ਚੰਡੀਗੜ੍ਹ 27 ਫਰਵਰੀ, 2026: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਪ੍ਰੈਸ ਕਾਨਫਰੰਸ ‘ਚ ਕਿਹਾ ਕਿ “ਸੱਚ ਵਿੱਚ ਦੇਰੀ ਹੋ ਸਕਦੀ ਹੈ, ਪਰ ਇਸਨੂੰ ਕਦੇ ਵੀ ਹਰਾਇਆ ਨਹੀਂ ਜਾ ਸਕਦਾ।” ਉਨ੍ਹਾਂ ਦਾਅਵਾ ਕੀਤਾ ਕਿ ਕਥਿਤ ਸ਼ਰਾਬ ਘਪਲੇ ਦੇ ਮਾਮਲੇ ‘ਚ ‘ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ, ਸੀਨੀਅਰ ਆਗੂ ਮਨੀਸ਼ ਸਿਸੋਦੀਆ ਅਤੇ ਪਾਰਟੀ ਦੇ ਹੋਰ ਸਾਥੀਆਂ ਦਾ ਬਰੀ ਹੋਣਾ ਸਿਰਫ਼ ‘ਆਪ’ ਦੀ ਜਿੱਤ ਨਹੀਂ ਹੈ, ਸਗੋਂ ਸੱਚਾਈ ਅਤੇ ਨਿਆਂ ਦੀ ਜਿੱਤ ਹੈ। ਉਨ੍ਹਾਂ ਦੇ ਨਾਲ ‘ਆਪ’ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਹਰਦੀਪ ਸਿੰਘ ਮੁੰਡੀਆਂ ਵੀ ਸਨ।
ਅਮਨ ਅਰੋੜਾ ਨੇ ਕਿਹਾ ਕਿ ਇਨਸਾਫ਼ ‘ਚ ਦੇਰੀ ਹੋ ਸਕਦੀ ਹੈ, ਪਰ ਤੁਸੀਂ ਸੱਚਾਈ ਨੂੰ ਦਬਾ ਨਹੀਂ ਸਕਦੇ। ਅਦਾਲਤ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਆਪਣੀਆਂ ਏਜੰਸੀਆਂ ਰਾਹੀਂ ਘੜੇ ਗਏ ਝੂਠ ਦਾ ਪਰਦਾਫਾਸ਼ ਕੀਤਾ ਹੈ।
ਉਨ੍ਹਾਂ ਕਿਹਾ ਕਿ ਵਿਸ਼ੇਸ਼ ਅਦਾਲਤ ਨੇ ਅਰਵਿੰਦ ਕੇਜਰੀਵਾਲ ਨੂੰ ਰਾਜਨੀਤਿਕ ਤੌਰ ‘ਤੇ ਤਬਾਹ ਕਰਨ ਦੀ ਭਾਜਪਾ ਦੀ ਬੇਬੁਨਿਆਦ ਅਤੇ ਮਨਘੜਤ ਸਾਜ਼ਿਸ਼ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਹੈ। ਅਮਨ ਅਰੋੜਾ ਨੇ ਕਿਹਾ ਕਿ ਇੱਕ ਮੌਜੂਦਾ ਮੁੱਖ ਮੰਤਰੀ ਨੂੰ ਉਨ੍ਹਾਂ ਦੇ ਘਰੋਂ ਚੁੱਕ ਕੇ ਲਗਭਗ ਛੇ ਮਹੀਨੇ ਕੈਦ ਕੀਤਾ ਗਿਆ ਸੀ। ਮਨੀਸ਼ ਸਿਸੋਦੀਆ ਨੂੰ ਲਗਭੱਗ ਦੋ ਸਾਲ ਜੇਲ੍ਹ ‘ਚ ਰੱਖਿਆ ਗਿਆ। ਇਹ ਸਭ ਕੁਝ ਸਿਰਫ਼ ਉਨ੍ਹਾਂ ਨੂੰ ਬਦਨਾਮ ਕਰਨ, ਉਨ੍ਹਾਂ ਦੀ ਰਾਜਨੀਤਿਕ ਹੋਂਦ ਨੂੰ ਤਬਾਹ ਕਰਨ ਅਤੇ ਉਨ੍ਹਾਂ ਦੀ ਵਧਦੀ ਲੋਕਪ੍ਰਿਅਤਾ ਨੂੰ ਤਬਾਹ ਕਰਨ ਲਈ ਕੀਤਾ ਗਿਆ ਸੀ।
ਅਮਨ ਅਰੋੜਾ ਨੇ ਕਿਹਾ ਕਿ ਅਦਾਲਤ ਨੇ ਨਾ ਸਿਰਫ਼ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਅਤੇ ਹੋਰਾਂ ਨੂੰ ਸਨਮਾਨ ਨਾਲ ਬਰੀ ਕਰ ਦਿੱਤਾ, ਸਗੋਂ ਜਾਂਚ ਏਜੰਸੀਆਂ ਬਾਰੇ ਸਖ਼ਤ ਟਿੱਪਣੀਆਂ ਵੀ ਕੀਤੀਆਂ। ਉਨ੍ਹਾਂ ਕਿਹਾ ਕਿ ਅਦਾਲਤ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਕੋਈ ਪ੍ਰਾਈਮਾ ਫੇਸੀ (ਮੁੱਢਲਾ) ਕੇਸ ਨਹੀਂ ਬਣਦਾ। ਸੀਬੀਆਈ ਨੇ ਇੱਕ ਸਾਜ਼ਿਸ਼ ਘੜਨ ਦੀ ਕੋਸ਼ਿਸ਼ ਕੀਤੀ, ਪਰ ਇਸ ‘ਚ ਬਿਲਕੁਲ ਵੀ ਸੱਚਾਈ ਨਹੀਂ ਸੀ।
ਉਨ੍ਹਾਂ ਕਿਹਾ ਕਿ ਅਦਾਲਤ ਨੇ ਇਹ ਵੀ ਸੰਕੇਤ ਦਿੱਤਾ ਕਿ ਇਸ ਸਾਜ਼ਿਸ਼ ਨੂੰ ਰਚਣ ਵਾਲੇ ਅਧਿਕਾਰੀਆਂ ਵਿਰੁੱਧ ਵਿਭਾਗੀ ਜਾਂਚ ਸ਼ੁਰੂ ਕੀਤੀ ਜਾਣੀ ਚਾਹੀਦੀ ਹੈ। ਇਹ ਦੱਸਦੇ ਹੋਏ ਕਿ ਅਜਿਹਾ ਪਹਿਲਾਂ ਕਦੇ ਨਹੀਂ ਹੋਇਆ, ਅਮਨ ਅਰੋੜਾ ਨੇ ਕਿਹਾ ਕਿ ਦੇਸ਼ ‘ਚ ਪਹਿਲੀ ਵਾਰ ਅਰਵਿੰਦ ਕੇਜਰੀਵਾਲ ਵਰਗੇ ਮੌਜੂਦਾ ਮੁੱਖ ਮੰਤਰੀ ਨੂੰ ਸਿਰਫ਼ ਇਸ ਲਈ ਨਿਸ਼ਾਨਾ ਬਣਾਇਆ ਗਿਆ ਕਿਉਂਕਿ ਭਾਜਪਾ ਉਨ੍ਹਾਂ ਦੀ ਇਮਾਨਦਾਰੀ ਅਤੇ ਪ੍ਰਸਿੱਧੀ ਤੋਂ ਡਰਦੀ ਸੀ। ਉਨ੍ਹਾਂ ਨੂੰ ਸਿਆਸੀ ਤੌਰ ‘ਤੇ ਤਬਾਹ ਕਰਨ ਲਈ ਝੂਠੇ ਮਾਮਲੇ ‘ਚ ਫਸਾਇਆ ਗਿਆ।
