gst scam

ਲੁਧਿਆਣਾ ਦਾ ਕਾਰੋਬਾਰੀ 9 ਕਰੋੜ ਰੁਪਏ ਦੇ GST ਘਪਲੇ ‘ਚ ਗ੍ਰਿਫ਼ਤਾਰ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 12 ਫਰਵਰੀ 2026: ਪੰਜਾਬ ਦੇ ਵਿੱਤ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਲੁਧਿਆਣਾ ਦੇ ਇੱਕ ਕਾਰੋਬਾਰੀ ਨੂੰ 9 ਕਰੋੜ ਰੁਪਏ ਦੇ ਜੀ.ਐਸ.ਟੀ. ਘਪਲੇ ‘ਚ ਗ੍ਰਿਫ਼ਤਾਰ ਕੀਤਾ ਹੈ, ਜਦਕਿ ਇੱਕ ਆਬਕਾਰੀ ਤੇ ਕਰ ਇੰਸਪੈਕਟਰ ਨੂੰ ਲੰਮੇ ਸਮੇਂ ਤੋਂ ਬਿਨਾਂ ਦੱਸੇ ਗੈਰ-ਹਾਜ਼ਰ ਰਹਿਣ ਕਾਰਨ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਹੈ।

ਇਸ ਸੰਬੰਧੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਂਟਿਵ ਯੂਨਿਟ (ਸਿਪੂ), ਲੁਧਿਆਣਾ ਵੱਲੋਂ ਕੀਤੀ ਕਾਰਵਾਈ ਦੌਰਾਨ ਕਰ ਵਿਭਾਗ ਨੇ ਮੈਸਰਜ਼ ਐਮ.ਏ.ਏ ਸਟੀਲ, ਲੁਧਿਆਣਾ ਦੇ ਮਾਲਕ ਰੋਹਿਤ ਗੁਪਤਾ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਮਾਮਲੇ ਬਾਰੇ ਉਨ੍ਹਾਂ ਕਿਹਾ, “ਕਰ ਵਿਭਾਗ ਨੇ ਇੱਕ ਵੱਡੇ ਜੀ.ਐਸ.ਟੀ. ਘਪਲੇ ਦਾ ਪਰਦਾਫਾਸ਼ ਕੀਤਾ ਹੈ |

ਜਿਸ ‘ਚ ਮੈਸਰਜ਼ ਐਮ.ਏ.ਏ ਸਟੀਲ ਵੱਲੋਂ ਬਿਨਾਂ ਕਿਸੇ ਅਸਲ ਸਪਲਾਈ ਦੇ ਐਚ.ਆਰ./ਸੀ.ਆਰ. ਕੋਇਲਜ਼ ਅਤੇ ਸਟ੍ਰਿਪਸ ਦੇ ਜਾਅਲੀ ਇਨਵੌਇਸ ਜਾਰੀ ਕੀਤੇ ਜਾ ਰਹੇ ਸਨ। ਇਸ ਧੋਖਾਧੜੀ ਵਾਲੇ ਨੈੱਟਵਰਕ ਰਾਹੀਂ 9 ਕਰੋੜ ਰੁਪਏ ਤੋਂ ਵੱਧ ਦਾ ਇਨਪੁਟ ਟੈਕਸ ਕ੍ਰੈਡਿਟ (ITC) ਵੱਖ-ਵੱਖ ਲਾਭਪਾਤਰੀਆਂ ਨੂੰ ਦਿੱਤਾ, ਜਿਸ ਨਾਲ ਸਰਕਾਰੀ ਖਜ਼ਾਨੇ ਨੂੰ ਸਿੱਧਾ ਅਤੇ ਵੱਡਾ ਨੁਕਸਾਨ ਹੋਇਆ। ਛਾਪੇਮਾਰੀ ਦੌਰਾਨ ਵਿਭਾਗ ਦੀਆਂ ਟੀਮਾਂ ਨੇ ਮੌਕੇ ‘ਤੇ ਮੌਜੂਦ ਸਟਾਕ ਅਤੇ ਫਰਮ ਦੇ ਅਧਿਕਾਰਤ ਬੁੱਕ ਰਿਕਾਰਡ ‘ਚ ਵੀ ਵੱਡਾ ਫਰਕ ਪਾਇਆ ਹੈ।”

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ “ਅਸੀਂ ਸਾਈਕਲ ਪਾਰਟਸ ਅਤੇ ਸਪੇਅਰ ਪਾਰਟਸ ਦੇ ਕਈ ਨਿਰਮਾਤਾਵਾਂ ਦੀ ਜਾਂਚ ਕਰ ਰਹੇ ਹਾਂ, ਜਿਨ੍ਹਾਂ ਦੇ ਇਸ ਘਪਲੇ ‘ਚ ਸ਼ਾਮਲ ਹੋਣ ਦਾ ਸ਼ੱਕ ਹੈ। ਇਹ ਇਕਾਈਆਂ ਗਲਤ ਤਰੀਕੇ ਨਾਲ ਐਕਸਪੋਰਟ ਰਿਫੰਡ ਜਾਂ ਇਨਵਰਟਿਡ ਡਿਊਟੀ ਸਟ੍ਰਕਚਰ ਰਾਹੀਂ ਲਾਭ ਲੈਣ ਲਈ ਜਾਂਚ ਦੇ ਘੇਰੇ ‘ਚ ਹਨ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਨੇ ਇੱਕ ਆਬਕਾਰੀ ਤੇ ਕਰ ਇੰਸਪੈਕਟਰ ਨੂੰ ਲੰਮੇ ਸਮੇਂ ਤੋਂ ਗੈਰ-ਹਾਜ਼ਰ ਰਹਿਣ ਕਾਰਨ ਪੰਜਾਬ ਸਿਵਲ ਸਰਵਿਸਿਜ਼ (ਸਜ਼ਾ ਅਤੇ ਅਪੀਲ) ਨਿਯਮ, 1970 ਤਹਿਤ ਤੁਰੰਤ ਪ੍ਰਭਾਵ ਨਾਲ ਬਰਖਾਸਤ ਕਰ ਦਿੱਤਾ ਹੈ। ਅਨੁਸ਼ਾਸਨ ਪ੍ਰਤੀ ਉਨ੍ਹਾਂ ਕਿਹਾ, “ਮਾਨ ਸਰਕਾਰ ਇਸ ਗੱਲ ਲਈ ਦ੍ਰਿੜ ਹੈ ਕਿ ਕਿਸੇ ਵੀ ਕੀਮਤ ‘ਤੇ ਅਨੁਸ਼ਾਸਨਹੀਣਤਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇੱਕ ਹੋਰ ਆਬਕਾਰੀ ਤੇ ਕਰ ਇੰਸਪੈਕਟਰ ਅਤੇ ਇੱਕ ਕਲਰਕ ਵਿਰੁੱਧ ਅਨੁਸ਼ਾਸਨੀ ਕਾਰਵਾਈ ਜਾਰੀ ਹੈ।”

Read More: CM ਭਗਵੰਤ ਮਾਨ ਵੱਲੋਂ ਕਾਨੂੰਨ ਵਿਵਸਥਾ ‘ਤੇ ਪੁਲਿਸ ਅਧਿਕਾਰੀਆਂ ਨਾਲ ਉੱਚ ਪੱਧਰੀ ਬੈਠਕ

ਵਿਦੇਸ਼

Scroll to Top