ਮੋਗਾ ਦੀ ਰੈਲੀ

ਮੋਗਾ ਦੀ ਰੈਲੀ ਨੇ ਨਸ਼ਿਆਂ ਵਿਰੁੱਧ ਪੰਜਾਬ ਦੀ ‘ਜੰਗ’ ਦੇ ਦੂਜੇ ਪੜਾਅ ਦੀ ਸ਼ੁਰੂਆਤ: ਕੁਲਦੀਪ ਸਿੰਘ ਧਾਲੀਵਾਲ

ਚੰਡੀਗੜ੍ਹ, 17 ਫਰਵਰੀ 2026: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਮੋਗਾ ‘ਚ ਵਿਲੇਜ਼ ਡਿਫੈਂਸ ਕਮੇਟੀਆਂ (ਵੀਡੀਸੀ) ਦੇ ਮੈਂਬਰਾਂ ਦੇ ਸਹੁੰ ਚੁੱਕ ਸਮਾਗਮ ਲਈ ਇਕੱਠ ਨੂੰ ਪੰਜਾਬ ਦੀ ਨਸ਼ਿਆਂ ਵਿਰੁੱਧ ਚੱਲ ਰਹੀ ਲੜਾਈ ‘ਚ ਇੱਕ ਮਹੱਤਵਪੂਰਨ ਮੀਲ ਪੱਥਰ ਦੱਸਿਆ। ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਵੱਡੀ ਪੱਧਰ ‘ਤੇ ਜਨਤਕ ਭਾਗੀਦਾਰੀ ਸੂਬੇ ਨੂੰ ਨਸ਼ਿਆਂ ਦੇ ਕੋਹੜ ਤੋਂ ਮੁਕਤ ਕਰਨ ਲਈ ਜਨਤਕ ਦ੍ਰਿੜਤਾ ਦੀ ਇੱਕ ਨਵੀਂ ਲਹਿਰ ਨੂੰ ਦਰਸਾਉਂਦੀ ਹੈ।

ਅੱਜ ਪ੍ਰੈਸ ਕਾਨਫਰੰਸ ‘ਚ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮਾਨ ਸਰਕਾਰ ਨੇ ਪਿਛਲੇ ਸਾਲ ਮਾਰਚ ‘ਚ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਸ਼ੁਰੂ ਕੀਤੀ ਸੀ, ਜਿਸ ਦੇ ਪੂਰੇ ਸੂਬੇ ‘ਚ ਸਕਾਰਾਤਮਕ ਨਤੀਜੇ ਸਾਹਮਣੇ ਆਏ ਹਨ। ਉਨ੍ਹਾਂ ਕਿਹਾ ਕਿ ਵੱਡੇ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜਿਆ ਗਿਆ, ਕੇਸ ਦਰਜ ਕੀਤੇ ਅਤੇ ਨਸ਼ਾ ਤਸਕਰੀ ਦੇ ਨੈੱਟਵਰਕਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੈ। ਇਨ੍ਹਾਂ ਸਖ਼ਤ ਉਪਾਵਾਂ ਦੇ ਨਾਲ-ਨਾਲ ਸਰਕਾਰ ਨੇ ਹਜ਼ਾਰਾਂ ਪਿੰਡਾਂ ‘ਚ ਜਾਗਰੂਕਤਾ ਮੁਹਿੰਮਾਂ ਵੀ ਚਲਾਈਆਂ।

ਮੁਹਿੰਮ ਤਹਿਤ ਲਏ ਢਾਂਚਾਗਤ ਫੈਸਲਿਆਂ ਬਾਰੇ ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਨੇ ਕਿਹਾ ਕਿ ਸਭ ਤੋਂ ਮਹੱਤਵਪੂਰਨ ਕਦਮ ਹਰ ਪਿੰਡ, ਕਸਬੇ ਅਤੇ ਵਾਰਡ ‘ਚ 10 ਮੈਂਬਰੀ ਪਿੰਡ ਰੱਖਿਆ ਕਮੇਟੀਆਂ ਦਾ ਗਠਨ ਸੀ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਕਮੇਟੀਆਂ ਨੇ ਨਸ਼ਿਆਂ ਵਿਰੁੱਧ ਲੋਕਾਂ ਨੂੰ ਲਾਮਬੰਦ ਕਰਨ ਅਤੇ ਪੰਜਾਬ ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਨਸ਼ਾ ਤਸਕਰਾਂ ਬਾਰੇ ਭਰੋਸੇਯੋਗ ਜਾਣਕਾਰੀ ਸਾਂਝੀ ਕਰਨ ‘ਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ।

ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਇਹ ਜੰਗ ਪੁਲਿਸ, ਪ੍ਰਸ਼ਾਸਨ ਜਾਂ ਇਕੱਲੇ ਲੋਕਾਂ ਦੁਆਰਾ ਨਹੀਂ ਜਿੱਤੀ ਜਾ ਸਕਦੀ। ਇਹ ਤਿੰਨ-ਪੱਖੀ ਲੜਾਈ ਹੈ। ਵਿਲੇਜ਼ ਡਿਫੈਂਸ ਕਮੇਟੀਆ, ਪੰਜਾਬ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀ ਪੰਜਾਬ ‘ਚੋਂ ਨਸ਼ਿਆਂ ਨੂੰ ਖਤਮ ਕਰਨ ਲਈ ਮਿਲ ਕੇ ਕੰਮ ਕਰ ਰਹੇ ਹਨ।

ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਹਜ਼ਾਰਾਂ ਵਿਲੇਜ਼ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਦੀ ਸ਼ਮੂਲੀਅਤ ਸਪੱਸ਼ਟ ਤੌਰ ‘ਤੇ ਦਰਸਾਉਂਦੀ ਹੈ ਕਿ ਲੋਕ ਨਸ਼ਿਆਂ ਵਿਰੁੱਧ ਉੱਠੇ ਹਨ। ਕੱਲ੍ਹ ਦਾ ਇਕੱਠ ‘ਆਪ’ ਦੀ ਰੈਲੀ ਨਹੀਂ ਸੀ, ਇਹ ਵਿਲੇਜ਼ ਡਿਫੈਂਸ ਕਮੇਟੀਆਂ ਦਾ ਇਕੱਠ ਸੀ, ਇਸੇ ਲਈ ਮੁੱਖ ਸਕੱਤਰ ਅਤੇ ਡੀ.ਜੀ.ਪੀ. ਨੇ ਇਸ ਨੂੰ ਸੰਬੋਧਨ ਕੀਤਾ।

‘ਆਪ’ ਵਿਧਾਇਕ ਨੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਵਿਰੋਧੀ ਧਿਰ ਦੇ ਆਗੂ ਇਸ ਪੱਧਰ ਦੀ ਜਨਤਕ ਲਾਮਬੰਦੀ ਤੋਂ ਡਰੇ ਹੋਏ ਹਨ। ਉਨ੍ਹਾਂ ਕਿਹਾ ਕਿ ਉਹ ਬੇਬੁਨਿਆਦ ਬਿਆਨ ਦੇ ਰਹੇ ਹਨ ਕਿਉਂਕਿ ਉਹ ਜਾਣਦੇ ਹਨ ਕਿ ਜੇਕਰ ਨਸ਼ਿਆਂ ਦਾ ਖਾਤਮਾ ਕਰ ਦਿੱਤਾ ਗਿਆ ਤਾਂ ਉਨ੍ਹਾਂ ਦੇ ਰਾਜਨੀਤਿਕ ਕਾਰੋਬਾਰ ਹਮੇਸ਼ਾ ਲਈ ਬੰਦ ਹੋ ਜਾਣਗੇ।

ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਨੂੰ ਚੁਣੌਤੀ ਦਿੰਦੇ ਹੋਏ, ਧਾਲੀਵਾਲ ਨੇ ਉਨ੍ਹਾਂ ਨੂੰ ਸੱਤਾ ‘ਚ ਆਪਣੇ ਸਾਲਾਂ ਦਾ ਹਿਸਾਬ ਦੇਣ ਲਈ ਕਿਹਾ। ਉਨ੍ਹਾਂ ਪੁੱਛਿਆ, “ਅਕਾਲੀ ਦਲ ਦੇ 10 ਸਾਲਾਂ ਅਤੇ ਕਾਂਗਰਸ ਦੇ 5 ਸਾਲਾਂ ਦੇ ਰਾਜ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕੀ ਕਾਰਵਾਈ ਕੀਤੀ ਗਈ? ਕੀ ਉਨ੍ਹਾਂ ਨੇ ਕਦੇ ਅਜਿਹੀ ਮੁਹਿੰਮ ਚਲਾਈ, ਤਸਕਰਾਂ ਦੀਆਂ ਜਾਇਦਾਦਾਂ ਢਾਹੀਆਂ, ਜਾਂ ਵੱਡੇ ਤਸਕਰਾਂ ਨੂੰ ਜੇਲ੍ਹ ਭੇਜਿਆ?”

ਉਨ੍ਹਾਂ ਕਿਹਾ ਕਿ ਇੱਕ ਸਰਪੰਚ ਨੂੰ ਉਸਦੀ ਵੀਡੀਸੀ ਤੋਂ ਮਿਲੀ ਜਾਣਕਾਰੀ ਤੋਂ ਬਾਅਦ 40 ਕਿਲੋ ਹੈਰੋਇਨ ਬਰਾਮਦ ਹੋਣ ‘ਤੇ 10 ਲੱਖ ਰੁਪਏ ਦਾ ਇਨਾਮ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਇਸ ਮਹੱਤਵਪੂਰਨ ਕਾਰਵਾਈ ‘ਚ ਸ਼ਾਮਲ ਅਧਿਕਾਰੀਆਂ ਨੂੰ ਵੀ ਸਨਮਾਨਿਤ ਕੀਤਾ ਹੈ, ਅਤੇ ਸਰਕਾਰ ਅਜਿਹੇ ਯਤਨਾਂ ਦੀ ਪ੍ਰਸ਼ੰਸਾ ਕਰਦੀ ਰਹੇਗੀ।

Read more: ਮੋਗਾ ‘ਚ ਰੈਲੀ ਰਾਜਨੀਤਿਕ ਨਹੀਂ, ਸਗੋਂ ਨਸ਼ਿਆਂ ਖਿਲਾਫ਼ ਜਨਤਾ ਦੀ ਲੜਾਈ ਦਾ ਪ੍ਰਤੀਕ ਸੀ: ਕੁਲਦੀਪ ਸਿੰਘ ਧਾਲੀਵਾਲ

ਵਿਦੇਸ਼

Scroll to Top