ਗਿਆਨੀ ਰਘਬੀਰ ਸਿੰਘ

SGPC ਵੱਲੋਂ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਦੀਆਂ ਸੇਵਾਵਾਂ ਖ਼ਤਮ

ਅੰਮ੍ਰਿਤਸਰ, 26 ਫਰਵਰੀ 2026: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਵੀਰਵਾਰ ਨੂੰ ਸ੍ਰੀ ਹਰਿਮੰਦਰ ਸਾਹਿਬ (ਸ੍ਰੀ ਦਰਬਾਰ ਸਾਹਿਬ) ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਦੀਆਂ ਸੇਵਾਵਾਂ ਖਤਮ ਕਰ ਦਿੱਤੀਆਂ ਹਨ । ਇਹ ਫੈਸਲਾ ਅੰਮ੍ਰਿਤਸਰ ‘ਚ ਸ਼੍ਰੋਮਣੀ ਕਮੇਟੀ ਦੀ ਕਾਰਜਕਾਰਨੀ ਕਮੇਟੀ ਦੀ ਬੈਠਕ ‘ਚ ਸਰਬਸੰਮਤੀ ਨਾਲ ਲਿਆ।

ਬੈਠਕ ਤੋਂ ਬਾਅਦ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਕਮੇਟੀ ਨੇ ਇਸ ਮਾਮਲੇ ‘ਤੇ ਲਗਭੱਗ ਇੱਕ ਘੰਟੇ ਤੱਕ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਕਿਹਾ ਕਿ 19 ਫਰਵਰੀ ਨੂੰ ਗਿਆਨੀ ਰਘਬੀਰ ਸਿੰਘ ਨੂੰ 72 ਘੰਟਿਆਂ ਦਾ ਲਿਖਤੀ ਨੋਟਿਸ ਜਾਰੀ ਕੀਤਾ ਗਿਆ ਸੀ, ਜਿਸ ‘ਚ ਉਨ੍ਹਾਂ ਦੁਆਰਾ ਲਗਾਏ ਗਏ ਜਨਤਕ ਦੋਸ਼ਾਂ ਦੇ ਸਮਰਥਨ ਲਈ ਦਸਤਾਵੇਜ਼ੀ ਸਬੂਤ ਮੰਗੇ ਗਏ ਸਨ, ਪਰ ਨਿਰਧਾਰਤ ਸਮੇਂ ਦੇ ਅੰਦਰ ਕੋਈ ਜਵਾਬ ਨਹੀਂ ਮਿਲਿਆ।

ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਬਿਨਾਂ ਸਬੂਤਾਂ ਦੇ ਜਨਤਕ ਦੋਸ਼ ਲਗਾਉਣ ਨਾਲ ਸ਼੍ਰੋਮਣੀ ਕਮੇਟੀ ਅਤੇ ਸ੍ਰੀ ਹਰਿਮੰਦਰ ਸਾਹਿਬ ਦੀ ਛਵੀ ਖਰਾਬ ਹੁੰਦੀ ਹੈ। ਕਮੇਟੀ ਨੇ ਮਰਿਆਦਾ ਅਤੇ ਅਨੁਸ਼ਾਸਨ ਬਣਾਈ ਰੱਖਣ ਲਈ ਇਹ ਸਖ਼ਤ ਕਦਮ ਚੁੱਕਿਆ ਹੈ।

ਇਹ ਵਿਵਾਦ 18 ਫਰਵਰੀ, 2026 ਨੂੰ ਜਲੰਧਰ ‘ਚ ਗਿਆਨੀ ਰਘਬੀਰ ਸਿੰਘ ਦੁਆਰਾ ਕੀਤੀ ਗਈ ਪ੍ਰੈਸ ਕਾਨਫਰੰਸ ਨਾਲ ਸ਼ੁਰੂ ਹੋਇਆ ਸੀ। ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਦੇ ਕੰਮਕਾਜ ਨਾਲ ਸਬੰਧਤ ਕੁਝ ਮੁੱਦਿਆਂ ‘ਤੇ ਸਵਾਲ ਉਠਾਏ ਸਨ, ਜਿਨ੍ਹਾਂ ‘ਚ ਕਥਿਤ ਬੇਨਿਯਮੀਆਂ ਅਤੇ ਧਾਰਮਿਕ ਸਰੂਪਾਂ ਨਾਲ ਸਬੰਧਤ ਪ੍ਰਬੰਧਕੀ ਮਾਮਲੇ ਸ਼ਾਮਲ ਸਨ।

ਸ਼੍ਰੋਮਣੀ ਕਮੇਟੀ ਦੇ ਫੈਸਲੇ ‘ਤੇ ਗਿਆਨੀ ਰਘਬੀਰ ਸਿੰਘ ਦਾ ਬਿਆਨ ਸਾਹਮਣੇ ਆਇਆ ਹੈ, ਉਨ੍ਹਾਂ ਕਿਹਾ ਕਿ ਮੈਂ ਸ਼੍ਰੋਮਣੀ ਕਮੇਟੀ ਦੇ ਫੈਸਲਾ ਦਾ ਸਵਾਗਤ ਕਰਦਾ ਹਾਂ, ਮੈਂ ਇਸ ਫੈਸਲੇ ਲਈ ਪਹਿਲਾਂ ਹੀ ਤਿਆਰ ਸੀ | ਉਨ੍ਹਾਂ ਕਿਹਾ ਕਿ ਇਹ ਸਭ ਕੁਝ 2 ਦਸੰਬਰ ਵਾਲੇ ਫੈਸਲੇ ਕਾਰਨ ਹੋਇਆ ਅਤੇ ਕਿੜ ਕੱਢਣ ਲਈ ਸੇਵੇਵਾਂ ਖਤਮ ਕੀਤੀਆਂ ਹਨ |

Read More: SGPC ਦੇ 72 ਘੰਟੇ ਵਾਲੇ ਨੋਟਿਸ ‘ਤੇ ਗਿਆਨੀ ਰਘਬੀਰ ਸਿੰਘ ਨੇ ਦਿੱਤੀ ਸਖ਼ਤ ਪ੍ਰਤੀਕਿਰਿਆ

ਵਿਦੇਸ਼

Scroll to Top