ਸ੍ਰੀ ਅਨੰਦਪੁਰ ਸਾਹਿਬ, 02 ਮਾਰਚ 2026: ਤਿੰਨ ਦਿਨਾਂ ਹੋਲਾ ਮਹੱਲਾ ਅੱਜ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼ੁਰੂ ਹੋ ਰਿਹਾ ਹੈ। ਇਸ ਤੋਂ ਪਹਿਲਾਂ, 27 ਮਾਰਚ ਤੋਂ 1 ਮਾਰਚ ਤੱਕ ਸ੍ਰੀ ਕੀਰਤਪੁਰ ਸਾਹਿਬ ਵਿਖੇ ਹੋਲਾ ਮਹੱਲਾ ਬਹੁਤ ਧੂਮਧਾਮ ਨਾਲ ਮਨਾਇਆ ਗਿਆ। ਅੱਜ, ਹੋਲਾ ਮਹੱਲੇ ਦੇ ਪਹਿਲੇ ਦਿਨ, ਖਾਲਸਾ ਪੰਥ ਦੇ ਜਨਮ ਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦਾ ਪਹਿਲਾ ਪਾਠ ਹੋਵੇਗਾ, ਜਿਸ ਦਾ ਭੋਗ ਬੁੱਧਵਾਰ 4 ਮਾਰਚ ਨੂੰ ਪਵੇਗਾ।
ਪੰਥ ਦੀ ਸਭ ਤੋਂ ਵੱਡੀ ਸੰਸਥਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹੋਲਾ ਮਹੱਲੇ ਦੀਆਂ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਹਨ। ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੇ ਵੀ ਜਸ਼ਨ ਲਈ ਵਿਆਪਕ ਪ੍ਰਬੰਧ ਕਰਨ ਕੀਤੇ ਹਨ |
ਸ੍ਰੀ ਅਨੰਦਪੁਰ ਸਾਹਿਬ ਦੇ ਡੀਐਸਪੀ ਜਸ਼ਨਦੀਪ ਸਿੰਘ ਨੇ ਕਿਹਾ ਕਿ ਤਿਉਹਾਰ ਖੇਤਰ ਦੇ ਅੰਦਰ ਸ਼ਰਧਾਲੂਆਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤਾਂ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ ਅਤੇ ਗਲਤ ਕੰਮਾਂ ‘ਚ ਸ਼ਾਮਲ ਲੋਕਾਂ ‘ਤੇ ਨਿਗਰਾਨੀ ਰੱਖੀ ਜਾਵੇਗੀ। ਭਾਰਤ ਅਤੇ ਵਿਦੇਸ਼ਾਂ ਤੋਂ ਆਉਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਤਿਉਹਾਰ ਖੇਤਰ ‘ਚ ਲਗਭਗ 5,000 ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ ਹਨ, ਅਤੇ ਹਰੇਕ ਵਿਅਕਤੀ ‘ਤੇ ਨੇੜਿਓਂ ਨਜ਼ਰ ਰੱਖਣ ਲਈ ਸੈਂਕੜੇ ਸੀਸੀਟੀਵੀ ਕੈਮਰੇ ਲਗਾਏ ਗਏ ਹਨ।
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਮਲਕੀਤ ਸਿੰਘ ਅਤੇ ਵਧੀਕ ਮੈਨੇਜਰ ਐਡਵੋਕੇਟ ਹਰਦੇਵ ਸਿੰਘ ਨੇ ਦੱਸਿਆ ਕਿ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲਾ ਮੁਹੱਲਾ ਮਨਾਉਣ ਲਈ ਭਾਰਤ-ਵਿਦੇਸ਼ ਤੋਂ ਆਉਣ ਵਾਲੇ ਲੱਖਾਂ ਸ਼ਰਧਾਲੂਆਂ ਦੀ ਸਹੂਲਤ ਲਈ ਰਿਹਾਇਸ਼, ਜੋੜਾ ਘਰ ਸਮੇਤ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਰ ਸੰਭਵ ਕੋਸ਼ਿਸ਼ ਕਰੇਗੀ ਕਿ ਸ਼ਰਧਾਲੂਆਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤਾਂ ਦਾ ਸਾਹਮਣਾ ਨਾ ਕਰਨਾ ਪਵੇ।
ਉਨ੍ਹਾਂ ਕਿਹਾ ਕਿ ਮੌਸਮ ਚੰਗਾ ਹੋਣ ਕਾਰਨ ਪਿਛਲੇ ਸਾਲਾਂ ਦੇ ਮੁਕਾਬਲੇ ਇਸ ਵਾਰ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਧੇਰੇ ਸ਼ਰਧਾਲੂਆਂ ਦੇ ਪਹੁੰਚਣ ਦੀ ਉਮੀਦ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਕਮੇਟੀ ਦੇ ਮੈਂਬਰ ਅਤੇ ਹਿਮਾਚਲ ਪ੍ਰਦੇਸ਼ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਜਥੇਦਾਰ ਦਲਜੀਤ ਸਿੰਘ ਭਿੰਡਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਅਤੇ ਸ੍ਰੀ ਅਨੰਦਪੁਰ ਸਾਹਿਬ ਹਲਕੇ ਤੋਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ ਚਾਵਲਾ ਨੇ ਕਿਹਾ ਕਿ ਹੋਲਾ ਮੁਹੱਲੇ ਦੌਰਾਨ ਤਿੰਨੋਂ ਦਿਨ ਤਖ਼ਤ ਸਾਹਿਬ ਦੀ ਉਪਰਲੀ ਮੰਜ਼ਿਲ ‘ਤੇ ਅੰਮ੍ਰਿਤ ਬਾਟਾ ਤਿਆਰ ਕੀਤਾ ਜਾਵੇਗਾ। ਮੇਲੇ ਦੇ ਤਿੰਨੋਂ ਦਿਨ ਤਖ਼ਤ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ ਜਾਣਗੇ, ਜਿਸ ‘ਚ ਸਿਰਮੌਰ ਰਾਗੀ, ਢਾਡੀ ਜਥੇ ਅਤੇ ਕਥਾਵਾਚਕ ਗੁਰਬਾਣੀ ਕੀਰਤਨ ਨਾਲ ਸੰਗਤ ਨੂੰ ਨਿਹਾਲ ਕਰਨਗੇ।
Read More: ਪੰਜਾਬ ਪੁਲਿਸ ਨੇ ਸੂਬੇ ਦੀਆਂ 548 ਥਾਵਾਂ ‘ਤੇ ਕੀਤੀ ਛਾਪੇਮਾਰੀ, 224 ਜਣੇ ਗ੍ਰਿਫ਼ਤਾਰ