ਅਮਨ ਅਰੋੜਾ ਨੇ ਸਿੱਧੇ ਤੌਰ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ‘ਤੇ ਨਿਸ਼ਾਨਾ ਸਾਧਿਆ ਅਤੇ ਜਨਤਕ ਮੁਆਫ਼ੀ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਇਸ ਦੇਸ਼ ਦੇ ਲੋਕਾਂ ਦੇ ਕਰਜ਼ਦਾਰ ਹਨ। ਉਨ੍ਹਾਂ ਨੂੰ ਅਰਵਿੰਦ ਕੇਜਰੀਵਾਲ ਦੇ ਰਾਜਨੀਤਿਕ ਕਰੀਅਰ ਨੂੰ ਤਬਾਹ ਕਰਨ ਦੀ ਇਸ ਸਾਜ਼ਿਸ਼ ਲਈ ਮੁਆਫ਼ੀ ਮੰਗਣੀ ਚਾਹੀਦੀ ਹੈ।
ਅਮਨ ਅਰੋੜਾ ਨੇ ਦੁਹਰਾਇਆ ਕਿ ਭਾਜਪਾ ਨੂੰ ਕੇਂਦਰੀ ਏਜੰਸੀਆਂ ਦੀ ਰਾਜਨੀਤਿਕ ਬਦਲਾਖੋਰੀ ਲਈ ਦੁਰਵਰਤੋਂ ਕਰਨ ਅਤੇ ਦੇਸ਼ ‘ਚ ਸਿੱਖਿਆ ਕ੍ਰਾਂਤੀ ਲਿਆਉਣ ਵਾਲੇ ਆਗੂਆਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰਨ ਲਈ ਦੇਸ਼ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ।
‘ਆਪ’ ਪੰਜਾਬ ਪ੍ਰਧਾਨ ਨੇ ਆਪਣਾ ਭਾਸ਼ਣ ਕੇਂਦਰ ਸਰਕਾਰ ਨੂੰ ਬਦਲੇ ਦੀ ਰਾਜਨੀਤੀ ਦੀ ਬਜਾਏ ਸ਼ਾਸਨ ਅਤੇ ਵਿਕਾਸ ‘ਤੇ ਧਿਆਨ ਕੇਂਦਰਿਤ ਕਰਨ ਦੀ ਅਪੀਲ ਕਰਦੇ ਹੋਏ ਸਮਾਪਤ ਕੀਤਾ। ਉਨ੍ਹਾਂ ਕਿਹਾ ਕਿ ਝੂਠੇ ਮਾਮਲਿਆਂ ਰਾਹੀਂ ਰਾਜਨੀਤਿਕ ਵਿਰੋਧੀਆਂ ਨੂੰ ਖਤਮ ਕਰਨ ਦੀ ਕੋਸ਼ਿਸ਼ ਕਰਨ ਦੀ ਬਜਾਏ, ਭਾਜਪਾ ਨੂੰ ਦੇਸ਼ ਦੇ ਵਿਕਾਸ ਲਈ ਕੰਮ ਕਰਨਾ ਚਾਹੀਦਾ ਹੈ ਅਤੇ ਆਮ ਲੋਕਾਂ ਦੇ ਅਸਲ ਮੁੱਦਿਆਂ ਨੂੰ ਹੱਲ ਕਰਨਾ ਚਾਹੀਦਾ ਹੈ।
Read More: ਭਾਜਪਾ ਨੇ 100 ਕਰੋੜ ਦੇ ਘਪਲੇ ਦਾ ਦੋਸ਼ ਲਗਾਇਆ, ਪਰ ਇੱਕ ਚਵੰਨੀ ਵੀ ਨਹੀਂ ਮਿਲੀ: ਹਰਜੋਤ ਸਿੰਘ ਬੈਂਸ




