ਦਿੱਲੀ, 13 ਫਰਵਰੀ 2026: ਅੱਜ ਸੰਸਦ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਵਿਰੋਧੀ ਧਿਰ ਨੇ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ, ਜਿਸ ਤੋਂ ਬਾਅਦ ਲੋਕ ਸਭਾ ਦੀ ਕਾਰਵਾਈ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ। ਬੀਤੇ ਦਿਨ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਰਾਜ ਸਭਾ ‘ਚ ਕੇਂਦਰੀ ਬਜਟ ‘ਤੇ ਚਰਚਾ ਦਾ ਜਵਾਬ ਦਿੱਤਾ।
ਕੇਂਦਰੀ ਵਿੱਤ ਮੰਤਰੀ ਨੇ ਕਿਹਾ ਕਿ ਸਰਕਾਰ ਆਰਥਿਕ ਵਿਕਾਸ ਨੂੰ ਉਤਸ਼ਾਹਿਤ ਕਰਕੇ ਅਤੇ ਸਮਾਵੇਸ਼ੀ ਵਿਕਾਸ ਨੂੰ ਯਕੀਨੀ ਬਣਾ ਕੇ ਇੱਕ ਮਜ਼ਬੂਤ ਅਤੇ ਸਵੈ-ਨਿਰਭਰ ਭਾਰਤ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮਹਿੰਗਾਈ ਨੂੰ ਕਾਬੂ ‘ਚ ਰੱਖ ਕੇ ਉੱਚ ਵਿਕਾਸ ਦਰ ਯਕੀਨੀ ਬਣਾਈ ਗਈ ਹੈ। ਉਨ੍ਹਾਂ ਦੱਸਿਆ ਕਿ ਸਾਲ 2025-26 ‘ਚ ਦੇਸ਼ ਦੀ ਜੀਡੀਪੀ ਵਿਕਾਸ ਦਰ 7.4 ਫੀਸਦੀ ਰਹਿਣ ਦੀ ਉਮੀਦ ਹੈ। ਸ੍ਰੀਮਤੀ ਸੀਤਾਰਮਨ ਨੇ ਕਿਹਾ ਕਿ ਪ੍ਰਚੂਨ ਮਹਿੰਗਾਈ ਘੱਟ ਕੇ 2 ਫੀਸਦੀ ਹੋ ਗਈ ਹੈ।
ਸੰਸਦ ਮੈਂਬਰ ਕੇਂਦਰੀ ਮੰਤਰੀ ਹਰਦੀਪ ਪੁਰੀ ਦੇ ਅਸਤੀਫ਼ੇ ਦੀ ਮੰਗ ਕਰਦੇ ਹੋਏ ਨਾਅਰੇਬਾਜ਼ੀ ਕਰ ਰਹੇ ਸਨ। ਇਸ ਤੋਂ ਬਾਅਦ ਚੇਅਰਪਰਸਨ ਸੰਧਿਆ ਰਾਏ ਨੇ ਲੋਕ ਸਭਾ ਦੁਪਹਿਰ 12 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ। ਸੰਸਦ ਦਾ ਬਜਟ ਸੈਸ਼ਨ ਦੋ ਪੜਾਵਾਂ ਲਈ ਨਿਰਧਾਰਤ ਹੈ। 23 ਦਿਨਾਂ ਦੇ ਬ੍ਰੇਕ ਤੋਂ ਬਾਅਦ, ਸੈਸ਼ਨ ਦਾ ਦੂਜਾ ਹਿੱਸਾ 9 ਮਾਰਚ ਨੂੰ ਸ਼ੁਰੂ ਹੋਵੇਗਾ ਅਤੇ 2 ਅਪ੍ਰੈਲ ਤੱਕ ਜਾਰੀ ਰਹੇਗਾ। ਇਸ ਦੌਰਾਨ, ਭਾਜਪਾ ਸੰਸਦ ਮੈਂਬਰ ਨਿਸ਼ੀਕਾਂਤ ਦੂਬੇ ਨੇ ਸ਼ੁੱਕਰਵਾਰ ਨੂੰ ਰਾਹੁਲ ਗਾਂਧੀ ‘ਤੇ ਸੱਤਾ ਹਾਸਲ ਕਰਨ ਲਈ ਦੇਸ਼ ਨੂੰ ਵੰਡਣ ਦੀ ਯੋਜਨਾ ਬਣਾਉਣ ਦਾ ਦੋਸ਼ ਲਗਾਇਆ।
Read More: ਰਾਹੁਲ ਗਾਂਧੀ ਨੇ ਬੇਭਰੋਸਗੀ ਮਤੇ ‘ਤੇ ਨਹੀਂ ਕੀਤੇ ਦਸਤਖਤ, ਜਾਣੋ ਕਾਰਨ




