ਪੰਜਾਬ, 18 ਫਰਵਰੀ 2026: Punjab Weather News: ਭਾਰਤੀ ਮੌਸਮ ਵਿਭਾਗ (IMD) ਦੇ ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਨੇ ਅੱਜ (18 ਫਰਵਰੀ) ਪੰਜਾਬ ਦੇ 13 ਜ਼ਿਲ੍ਹਿਆਂ ‘ਚ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਪੰਜਾਬ ਦੇ ਕੁਝ ਇਲਾਕਿਆਂ ‘ਚ ਤੇਜ਼ ਹਵਾਵਾਂ, ਬਿਜਲੀ ਅਤੇ ਗੜੇਮਾਰੀ ਦੀ ਸੰਭਾਵਨਾ ਜਤਾਈ ਹੈ।
ਚੰਡੀਗੜ੍ਹ ‘ਚ ਵੀ ਅੰਸ਼ਕ ਤੌਰ ‘ਤੇ ਬੱਦਲਵਾਈ ਹੈ, ਇੱਥੇ ਮੀਂਹ ਦਾ ਮੌਸਮ ਬਣ ਰਿਹਾ ਹੈ। ਸੈਕਟਰ 48 ‘ਚ ਬੂੰਦਾਬਾਂਦੀ ਦੀ ਵੀ ਖ਼ਬਰ ਹੈ, ਜਿਸ ਨਾਲ ਹਵਾ ‘ਚ ਥੋੜ੍ਹੀ ਠੰਢ ਆ ਗਈ ਹੈ। ਪੰਜਾਬ ‘ਚ ਵੱਧ ਤੋਂ ਵੱਧ ਤਾਪਮਾਨ ਹੁਣ ਆਮ ਨਾਲੋਂ 3.2 ਡਿਗਰੀ ਵੱਧ ਹੈ। ਮਾਨਸਾ ‘ਚ 29.2 ਡਿਗਰੀ ਸੈਲਸੀਅਸ ਦਾ ਉੱਚਤਮ ਪੱਧਰ ਦਰਜ ਕੀਤਾ ਗਿਆ। 19 ਤੋਂ 23 ਫਰਵਰੀ ਤੱਕ ਮੌਸਮ ਸਾਫ਼ ਰਹਿਣ ਦੀ ਉਮੀਦ ਹੈ।
ਮੌਸਮ ਵਿਭਾਗ ਦੇ ਮੁਤਾਬਕ ਅੱਜ ਪਠਾਨਕੋਟ, ਗੁਰਦਾਸਪੁਰ, ਫਿਰੋਜ਼ਪੁਰ, ਫਰੀਦਕੋਟ, ਮੋਗਾ, ਲੁਧਿਆਣਾ, ਬਰਨਾਲਾ, ਸੰਗਰੂਰ, ਪਟਿਆਲਾ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਅਤੇ ਮਾਨਸਾ ਜ਼ਿਲ੍ਹਿਆਂ ‘ਚ ਵੱਖ-ਵੱਖ ਥਾਵਾਂ ‘ਤੇ ਗਰਜ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ।
ਹਵਾ ਦੀ ਗਤੀ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਤੱਕ ਹੋ ਸਕਦੀ ਹੈ। ਇਨ੍ਹਾਂ ਜ਼ਿਲ੍ਹਿਆਂ ‘ਚ ਕੁਝ ਥਾਵਾਂ ‘ਤੇ ਹਲਕੇ ਤੋਂ ਦਰਮਿਆਨੇ ਮੀਂਹ ਹੋਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਦੇ ਡਾਇਰੈਕਟਰ ਸੁਰੇਂਦਰ ਪਾਲ ਦੇ ਮੁਤਾਬਕ ਅੱਜ ਕੁਝ ਥਾਵਾਂ ‘ਤੇ ਹਲਕੇ ਤੋਂ ਦਰਮਿਆਨੇ ਮੀਂਹ ਦੀ ਸੰਭਾਵਨਾ ਹੈ। ਅਗਲੇ 48 ਘੰਟਿਆਂ ਦੌਰਾਨ ਘੱਟੋ-ਘੱਟ ਤਾਪਮਾਨ ਵਿੱਚ 2 ਤੋਂ 3 ਡਿਗਰੀ ਸੈਲਸੀਅਸ ਵਾਧਾ ਹੋਣ ਦੀ ਉਮੀਦ ਹੈ। ਇਸ ਤੋਂ ਬਾਅਦ, ਅਗਲੇ ਦੋ ਦਿਨਾਂ ‘ਚ ਤਾਪਮਾਨ ‘ਚ 2 ਤੋਂ 3 ਡਿਗਰੀ ਸੈਲਸੀਅਸ ਦੀ ਗਿਰਾਵਟ ਆਉਣ ਦੀ ਉਮੀਦ ਹੈ। ਇਸ ਤੋਂ ਬਾਅਦ ਤਾਪਮਾਨ ‘ਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ।
Read More: Punjab Weather News: ਪੰਜਾਬ ‘ਚ ਮੀਂਹ ਪੈਣ ਦੀ ਸੰਭਾਵਨਾ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ




