Punjab latest news

ਲੋਕ ਨਿਰਮਾਣ ਵਿਭਾਗ ਨੇ ਬੀਤੇ 4 ਸਾਲਾਂ ‘ਚ 1464 ਕਰੋੜ ਰੁਪਏ ਦੀ ਕੀਤੀ ਬੱਚਤ: ਹਰਭਜਨ ਸਿੰਘ ਈਟੀਓ

ਚੰਡੀਗੜ੍ਹ, 05 ਮਾਰਚ 2026: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਪੰਜਾਬ ਸਰਕਾਰ ਦੇ ਲੋਕ ਨਿਰਮਾਣ ਵਿਭਾਗ ਨੇ ਟੈਡਰਿੰਗ ਪ੍ਰਣਾਲੀ ਰਾਹੀਂ 1464 ਕਰੋੜ ਰੁਪਏ ਦੀ ਬੀਤੇ 4 ਸਾਲ ‘ਚ ਬਚਤ ਕੀਤੀ ਹੈ। ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਵਿਭਾਗ ਵੱਲੋਂ ਟੈਂਡਰ ਪ੍ਰਕਿਰਿਆ ਸ਼ੁਰੂ ਕਰਨ ਤੋਂ ਪਹਿਲਾਂ ਦੀ ਪ੍ਰਕਿਰਿਆ ਨੂੰ ਹੋਰ ਜ਼ਿਆਦਾ ਵਿਗਿਆਨਕ ਅਤੇ ਤਰਕਸੰਗਤ ਬਣਾਉਣ ਸਦਕਾ ਇਹ ਬਚਤ ਸੰਭਵ ਹੋਈ ਹੈ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ 30 ਜੂਨ, 2026 ਤੱਕ ਸੂਬੇ ਦੀਆਂ 45,000 ਕਿਲੋਮੀਟਰ ਸੜਕਾਂ ਦਾ ਨਿਰਮਾਣ ਦਾ ਟੀਚਾ ਮਿੱਥਿਆ ਹੈ। ਇਸ ‘ਚ 4700 ਕਿਲੋਮੀਟਰ ਨਵੀਆਂ ਸੜਕਾਂ ਦੇ ਨਿਰਮਾਣ ਦੇ ਨਾਲ-ਨਾਲ ਪੁਰਾਣੀਆਂ ਸੜਕਾਂ ਦੇ ਰੱਖ-ਰਖਾਅ ਅਤੇ ਚੌੜਾਕਰਨ ਦਾ ਕੰਮ ਵੀ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਇਸ ਕੰਮ ‘ਤੇ 16209 ਕਰੋੜ ਰੁਪਏ ਖਰਚ ਆਉਣਗੇ।

ਲੋਕ ਨਿਰਮਾਣ ਮੰਤਰੀ ਨੇ ਦੱਸਿਆ ਕਿ ਨਿਰਮਾਣ ਕਾਰਜਾਂ ‘ਚ ਗੁਣਵਤਾ ਨੂੰ ਯਕੀਨੀ ਬਣਾਉਣ ਲਈ ਸੀ.ਐਮ. ਫਲਾਇੰਗ ਸੂਕਐਡ ਵੱਲੋਂ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਸੜਕਾਂ ਦੇ ਨਿਰਮਾਣ ਅਤੇ ਮੁਰੰਮਤ ਦੇ ਕਾਰਜ ਦਾ ਜਾਇਜਾ ਲੈਣ ਲਈ ਰੋਜ਼ਾਨਾ ਜ਼ਿਲ੍ਹਾਵਾਰ/ ਸਰਕਲ ਵਾਈਜ਼ ਸਮੀਖਿਆ ਬੈਠਕਾਂ ਕੀਤੀਆਂ ਜਾ ਰਹੀਆਂ ਹਨ।

ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਪੰਜਾਬ ਰਾਜ ‘ਚ ਸੜਕ ਘਣਤਾ 154 ਕਿਲੋਮੀਟਰ/100 ਸਕੁਆਇਰ ਕਿਲੋਮੀਟਰ ਹੈ। ਉਨ੍ਹਾਂ ਕਿਹਾ ਕਿ ਬੇਸ਼ਕ ਕੇਂਦਰ ਸਰਕਾਰ ਵੱਲੋਂ ਪੰਜਾਬ ਰਾਜ ਦਾ ਆਰ.ਡੀ.ਐਫ. ਦਾ 8800 ਕਰੋੜ ਰੁਪਏ ਲੰਬੇ ਸਮੇਂ ਤੋਂ ਅਦਾ ਨਹੀਂ ਕੀਤਾ, ਪਰ ਫਿਰ ਵੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬਿਹਤਰੀਨ ਸੜਕੀ ਨੈਟਵਰਕ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿਕਾਸ ‘ਚ ਸੜਕੀ ਮਾਰਗ ਧੁਰੇ ਵਜੋਂ ਕੰਮ ਕਰਦੀਆਂ ਹਨ।

ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਹੁਣ ਜਿਹੜੀ ਵੀ ਸੜਕ ਦਾ ਨਿਰਮਾਣ ਹੋ ਰਿਹਾ ਹੈ, ਉਸ ਦਾ ਅਗਲੇ ਪੰਜ ਸਾਲ ਦੀ ਰੱਖ-ਰਖਾਵ ਅਤੇ ਮੁਰੰਮਤ ਦੀ ਜ਼ਿੰਮੇਵਾਰੀ ਸੜਕ ਨਿਰਮਾਣ ਕਰਨ ਵਾਲੇ ਠੇਕੇਦਾਰ ਦੀ ਹੀ ਹੋਵੇਗੀ, ਜਿਸ ਨਾਲ ਸੂਬਾ ਸਰਕਾਰ ‘ਤੇ ਰੱਖ-ਰਖਾਵ ਅਤੇ ਮੁਰੰਮਤ ਦਾ ਜਿੱਥੇ ਵਾਧੂ ਵਿੱਤੀ ਬੋਝ ਨਹੀਂ ਪਵੇਗਾ, ਉੱਥੇ ਨਾਲ ਹੀ ਲੋਕਾਂ ਨੂੰ ਟੁੱਟੀਆਂ-ਫੁੱਟੀਆਂ ਸੜਕਾਂ ਤੋਂ ਵੀ ਨਿਜਾਤ ਮਿਲੇਗੀ।

Read More: ਕੁਲਤਾਰ ਸਿੰਘ ਸੰਧਵਾਂ ਨੇ ਟੈਕਸਲਾ ਟੈਲੀਵਿਜ਼ਨ ਦੇ ਸੰਸਥਾਪਕ ਰਾਜਾ ਸਿੰਘ ਓਬਰਾਏ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ

ਵਿਦੇਸ਼

Scroll to Top