ਚੰਡੀਗੜ੍ਹ, 17 ਫ਼ਰਵਰੀ 2026: ਗੁਰਸ਼ਰਨ ਸਿੰਘ ਛੀਨਾ ਨੇ ਮੰਗਲਵਾਰ ਨੂੰ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ ‘ਚ ਕਾਰਜਭਾਰ ਸੰਭਾਲਿਆ।
ਇਸ ਮੌਕੇ ਗੁਰਸ਼ਰਨ ਸਿੰਘ ਛੀਨਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਇਮਾਨਦਾਰੀ ਨਾਲ ਨਿਭਾਉਂਦੇ ਹੋਏ ਸੂਬੇ ਦੇ ਜਨਤਕ ਸਿਹਤ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਸਰਕਾਰ ਦੀ ਨਸ਼ਿਆਂ ਖ਼ਿਲਾਫ ਜ਼ੀਰੋ ਟਾਲਰੈਂਸ ਨੀਤੀ ਨੂੰ ਮਜ਼ਬੂਤੀ ਪ੍ਰਦਾਨ ਕਰਨ ਲਈ ਕੰਮ ਕਰਨਗੇ।
ਗੁਰਸ਼ਰਨ ਛੀਨਾ ਪਹਿਲਾਂ ਆਮ ਆਦਮੀ ਪਾਰਟੀ ਪੰਜਾਬ ਦੇ ਜੁਆਇੰਟ ਸਕੱਤਰ ਰਹੇ ਹਨ, ਰਾਜਾਸਾਂਸੀ ਹਲਕੇ ‘ਚ ਇੱਕ ਪ੍ਰਮੁੱਖ ਜਨਤਕ ਚਿਹਰਾ ਮੰਨੇ ਜਾਂਦੇ ਹਨ ਅਤੇ ਨਸ਼ਿਆਂ ਖ਼ਿਲਾਫ ਮੁਹਿੰਮ ‘ਚ ਆਪਣੀ ਸਰਗਰਮ ਭੂਮਿਕਾ ਲਈ ਜਾਣੇ ਜਾਂਦੇ ਹਨ।
ਡਾ. ਬਲਬੀਰ ਸਿੰਘ ਨੇ ਗੁਰਸ਼ਰਨ ਸਿੰਘ ਛੀਨਾ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੰਦਿਆਂ ਕਿਹਾ ਕਿ ਉਹ ਸਰਕਾਰੀ ਸਿਹਤ ਸੰਸਥਾਵਾਂ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕਰਨਗੇ। ਉਨ੍ਹਾਂ ਨਵੇਂ ਚੇਅਰਮੈਨ ਨੂੰ ਅਪੀਲ ਕੀਤੀ ਕਿ ਨਸ਼ਾ ਵਿਰੋਧੀ ਮੁਹਿੰਮ ਦੌਰਾਨ ਦਿਖਾਈ ਊਰਜਾ ਅਤੇ ਵਚਨਬੱਧਤਾ ਨੂੰ ਪ੍ਰਸ਼ਾਸਨਿਕ ਕੰਮਾਂ ‘ਚ ਵੀ ਜਾਰੀ ਰੱਖਣ ਅਤੇ ਇਸ ਗੱਲ ਨੂੰ ਯਕੀਨੀ ਬਣਾਉਣ ਕਿ ਸਰਕਾਰੀ ਸਿਹਤ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਸਮੇਂ ਸਿਰ ਪਹੁੰਚੇ।
ਮੁੱਖ ਮੰਤਰੀ ਸਿਹਤ ਯੋਜਨਾ ਦੀ ਪ੍ਰਗਤੀ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਮਰੀਜ਼ਾਂ ਨੂੰ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ‘ਚ ਦਾਖਲੇ ਤੋਂ ਲੈ ਕੇ ਛੁੱਟੀ ਤੱਕ ਨਗਦੀ ਰਹਿਤ ਇਲਾਜ ਦੀ ਸੁਵਿਧਾ ਮਿਲਦੀ ਹੈ। ਪੰਜਾਬ ‘ਚ 23 ਹਸਪਤਾਲਾਂ ‘ਚ ਗੰਭੀਰ ਦੇਖਭਾਲ ਇਕਾਈਆਂ ਸਥਾਪਿਤ ਕੀਤੀਆਂ ਹਨ |
ਇਸ ਮੌਕੇ ਵਿਧਾਇਕ ਬਟਾਲਾ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਸਨੀ ਸਿੰਘ ਅਹਲੂਵਾਲੀਆ, ਐਮਡੀ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਅਮਿਤ ਤਲਵਾਰ, ਉਪ ਚੇਅਰਮੈਨ ਪੀਐਚਐਸਸੀ ਮਨਿੰਦਰਜੀਤ ਸਿੰਘ ਵਿਕੀ ਘਨੌਰ, ਸੋਨੀਆ ਮਾਨ ਅਤੇ ਹੋਰ ਅਧਿਕਾਰੀ ਤੇ ਆਗੂ ਵੀ ਮੌਜੂਦ ਸਨ।
Read More: ਪੰਜਾਬ ਸਰਕਾਰ ਵੱਲੋਂ ਵਪਾਰੀਆਂ ਦੇ ਕੰਮਕਾਜ ਨੂੰ ਸੁਚਾਰੂ ਬਣਾਉਣ ਲਈ ਪੰਜਾਬ ਟ੍ਰੇਡ ਕਮਿਸ਼ਨ ਦੀ ਸ਼ੁਰੂਆਤ




