ਚੰਡੀਗੜ੍ਹ, 02 ਮਾਰਚ, 2026: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਈਰਾਨ-ਇਜ਼ਰਾਈਲ ਟਕਰਾਅ ਦੌਰਾਨ ਦੁਬਈ ਹਵਾਈ ਅੱਡੇ ਅਤੇ ਵੱਖ-ਵੱਖ ਅਰਬ ਦੇਸ਼ਾਂ ‘ਚ ਫਸੇ ਭਾਰਤੀ ਨਾਗਰਿਕਾਂ ਦੀ ਸੁਰੱਖਿਅਤ ਵਾਪਸੀ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਤੁਰੰਤ ਦਖਲ ਦੀ ਮੰਗ ਕੀਤੀ ਹੈ।
ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮੌਜੂਦਾ ਹਾਲਾਤਾਂ ਕਾਰਨ ਬਹੁਤ ਸਾਰੇ ਭਾਰਤੀ ਨਾਗਰਿਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨ ਦੀਆਂ ਰਿਪੋਰਟਾਂ ‘ਤੇ ਗੰਭੀਰ ਚਿੰਤਾ ਪ੍ਰਗਟ ਕਰਦੇ ਹੋਏ ਕਿਹਾ ਕਿ ਭਾਰਤ ਸਰਕਾਰ ਨੂੰ ਉਨ੍ਹਾਂ ਦੀ ਸੁਰੱਖਿਅਤ ਅਤੇ ਸਨਮਾਨਜਨਕ ਵਾਪਸੀ ਨੂੰ ਯਕੀਨੀ ਬਣਾਉਣ ਲਈ ਇਸ ਮੁੱਦੇ ਨੂੰ ਸਭ ਤੋਂ ਵੱਧ ਤਰਜੀਹ ਦੇਣੀ ਚਾਹੀਦੀ ਹੈ।
ਇਸ ਮਾਮਲੇ ‘ਚ ਪ੍ਰਧਾਨ ਮੰਤਰੀ ਦੇ ਨਿੱਜੀ ਦਖਲ ਦੀ ਮੰਗ ਕਰਦੇ ਹੋਏ ਕੁਲਤਾਰ ਸਿੰਘ ਸੰਧਵਾਂ ਨੇ ਉਨ੍ਹਾਂ ਨੂੰ ਸਬੰਧਤ ਮੰਤਰਾਲਿਆਂ ਅਤੇ ਅਧਿਕਾਰੀਆਂ ਨੂੰ ਪ੍ਰਭਾਵਿਤ ਨਾਗਰਿਕਾਂ ਨੂੰ ਸੁਰੱਖਿਅਤ ਕੱਢਣ ਲਈ ਵਿਸ਼ੇਸ਼ ਉਡਾਣਾਂ ਦਾ ਪ੍ਰਬੰਧ ਕਰਨ ਸਮੇਤ ਜ਼ਰੂਰੀ ਕੂਟਨੀਤਕ ਅਤੇ ਪ੍ਰਸ਼ਾਸਕੀ ਕਦਮ ਚੁੱਕਣ ਲਈ ਤੁਰੰਤ ਨਿਰਦੇਸ਼ ਜਾਰੀ ਕਰਨ ਦੀ ਅਪੀਲ ਕੀਤੀ।
ਉਨ੍ਹਾਂ ਕਿਹਾ ਕਿ ਅਜਿਹੀਆਂ ਅੰਤਰਰਾਸ਼ਟਰੀ ਸੰਕਟ ਸਥਿਤੀਆਂ ਦੌਰਾਨ ਤੁਰੰਤ ਕਾਰਵਾਈ ਜ਼ਰੂਰੀ ਹੈ, ਤਾਂ ਜੋ ਕੋਈ ਵੀ ਭਾਰਤੀ ਨਾਗਰਿਕ ਸਹਾਇਤਾ ਤੋਂ ਵਾਂਝਾ ਨਾ ਰਹੇ। ਉਨ੍ਹਾਂ ਨੇ ਕਿਹਾ ਕਿ ਵਿਦੇਸ਼ਾਂ ‘ਚ ਹਰੇਕ ਭਾਰਤੀ ਨਾਗਰਿਕ ਦੀ ਸੁਰੱਖਿਆ ਅਤੇ ਸਨਮਾਨ ਨੂੰ ਯਕੀਨੀ ਬਣਾਉਣਾ ਕੇਂਦਰ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਹੈ।
Read More: ਚੰਡੀਗੜ੍ਹ ਦੇ ਪਾਸਪੋਰਟ ਦਫਤਰ ਤੇ ਬੱਸ ਸਟੈਂਡ ਨੂੰ ਬੰ.ਬ ਨਾਲ ਉਡਾਉਣ ਦੀ ਮਿਲੀ ਧਮਕੀ




