ ਸ਼ੁਰੂ ਹੋਇਆ। ਵਿਰੋਧੀ ਧਿਰ ਨੇ ਮੰਗ ਕੀਤੀ ਕਿ ਰਾਹੁਲ ਗਾਂਧੀ ਨੂੰ ਬੋਲਣ ਦਿੱਤਾ ਜਾਵੇ। ਲੋਕ ਸਭਾ ਸਪੀਕਰ ਨੇ ਕਿਹਾ ਕਿ ਉਨ੍ਹਾਂ ਨੂੰ ਪ੍ਰਸ਼ਨ ਕਾਲ ਤੋਂ ਬਾਅਦ ਆਪਣੇ ਵਿਚਾਰ ਪੇਸ਼ ਕਰਨੇ ਚਾਹੀਦੇ ਹਨ। ਇਸ ਦੌਰਾਨ ਵਿਰੋਧੀ ਆਗੂਆਂ ਨੇ ਇਹ ਗੱਲ ਮੰਨਣ ਤੋਂ ਇਨਕਾਰ ਕਰ ਦਿੱਤਾ ਅਤੇ ਹੰਗਾਮਾ ਜਾਰੀ ਰੱਖਿਆ।
ਇਸ ਤੋਂ ਬਾਅਦ ਲੋਕ ਸਭਾ ਸਪੀਕਰ ਨੇ ਸੰਸਦ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤੀ। ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ, ਭਾਰੀ ਹੰਗਾਮੇ ਕਾਰਨ ਸੈਸ਼ਨ ਦੇ ਅੱਠਵੇਂ ਦਿਨ ਨੂੰ ਤਿੰਨ ਵਾਰ ਮੁਲਤਵੀ ਕੀਤਾ ਗਿਆ।
ਸ਼ੁੱਕਰਵਾਰ ਨੂੰ ਰਾਜ ਸਭਾ ‘ਚ ਪ੍ਰਸ਼ਨ ਕਾਲ ਦੌਰਾਨ, ਵਿਰੋਧੀ ਧਿਰ ਦੇ ਆਗੂ ਮਲਿਕਾਰੁਜਨ ਖੜਗੇ ਅਤੇ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਵਿਚਾਲੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਲੈ ਕੇ ਤਿੱਖੀ ਬਹਿਸ ਹੋਈ।
ਰਵਨੀਤ ਸਿੰਘ ਬਿੱਟੂ ਕਾਂਗਰਸ ਛੱਡ ਕੇ 2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ‘ਚ ਸ਼ਾਮਲ ਹੋ ਗਏ। ਇਸ ਤੋਂ ਪਹਿਲਾਂ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਸੰਸਦ ਕੰਪਲੈਕਸ ‘ਚ ਉਨ੍ਹਾਂ ਨੂੰ ਗੱਦਾਰ ਕਿਹਾ ਸੀ, ਜਿਸ ਤੋਂ ਬਾਅਦ ਵਿਵਾਦ ਖੜ੍ਹਾ ਹੋ ਗਿਆ ਸੀ।
Read More: ਬਜਟ ਸੈਸ਼ਨ 2026: ਲੋਕ ਸਭਾ ‘ਚ ਭਾਰੀ ਹੰਗਾਮਾ, ਸੰਸਦ ਨੂੰ ਦੁਪਹਿਰ 12 ਵਜੇ ਤੱਕ ਮੁਲਤਵੀ




